ਮੰਤਰੀ ਦੀ ਕੋਠੀ ਦਾ ਘਿਰਾਓ ਕਰਨ ਆਏ, ਉਨ੍ਹਾਂ ਨੂੰ ਮੁੱਖ ਮੰਤਰੀ ਤੱਕ ਪਹੁੰਚਣ ਤੋਂ ਰੋਕਿਆ
ਅਮ੍ਰਿਤਸਰ 31 ਮਾਰਚ ,ਬੋਲੇ ਪੰਜਾਬ ਬਿਊਰੋ :
ਪੰਜਾਬ-ਹਰਿਆਣਾ ਦੇ ਸ਼ੰਭੂ ਅਤੇ ਖਨੌਰੀ ਸਰਹੱਦ ‘ਤੇ ਪਿਛਲੇ 13 ਮਹੀਨਿਆਂ ਤੋਂ ਪ੍ਰਦਰਸ਼ਨ ਕਰ ਰਹੇ ਕਿਸਾਨ ਮਜ਼ਦੂਰ ਮੋਰਚਾ (ਕੇ. ਐੱਮ. ਐੱਮ.) ਅਤੇ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸਮੇਤ ਕਈ ਕੈਬਨਿਟ ਮੰਤਰੀਆਂ ਅਤੇ ਵਿਧਾਇਕਾਂ ਦੇ ਘਰਾਂ ਦਾ ਘਿਰਾਓ ਕੀਤਾ। ਇਸ ਦੌਰਾਨ ਜਲੰਧਰ ‘ਚ ਮੰਤਰੀ ਮਹਿੰਦਰ ਭਗਤ ਦੇ ਘਰ ਦੇ ਬਾਹਰ ਕਿਸਾਨਾਂ ਅਤੇ ਪੁਲਸ ਵਿਚਾਲੇ ਝੜਪ ਹੋ ਗਈ।

ਪੁਲੀਸ ਨੇ ਕਿਸਾਨਾਂ ਨੂੰ ਮਹਿੰਦਰ ਭਗਤ ਦੇ ਘਰ ਵੱਲ ਵਧਣ ਤੋਂ ਰੋਕ ਦਿੱਤਾ ਸੀ। ਇਸ ਧਰਨੇ ਵਿੱਚ ਕਿਸਾਨਾਂ ਨੇ ਬੈਰੀਕੇਡ ਚੁੱਕ ਕੇ ਸੁੱਟ ਦਿੱਤੇ। ਕਿਸਾਨਾਂ ਦੇ ਨਾਲ ਔਰਤਾਂ ਵੀ ਸਨ, ਜਿਨ੍ਹਾਂ ਨੇ ਆਪਣੇ ਆਪ ਨੂੰ ਅੰਦਰ ਜਾਣ ਲਈ ਮਜਬੂਰ ਕੀਤਾ। ਹਾਲਾਂਕਿ ਮੌਕੇ ‘ਤੇ ਮੌਜੂਦ ਮਹਿਲਾ ਪੁਲਿਸ ਮੁਲਾਜ਼ਮਾਂ ਨੇ ਉਨ੍ਹਾਂ ਨੂੰ ਰੋਕ ਲਿਆ।

ਇਸ ਦੌਰਾਨ ਪੁਲਿਸ ਅਤੇ ਕਿਸਾਨਾਂ ਵਿਚਾਲੇ ਝੜਪ ਵੀ ਹੋਈ। ਇਸ ਦੇ ਨਾਲ ਹੀ ਸੀਐਮ ਭਗਵੰਤ ਮਾਨ ਦੀ ਕੋਠੀ ਦਾ ਘਿਰਾਓ ਕਰਨ ਜਾ ਰਹੇ ਕਿਸਾਨਾਂ ਨੂੰ ਅੱਧ ਵਿਚਕਾਰ ਹੀ ਰੋਕ ਲਿਆ ਗਿਆ ਹੈ। ਤੁਹਾਨੂੰ ਦੱਸ ਦੇਈਏ ਕਿ ਅੱਜ ਪੂਰੇ ਪੰਜਾਬ ਵਿੱਚ ਅਜਿਹੇ ਪ੍ਰਦਰਸ਼ਨ ਹੋ ਰਹੇ ਹਨ। ਇਹ ਐਲਾਨ ਐਤਵਾਰ ਨੂੰ ਕੇਐੱਮਐੱਮ ਦੇ ਕਨਵੀਨਰ ਸਰਵਣ ਸਿੰਘ ਪੰਧੇਰ ਨੇ ਕੀਤਾ।ਦੱਸ ਦਈਏ ਕਿ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਦੇ ਸੱਦੇ ‘ਤੇ ਅੱਜ ਪੰਜਾਬ ਭਰ ‘ਚ ਕਿਸਾਨ ਧਰਨੇ ਅਤੇ ਪ੍ਰਦਰਸ਼ਨ ਕਰ ਰਹੇ ਹਨ। ਇਹ ਪ੍ਰਦਰਸ਼ਨ ਦੁਪਹਿਰ 3 ਵਜੇ ਤੱਕ ਜਾਰੀ ਰਹਿਣਗੇ। ਸੂਬੇ ਦੇ 17 ਜ਼ਿਲ੍ਹਿਆਂ ਵਿੱਚ ਕਿਸਾਨਾਂ ਨੇ ਵਿਧਾਇਕਾਂ ਤੇ ਮੰਤਰੀਆਂ ਦੇ ਘਰਾਂ ਦਾ ਘਿਰਾਓ ਕੀਤਾ ਹੈ। ਇਨ੍ਹਾਂ ਵਿੱਚੋਂ ਬਹੁਤੀਆਂ ਥਾਵਾਂ ’ਤੇ ਨਾਅਰੇਬਾਜ਼ੀ ਅਤੇ ਭਾਸ਼ਣ ਸ਼ਾਂਤੀਪੂਰਵਕ ਚੱਲ ਰਹੇ ਹਨ।