ਕਿਹਾ- ਮੂਰਤੀ ਤੇ ਖਾਲਿਸਤਾਨ ਪੱਖੀ ਨਾਅਰੇ ਲਿਖਣਾ ‘ਤੇ ਗੰਦੀ ਭਾਸ਼ਾ ਦੀ ਵਰਤੋਂ ਕਰਨਾ ਬਹੁਤ ਨਿੰਦਣਯੋਗ ਹੈ
ਚੰਡੀਗੜ੍ਹ 31 ਮਾਰਚ ,ਬੋਲੇ ਪੰਜਾਬ ਬਿਊਰੋ :
ਪੰਜਾਬ ਭਾਜਪਾ ਦੇ ਉਪ ਪ੍ਰਧਾਨ ਡਾ. ਸੁਭਾਸ਼ ਸ਼ਰਮਾ ਨੇ ਅੱਜ ਫਿਲੌਰ ਵਿੱਚ ਸੰਵਿਧਾਨ ਨਿਰਮਾਤਾ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ‘ਤੇ ਖਾਲਿਸਤਾਨ ਪੱਖੀ ਨਾਅਰੇ ਲਿਖਣ ‘ਤੇ ਗੁੱਸਾ ਪ੍ਰਗਟ ਕਰਦਿਆਂ ਕਿਹਾ ਕਿ ਪੂਰੀ ਭਾਜਪਾ ਇਸ ਘਿਨਾਉਣੇ ਕੰਮ ਦੀ ਸਖ਼ਤ ਨਿੰਦਾ ਕਰਦੀ ਹੈ। ਉਨ੍ਹਾਂ ਕਿਹਾ ਕਿ ਬਾਬਾ ਸਾਹਿਬ ਦੇਸ਼ ਦੇ ਸੰਵਿਧਾਨ ਦੇ ਨਿਰਮਾਤਾ ਅਤੇ ਕਰੋੜਾਂ ਲੋਕਾਂ ਦੇ ਨਾਇਕ ਹਨ। ਭਾਰਤ ਵਿੱਚ ਸਮਾਨਤਾ ਅਤੇ ਸਦਭਾਵਨਾ ਵਾਲਾ ਸਮਾਜ ਬਣਾਉਣ ਵਿੱਚ ਉਨ੍ਹਾਂ ਦੀ ਬਹੁਤ ਵੱਡੀ ਭੂਮਿਕਾ ਹੈ। ਡਾ. ਸੁਭਾਸ਼ ਸ਼ਰਮਾ ਨੇ ਕਿਹਾ ਕਿ ਇੰਨੀ ਮਹਾਨ ਸ਼ਖਸੀਅਤ ਵਿਰੁੱਧ ਅਪਮਾਨਜਨਕ ਭਾਸ਼ਾ ਦੀ ਵਰਤੋਂ ਬਹੁਤ ਹੀ ਨਿੰਦਣਯੋਗ ਹੈ। ਪੰਜਾਬ ਵਿੱਚ ਭਾਈਚਾਰਿਆਂ ਵਿੱਚ ਵੰਡ ਪਾਉਣ ਦੀਆਂ ਸਾਜ਼ਿਸ਼ਾਂ ਸਰਹੱਦ ਪਾਰ ਤੋਂ ਰਚੀਆਂ ਜਾ ਰਹੀਆਂ ਹਨ। ਕੇਂਦਰ ਸਰਕਾਰ ਨੂੰ ਅਪੀਲ ਹੈ ਕਿ ਗੁਰਪਤਵੰਤ ਸਿੰਘ ਪੰਨੂ ਦੇ ਖਿਲਾਫ ਸ਼ਖਤ ਕਾਰਵਾਈ ਕਰੇ ਅਤੇ ਪੰਜਾਬ ਸਰਕਾਰ ਵੀ ਅਜਿਹੀਆਂ ਤਾਕਤਾ ਵਿਰੁੱਧ ਸਖ਼ਤ ਕਾਰਵਾਈ ਕਰੇ ਤਾਂ ਜੋ ਸੂਬੇ ਵਿੱਚ ਅਜਿਹੀਆਂ ਸਮਾਜ ਵਿਰੋਧੀ ਤਾਕਤਾਂ ‘ਤੇ ਸ਼ਿਕੰਜਾ ਕੱਸਿਆ ਜਾ ਸਕੇ। ਬਾਬਾ ਸਾਹਿਬ ਦੀ ਮੂਰਤੀ ਦਾ ਅਪਮਾਨ ਕਰਨ ਵਾਲਿਆਂ ਵਿਰੁੱਧ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪੂਰੇ ਪੰਜਾਬ ਨੂੰ ਇੱਕਜੁੱਟ ਹੋਣਾ ਚਾਹੀਦਾ ਹੈ ਤਾਂ ਜੋ ਅਜਿਹੀਆਂ ਦੇਸ਼ ਵਿਰੋਧੀ ਤਾਕਤਾਂ ਨੂੰ ਸਬਕ ਸਿਖਾਇਆ ਜਾ ਸਕੇ।