ਬਰਨਾਲਾ, 28 ਮਾਰਚ,ਬੋਲੇ ਪੰਜਾਬ ਬਿਊਰੋ :
ਅੱਜ ਤੜਕੇ ਬਰਨਾਲਾ-ਮਾਨਸਾ ਰੋਡ ’ਤੇ ਇੱਕ ਹੈਰਾਨੀਜਨਕ ਘਟਨਾ ਵਾਪਰੀ ਜਦੋਂ ਦੋ ਨਸ਼ਾ ਤਸਕਰ ਇੱਕ ਕਾਲੀ ਗੱਡੀ ਵਿੱਚ ਸਵਾਰ ਹੋ ਕੇ ਬਰਨਾਲਾ ਵੱਲ ਆ ਰਹੇ ਸਨ। ਪੁਲਿਸ ਨੇ ਜਦੋਂ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਤਸਕਰਾਂ ਨੇ ਪੁਲਿਸ ਪਾਰਟੀ ’ਤੇ ਗੋਲੀਆਂ ਚਲਾ ਦਿੱਤੀਆਂ।
ਪੁਲਿਸ ਵੱਲੋਂ ਜਵਾਬੀ ਕਾਰਵਾਈ ਵਿੱਚ ਇੱਕ ਤਸਕਰ ਗੋਲੀਆਂ ਨਾਲ ਜ਼ਖ਼ਮੀ ਹੋ ਗਿਆ, ਜਿਸ ਨੂੰ ਤੁਰੰਤ ਹੀ ਸਿਵਲ ਹਸਪਤਾਲ ਬਰਨਾਲਾ ਵਿਖੇ ਭਰਤੀ ਕਰਵਾਇਆ ਗਿਆ। ਦੂਜੇ ਤਸਕਰ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ।
ਗ੍ਰਿਫ਼ਤਾਰ ਨਸ਼ਾ ਤਸਕਰਾਂ ਦੀ ਪਛਾਣ ਕੇਵਲ ਸਿੰਘ ਅਤੇ ਵੀਰਭੱਦਰ ਉਰਫ਼ ਕਾਲੂ ਵਜੋਂ ਹੋਈ ਹੈ। ਦੱਸਣਯੋਗ ਹੈ ਕਿ ਕਾਲੂ ਖ਼ਿਲਾਫ਼ ਪਹਿਲਾਂ ਵੀ ਐਨਡੀਪੀਐਸ ਐਕਟ ਅਧੀਨ ਮਾਮਲੇ ਦਰਜ ਹਨ।
ਤਲਾਸ਼ੀ ਦੌਰਾਨ ਗੱਡੀ ਵਿੱਚੋਂ ਨਸ਼ੀਲੇ ਕੈਪਸੂਲਾਂ ਨਾਲ ਭਰਿਆ ਹੋਇਆ ਬੈਗ ਅਤੇ ਹੋਰ ਮਸ਼ੇ ਮਿਲੇ ਹਨ। ਪੁਲਿਸ ਹੁਣ ਪੂਰੇ ਮਾਮਲੇ ਦੀ ਤਫ਼ਤੀਸ਼ ਕਰ ਰਹੀ ਹੈ, ਅਤੇ ਉਮੀਦ ਜਤਾਈ ਜਾ ਰਹੀ ਹੈ ਕਿ ਇਸ ਮਾਮਲੇ ਨਾਲ ਹੋਰ ਵੱਡੇ ਖੁਲਾਸੇ ਹੋ ਸਕਦੇ ਹਨ।
