ਗੜ੍ਹਸ਼ੰਕਰ, 1 ਅਪ੍ਰੈਲ,ਬੋਲੇ ਪੰਜਾਬ ਬਿਊਰੋ :
ਗੜ੍ਹਸ਼ੰਕਰ-ਨੰਗਲ ਰੋਡ ’ਤੇ ਸ਼ਾਹਪੁਰ ਪਹਾੜੀਆਂ ਕੋਲ ਸ਼ਰਧਾਲੂਆਂ ਨੂੰ ਲਿਜਾ ਰਹੀ ਟਾਟਾ 407 ਬੇਕਾਬੂ ਹੋ ਕੇ ਪਲਟ ਗਈ। ਇਸ ਕਾਰਨ ਦੋ ਦਰਜਨ ਦੇ ਕਰੀਬ ਸ਼ਰਧਾਲੂ ਜ਼ਖ਼ਮੀ ਹੋ ਗਏ। ਪੁਲਿਸ ਅਤੇ ਸਥਾਨਕ ਲੋਕਾਂ ਨੇ ਜ਼ਖਮੀ ਸ਼ਰਧਾਲੂਆਂ ਨੂੰ ਇਲਾਜ ਲਈ ਸਿਵਲ ਹਸਪਤਾਲ ਗੜ੍ਹਸ਼ੰਕਰ ਵਿਖੇ ਦਾਖਲ ਕਰਵਾਇਆ। ਇੱਥੇ ਇਲਾਜ ਤੋਂ ਬਾਅਦ ਸਾਰੇ ਜ਼ਖਮੀਆਂ ਨੂੰ ਸਿਵਲ ਹਸਪਤਾਲ ਪਟਿਆਲਾ ਰੈਫਰ ਕਰ ਦਿੱਤਾ ਗਿਆ।
ਜਾਣਕਾਰੀ ਅਨੁਸਾਰ ਪਿੰਡ ਕੰਗਥਲੀ ਤਹਿਸੀਲ ਗੁਹਲਾਂ ਜ਼ਿਲ੍ਹਾ ਕੈਥਲ ਹਰਿਆਣਾ ਤੋਂ ਕਰੀਬ 35 ਸ਼ਰਧਾਲੂ ਵੱਖ-ਵੱਖ ਧਾਰਮਿਕ ਅਸਥਾਨਾਂ ‘ਤੇ ਮੱਥਾ ਟੇਕਣ ਉਪਰੰਤ ਟਾਟਾ 407 ‘ਚ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਨੂੰ ਜਾ ਰਹੇ ਸਨ ਕਿ ਰਾਤ ਜਦੋਂ ਉਨ੍ਹਾਂ ਦੀ ਗੱਡੀ ਬੀਟ ਇਲਾਕੇ ਦੇ ਪਿੰਡ ਕੋਟ ਅਤੇ ਸ਼ਾਹਪੁਰ ਦੀਆਂ ਪਹਾੜੀਆਂ ਕੋਲ ਪੁੱਜੀ ਤਾਂ ਬੇਕਾਬੂ ਹੋ ਕੇ ਸੜਕ ‘ਤੇ ਪਲਟ ਗਈ। ਇਸ ਕਾਰਨ ਇਸ ਵਿੱਚ ਬੈਠੇ ਦੋ ਦਰਜਨ ਦੇ ਕਰੀਬ ਸ਼ਰਧਾਲੂ ਜ਼ਖ਼ਮੀ ਹੋ ਗਏ।
ਹਾਦਸੇ ਦੀ ਸੂਚਨਾ ਮਿਲਣ ’ਤੇ ਪੁਲੀਸ ਅਤੇ ਸਥਾਨਕ ਲੋਕ ਮੌਕੇ ਉੱਤੇ ਪਹੁੰਚੇ।ਜ਼ਖ਼ਮੀ ਸ਼ਰਧਾਲੂਆਂ ਨੂੰ ਸਿਵਲ ਹਸਪਤਾਲ ਗੜ੍ਹਸ਼ੰਕਰ ਦੇ ਡਾਕਟਰਾਂ ਵੱਲੋਂ ਮੁੱਢਲੀ ਸਹਾਇਤਾ ਦੇਣ ਮਗਰੋਂ ਸਿਵਲ ਹਸਪਤਾਲ ਪਟਿਆਲਾ ਲਈ ਰੈਫਰ ਕਰ ਦਿੱਤਾ।
