ਚੰਡੀਗੜ੍ਹ, 5 ਅਪ੍ਰੈਲ ,ਬੋਲੇ ਪੰਜਾਬ ਬਿਊਰੋ :
ਭਾਜਪਾ ਦੇ ਰਾਸ਼ਟਰੀ ਕਾਰਜਕਾਰਨੀ ਮੈਂਬਰ ਅਤੇ ਸੀਨੀਅਰ ਆਗੂ ਹਰਜੀਤ ਸਿੰਘ ਗਰੇਵਾਲ ਨੇ ਭਗਵੰਤ ਮਾਨ ਵੱਲੋਂ ਝੋਨੇ ਦੀ ਫ਼ਸਲ ਦੀ ਬਿਜਾਈ ਸਬੰਧੀ ਵਾਰ-ਵਾਰ ਆਪਣਾ ਬਿਆਨ ਬਦਲਣ ਬਾਰੇ ਪੁੱਛੇ ਗਏ ਸਵਾਲ ‘ਤੇ ਪ੍ਰਤੀਕਿਰਿਆ ਦਿੰਦੇ ਹੋਏ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵਾਰ-ਵਾਰ ਗਲਤ ਬਿਆਨ ਦੇ ਕੇ ਕਿਸਾਨਾਂ ਨੂੰ ਪ੍ਰੇਸ਼ਾਨ ਕਰ ਰਹੇ ਹਨ। ਮੁੱਖ ਮੰਤਰੀ ਭਗਵੰਤ ਮਾਨ ਬਿਨਾਂ ਸੋਚੇ-ਸਮਝੇ ਕੁਝ ਵੀ ਬੋਲ ਦਿੰਦੇ ਹਨ, ਜੋ ਮੁੱਖ ਮੰਤਰੀ ਅਹੁਦੇ ਦੀ ਸ਼ਾਨ ਨੂੰ ਸ਼ੋਭਾ ਨਹੀਂ ਦੇਂਦਾ। ਪਹਿਲਾਂ ਭਗਵੰਤ ਮਾਨ ਕਹਿੰਦੇ ਸਨ ਕਿ ਫ਼ਸਲਾਂ ਦੀ ਅਗੇਤੀ ਬਿਜਾਈ ਨਾਲ ਧਰਤੀ ਹੇਠਲੇ ਪਾਣੀ ਦਾ ਬਹੁਤ ਨੁਕਸਾਨ ਹੁੰਦਾ ਹੈ, ਧਰਤੀ ਹੇਠਲੇ ਪਾਣੀ ਦਾ ਪੱਧਰ ਵੀ ਬਹੁਤ ਡਿੱਗਦਾ ਹੈ ਅਤੇ ਇਸਦਾ ਰੰਗ ਵੀ ਬਦਲ ਜਾਂਦਾ ਹੈ, ਪਰ ਹੁਣ ਉਹ ਕਹਿ ਰਹੇ ਹਨ ਕਿ ਕੋਈ ਸਮੱਸਿਆ ਨਹੀਂ ਹੋਵੇਗੀ।
ਹਰਜੀਤ ਸਿੰਘ ਗਰੇਵਾਲ ਨੇ ਕਿਹਾ ਕਿ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਨੇ ਪੰਜਾਬ ਨੂੰ 28,000 ਕਰੋੜ ਰੁਪਏ ਤੋਂ ਵੱਧ ਦੀ ਸੀਸੀ ਸੀਮਾ ਜਾਰੀ ਕਰ ਦਿੱਤੀ ਹੈ ਅਤੇ ਇਹ ਪਹਿਲਾਂ ਵੀ ਕੀਤਾ ਗਿਆ ਸੀ। ਪਰ ਆਮ ਆਦਮੀ ਪਾਰਟੀ ਪੰਜਾਬ ਦੀ ਭਗਵੰਤ ਮਾਨ ਸਰਕਾਰ ਵੱਲੋਂ ਮੰਡੀਆਂ ਵਿੱਚ ਢੁਕਵੇਂ ਪ੍ਰਬੰਧ ਨਾ ਹੋਣ ਕਾਰਨ ਕਿਸਾਨਾਂ ਨੂੰ ਮੰਡੀਆਂ ਵਿੱਚ ਬਾਰਦਾਨੇ, ਲਿਫਟਿੰਗ ਆਦਿ ਦੀਆਂ ਸਮੱਸਿਆਵਾਂ ਸਮੇਤ ਕਈ ਹੋਰ ਸਮੱਸਿਆਵਾਂ ਦਾ ਸਾਹਮਣਾ ਕਰਨਾ ਪਿਆ। ਗਰੇਵਾਲ ਨੇ ਭਗਵੰਤ ਮਾਨ ਨੂੰ ਬੋਲਣ ਤੋਂ ਪਹਿਲਾਂ ਸੋਚਣ ਦੀ ਸਲਾਹ ਦਿੰਦੇ ਹੋਏ ਕਿਹਾ ਕਿ ਇਸ ਵਾਰ ਮੰਡੀਆਂ ਵਿੱਚ ਪਹਿਲਾਂ ਤੋਂ ਹੀ ਢੁਕਵੇਂ ਪ੍ਰਬੰਧ ਕੀਤੇ ਜਾਣੇ ਚਾਹੀਦੇ ਹਨ ਤਾਂ ਜੋ ਕਿਸਾਨਾਂ ਨੂੰ ਕੋਈ ਮੁਸ਼ਕਲ ਪੇਸ਼ ਨਾ ਆਵੇ।