ਚੰਡੀਗੜ੍ਹ, 30 ਮਾਰਚ, ਬੋਲੇ ਪੰਜਾਬ ਬਿਊਰੋ :
ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨਾਲ ਮੁਲਾਕਾਤ ਕੀਤੀ, ਉਨ੍ਹਾਂ ਦਾ ਹਾਲ-ਚਾਲ ਪੁੱਛਿਆ ਅਤੇ ਉਨ੍ਹਾਂ ਦੀ ਸਿਹਤ ਵਿੱਚ ਜਲਦੀ ਸੁਧਾਰ ਦੀ ਕਾਮਨਾ ਕੀਤੀ।
ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ’ਤੇ ਬਾਜਵਾ ਨੇ ਸਰਕਾਰ ’ਤੇ ਤਿੱਖੇ ਸ਼ਬਦਾਂ ਵਿੱਚ ਹਮਲਾ ਬੋਲਿਆ। ਉਨ੍ਹਾਂ ਲਿਖਿਆ, “124 ਦਿਨਾਂ ਦੀ ਭੁੱਖ ਹੜਤਾਲ ਅਤੇ 10 ਦਿਨਾਂ ਤੋਂ ਪਾਣੀ ਨਾ ਪੀਣ ਕਰਕੇ ਡੱਲੇਵਾਲ ਦੀ ਸਿਹਤ ਨਾਜੁਕ ਹੋ ਗਈ ਹੈ। ਪਰ ਸਰਕਾਰ ‘ਤੇ ਕੋਈ ਅਸਰ ਨਹੀਂ ਹੈ!”
ਬਾਜਵਾ ਨੇ ਮੁੱਖ ਮੰਤਰੀ ਭਗਵੰਤ ਮਾਨ ’ਤੇ ਗੰਭੀਰ ਦੋਸ਼ ਲਗਾਉਂਦੇ ਹੋਏ ਕਿਹਾ ਕਿ ਕਿਸਾਨਾਂ ਨਾਲ ਗੱਲਬਾਤ ਦੇ ਬਹਾਨੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਉਨ੍ਹਾਂ ਦਾਅਵਾ ਕੀਤਾ ਕਿ ਸ਼ੰਭੂ ਅਤੇ ਖਨੌਰੀ ਬਾਰਡਰ ’ਤੇ ਕਿਸਾਨਾਂ ਦੇ 150 ਟਰਾਲੀਆਂ ਅਤੇ ਹੋਰ ਕੀਮਤੀ ਸਮਾਨ “ਪੁਲਿਸ ਦੀ ਮਿਲੀਭੁਗਤ ਨਾਲ ਗਾਇਬ ਹੋ ਗਿਆ”।
ਬਾਜਵਾ ਨੇ ਮੁੱਖ ਮੰਤਰੀ ਨੂੰ ਸਿੱਧੀ ਚੁਣੌਤੀ ਦਿੰਦਿਆਂ ਕਿਹਾ, “ਕੀ ਭਗਵੰਤ ਮਾਨ ਇਸ ’ਤੇ ਆਜ਼ਾਦ ਅਤੇ ਨਿਰਪੱਖ ਜਾਂਚ ਕਰਵਾਉਣਗੇ ਜਾਂ ਫਿਰ ਕਿਸਾਨਾਂ ਨੂੰ ਧੋਖੇ ਵਿੱਚ ਰੱਖਣ ਦੀ ਰਾਜਨੀਤੀ ਜਾਰੀ ਰਹੇਗੀ?”
