ਮੰਡੀ ਗੋਬਿੰਦਗੜ੍ਹ, 13 ਅਪ੍ਰੈਲ,ਬੋਲੇ ਪੰਜਾਬ ਬਿਊਰੋ :
ਵਿਸਾਖੀ ਦੇ ਸ਼ੁਭ ਦਿਹਾੜੇ ਅਤੇ ਖਾਲਸਾ ਸਾਜਨਾ ਦਿਵਸ ਮੌਕੇ ਦੇਸ਼ ਭਗਤ ਯੂਨੀਵਰਸਿਟੀ ਦੇ ਚਾਂਸਲਰ ਡਾ ਜ਼ੋਰਾ ਸਿੰਘ ਅਤੇ ਪ੍ਰੋ-ਚਾਂਸਲਰ ਡਾ ਤਜਿੰਦਰ ਕੌਰ ਵੱਲੋਂ ਨੌਜਵਾਨ ਸਿੰਘਾਂ ਨੂੰ ਗੁਰਦੁਆਰਾ ਸਾਹਿਬ ਸੈਕਟਰ 8,ਚੰਡੀਗੜ੍ਹ ਵਿਖੇ ਦਸਤਾਰਾਂ ਭੇਟ ਕੀਤੀਆਂ ਗਈਆਂ। ਇਹ ਪ੍ਰੋਗਰਾਮ ਦੇਸ਼ ਭਗਤ ਯੂਨੀਵਰਸਿਟੀ ਵੱਲੋਂ ਪੰਜਾਬ ਵਿੱਚ ਚਲਾਈ ਗਈ ਨਸ਼ਾ ਮੁਕਤ ਮੁਹਿੰਮ ਦਾ ਹਿੱਸਾ ਹੈ। ਵੱਧ ਤੋਂ ਵੱਧ ਨੌਜਵਾਨ ਗੁਰੂ ਦੇ ਲੜ ਲੱਗ ਕੇ ਸਿੱਖੀ ਅਪਣਾਉਣ।
ਇਸ ਮੌਕੇ ਪਰੋ-ਚਾਂਸਲਰ ਡਾ ਤਜਿੰਦਰ ਕੌਰ ਨੇ ਕਿਹਾ ਕਿ ਦੇਸ਼ ਭਗਤ ਯੂਨੀਵਰਸਿਟੀ ਅਤੇ ਦੇਸ਼ ਭਗਤ ਰੇਡੀਓ ਸੰਸਥਾਂਵਾਂ ਸਮਾਜ ਭਲਾਈ ਦੇ ਕੰਮਾਂ ਵਿੱਚ ਆਪਣਾ ਹਿੱਸਾ ਪਾਉਣ ਲਈ ਤਤਪਰ ਰਹਿੰਦੀਆਂ ਹਨ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੀ ਕੋਸ਼ਿਸ਼ ਰਹਿੰਦੀ ਹੈ ਕਿ ਉਨ੍ਹਾਂ ਵੱਲੋਂ ਧਾਰਮਿਕ ਅਤੇ ਸਮਾਜਿਕ ਕੰਮਾਂ ਵਿੱਚ ਵੱਧ ਤੋਂ ਵੱਧ ਯੋਗਦਾਨ ਪਾਇਆ ਜਾਵੇ। ਹਰ ਸਾਲ ਗੁਰੂ ਨਾਨਕ ਦੇਵ ਜੀ ਪ੍ਰਕਾਸ਼ ਪੁਰਬ ਅਤੇ ਖਾਲਸਾ ਸਾਜਨਾ ਦਿਵਸ ਵਿਸਾਖੀ ਮੌਕੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵੱਲੋਂ ਦਸਤਾਰ ਸਜਾਉਣ ਦੇ ਮੁਕਾਬਲੇ ਕਰਵਾਏ ਜਾਂਦੇ ਜਿਸ ਵਿੱਚ ਉਨ੍ਹਾਂ ਵੱਲੋਂ ਭਰਪੂਰ ਯੋਗਦਾਨ ਪਾਇਆ ਜਾਂਦਾ ਹੈ।
ਇਸ ਮੌਕੇ ਟਰਾਈਸਿਟੀ ਦੇ ਵੱਖ ਵੱਖ ਸਕੂਲਾਂ ਦੇ ਵਿਦਿਆਰਥੀਆਂ ਸੱਤ ਤੋਂ ਸਤਾਰਾਂ ਸਾਲ ਵਰਗ ਦੇ ਬੱਚਿਆਂ ਦੇ ਦਸਤਾਰ ਸਜਾਉਣ ਦੇ ਮੁਕਾਬਲੇ ਕਰਵਾਏ ਗਏ। ਡਾ ਤਜਿੰਦਰ ਕੌਰ ਵੱਲੋਂ ਕ੍ਰਮਵਾਰ ਪਹਿਲੇ, ਦੂਜੇ ਅਤੇ ਤੀਜੇ ਨੰਬਰ ‘ਤੇ ਆਉਣ ਵਾਲੇ ਕਮਲਪ੍ਰੀਤ ਸਿੰਘ (ਸ਼੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਸੈਕਟਰ 40-ਸੀ), ਹਰਤੇਜ ਸਿੰਘ (ਸਿਟੀ ਗਲੋਬਲ ਸਕੂਲ ਜ਼ੀਰਕਪੁਰ) ਅਤੇ ਜਪਮਨ ਸਿੰਘ (ਸ਼੍ਰੀ ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਸੈਕਟਰ 35-ਬੀ) ਨੂੰ ਦਸਤਾਰ ਅਤੇ ਸਰਟੀਫਿਕੇਟ ਦਿੱਤੇ ਗਏ। ਕੌਂਸੋਲੇਸ਼ਨ ਮੁਕਾਬਲਾ ਜਿੱਤਣ ਵਾਲੇ ਬੱਚਿਆਂ ਨੂੰ ਨਗਦ ਇਨਾਮ ਵੀ ਦਿੱਤੇ ਗਏ। ਕੁਲ 51 ਬੱਚਿਆਂ ਨੂੰ ਦਸਤਾਰਾਂ ਭੇਟ ਕੀਤੀਆਂ ਗਈਆਂ। ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸੁਖਜਿੰਦਰ ਸਿੰਘ ਬਹਿਲ ਨੇ ਦੇਸ਼ ਭਗਤ ਯੂਨੀਵਰਸਿਟੀ ਵੱਲੋਂ ਪਾਏ ਯੋਗਦਾਨ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਅਜੋਕਾ ਨੌਂਜਵਾਨ ਸਮਾਜਿਕ ਬੁਰਾਈਆਂ ਤੋਂ ਦੂਰ ਰਹੇ ਅਤੇ ਸਿੱਖੀ ਨੂੰ ਅਪਣਾਏ। ਇਸ ਮੌਕੇ ਇਸਤਰੀ ਸਭਾ ਦੀ ਪ੍ਰਧਾਨ ਸ਼੍ਰੀਮਤੀ ਮਲਿਕਾ ਸਿੰਘ ਅਤੇ ਧਾਰਮਿਕ ਸਮਾਗਮਾਂ ਦੇ ਇੰਚਾਰਜ ਸਤਨਾਮ ਸਿੰਘ ਵੀ ਹਾਜ਼ਰ ਸਨ।