ਬਟਾਲਾ, 2 ਅਪ੍ਰੈਲ,ਬੋਲੇ ਪੰਜਾਬ ਬਿਊਰੋ :
ਫਿਲੌਰ ’ਚ ਵਾਪਰੀ ਘਟਨਾ ਦੇ ਬਾਅਦ ਹੁਣ ਬਟਾਲਾ ’ਚ ਵੀ ਸ਼ਰਾਰਤੀ ਅਨਸਰਾਂ ਵੱਲੋਂ ਮਾਹੌਲ ਵਿਗਾੜਨ ਦੀ ਕੋਸ਼ਿਸ਼ ਕੀਤੀ ਗਈ ਹੈ। ਮੀਆਂ ਮੁਹੱਲਾ ਚੌਂਕ ’ਚ ਲੱਗੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਦੀ ਬੇਅਦਬੀ ਕਰਨ ਦੀ ਘਟਨਾ ਸਾਹਮਣੇ ਆਈ ਹੈ। ਬੁੱਤ ਦੇ ਇੱਕ ਹੱਥ ਦੀ ਉਂਗਲ ਤੋੜੀ ਹੋਈ ਮਿਲੀ, ਜਿਸ ਕਾਰਨ ਲੋਕਾਂ ਵਿੱਚ ਗੁੱਸਾ ਹੈ।
ਇਹ ਘਟਨਾ ਬੁੱਧਵਾਰ ਸਵੇਰੇ 9 ਵਜੇ ਤੋਂ ਬਾਅਦ ਸਾਹਮਣੇ ਆਈ, ਜਦੋਂ ਆਸ-ਪਾਸ ਦੇ ਲੋਕਾਂ ਨੇ ਇਹ ਬੇਅਦਬੀ ਦੇਖੀ। ਜਾਣਕਾਰੀ ਮਿਲਦਿਆਂ ਹੀ ਪੁਲਿਸ ਅਤੇ ਪ੍ਰਸ਼ਾਸਨ ਦੀ ਟੀਮ ਵੱਡੀ ਗਿਣਤੀ ’ਚ ਮੌਕੇ ’ਤੇ ਪਹੁੰਚੀ, ਪਰ ਲੋਕਾਂ ਦਾ ਰੋਹ ਵਧਦਾ ਗਿਆ। ਗੁੱਸੇ ਵਿੱਚ ਆਏ ਲੋਕਾਂ ਨੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਅਤੇ ਦੋਸ਼ੀਆਂ ਨੂੰ ਫ਼ੌਰੀ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ।
ਡੀਐਸਪੀ ਸਿਟੀ ਸੰਜੀਵ ਕੁਮਾਰ ਨੇ ਦੱਸਿਆ ਕਿ ਸਵੇਰੇ 9:15 ਵਜੇ ਇਹ ਮਾਮਲਾ ਉਨ੍ਹਾਂ ਦੇ ਧਿਆਨ ’ਚ ਆਇਆ। ਉਨ੍ਹਾਂ ਕਿਹਾ ਕਿ ਆਲੇ-ਦੁਆਲੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ, ਤਾਂ ਜੋ ਦੋਸ਼ੀਆਂ ਦੀ ਪਹਿਚਾਣ ਕੀਤੀ ਜਾ ਸਕੇ। ਉਨ੍ਹਾਂ ਭਰੋਸਾ ਦਿਵਾਇਆ ਕਿ ਜੋ ਵੀ ਸ਼ਰਾਰਤੀ ਅਨਸਰ ਇਸ ਘਟਨਾ ਦੇ ਪਿੱਛੇ ਹਨ, ਉਨ੍ਹਾਂ ’ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ।
