ਅਜਨਾਲਾ, 12 ਅਪ੍ਰੈਲ,ਬੋਲੇ ਪੰਜਾਬ ਬਿਊਰੋ :
‘ਵਾਰਿਸ ਪੰਜਾਬ ਦੇ’ ਦੇ ਮੁਖੀ ਤੇ ਖਡੂਰ ਸਾਹਿਬ ਤੋਂ ਲੋਕ ਸਭਾ ਮੈਂਬਰ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਸਾਥੀਆਂ ਖ਼ਿਲਾਫ਼ ਫਰਵਰੀ 2023 ਵਿੱਚ ਅਜਨਾਲਾ ਥਾਣੇ ’ਤੇ ਹਮਲਾ ਕਰਨ ਦੇ ਦੋਸ਼ ਵਿੱਚ ਥਾਣਾ ਅਜਨਾਲਾ ਵਿੱਚ ਦਰਜ ਕੇਸ ਵਿੱਚ ਸ਼ਾਮਲ ਡਿਬਰੂਗੜ੍ਹ ਜੇਲ੍ਹ ਤੋਂ ਲਿਆਂਦੇ ਪਪਲਪ੍ਰੀਤ ਸਿੰਘ ਨੂੰ ਰਾਤ ਅਜਨਾਲਾ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਇਸ ਦੌਰਾਨ ‘ਵਾਰਿਸ ਪੰਜਾਬ ਦੇ’ ਸੰਸਥਾ ਦੇ ਇਨ੍ਹਾਂ ਮੁਲਜ਼ਮਾਂ ਦਾ ਕੇਸ ਲੜ ਰਹੇ ਵਕੀਲ ਹਰਪਾਲ ਸਿੰਘ ਖਾਰਾ ਅਤੇ ਵਕੀਲ ਰਿਤੂ ਰਾਜ ਨੇ ਦੱਸਿਆ ਕਿ ਅਜਨਾਲਾ ਪੁਲੀਸ ਪਹਿਲਾਂ ਹੀ ਅਦਾਲਤ ਵਿੱਚ ਮਨਘੜਤ ਜਵਾਬ ਪੇਸ਼ ਕਰ ਚੁੱਕੀ ਹੈ ਅਤੇ ਪੁਲੀਸ ਨੇ 10 ਦਿਨ ਦਾ ਰਿਮਾਂਡ ਮੰਗਿਆ ਸੀ ਪਰ ਅਦਾਲਤ ਨੇ 4 ਦਿਨ ਦਾ ਰਿਮਾਂਡ ਦਿੱਤਾ ਹੈ।
ਇਸ ਦੌਰਾਨ ਡੀਐਸਪੀ ਅਜਨਾਲਾ ਗੁਰਵਿੰਦਰ ਸਿੰਘ ਔਲਖ ਨੇ ਦੱਸਿਆ ਕਿ ਮੁਲਜ਼ਮਾਂ ਦਾ ਚਾਰ ਦਿਨ ਦਾ ਪੁਲੀਸ ਰਿਮਾਂਡ ਹਾਸਲ ਕੀਤਾ ਗਿਆ ਹੈ ਅਤੇ ਫਰਵਰੀ 2023 ਵਿੱਚ ਅਜਨਾਲਾ ਥਾਣੇ ’ਤੇ ਹੋਏ ਹਮਲੇ ਸਬੰਧੀ ਹੋਰ ਵੀ ਖੁਲਾਸੇ ਹੋਣ ਦੀ ਸੰਭਾਵਨਾ ਹੈ।
