ਨਾਭਾ, 14 ਅਪ੍ਰੈਲ,ਬੋਲੇ ਪੰਜਾਬ ਬਿਊਰੋ :
ਪਟਿਆਲਾ ਜ਼ਿਲ੍ਹੇ ਦੇ ਪਿੰਡ ਦੁਲੱਦੀ ਵਿੱਚ ਇੱਕ ਖੌਫਨਾਕ ਘਟਨਾ ਵਾਪਰੀ ਹੈ। ਨਸ਼ੇ ਦੀ ਹਾਲਤ ’ਚ ਵਿਅਕਤੀ ਨੇ ਆਪਣੇ ਹੀ 70 ਸਾਲਾ ਪਿਤਾ ਦੀ ਇੱਟ ਮਾਰ ਕੇ ਜਾਨ ਲੈ ਲਈ। ਇਹ ਘਟਨਾ ਐਤਵਾਰ ਸ਼ਾਮ ਦੇ ਸਮੇਂ ਦੀ ਦੱਸੀ ਜਾ ਰਹੀ ਹੈ। ਮ੍ਰਿਤਕ ਦੀ ਪਹਿਚਾਣ ਸਾਹਿਬ ਸਿੰਘ ਵਜੋਂ ਹੋਈ ਹੈ, ਜਿਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਹੱਤਿਆ ਕਰਨ ਤੋਂ ਬਾਅਦ ਕੁਲਦੀਪ ਸਿੰਘ, ਜਿਸ ਦੀ ਉਮਰ ਲਗਭਗ 45 ਸਾਲ ਦੱਸੀ ਜਾ ਰਹੀ ਹੈ, ਮੌਕੇ ਤੋਂ ਭੱਜਣ ਵਿੱਚ ਕਾਮਯਾਬ ਹੋ ਗਿਆ।
ਜਿਵੇਂ ਹੀ ਪੁਲਿਸ ਨੂੰ ਸੂਚਨਾ ਮਿਲੀ, ਥਾਣਾ ਸਦਰ ਨਾਭਾ ਦੇ ਇੰਚਾਰਜ ਇੰਸਪੈਕਟਰ ਗੁਰਪ੍ਰੀਤ ਸਮਰਾਓ ਅਤੇ ਹੋਰ ਅਧਿਕਾਰੀ ਮੌਕੇ ’ਤੇ ਪਹੁੰਚ ਗਏ। ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ’ਚ ਲੈ ਕੇ ਹਸਪਤਾਲ ਭੇਜ ਦਿੱਤਾ ਗਿਆ ਹੈ। ਅੱਜ ਸੋਮਵਾਰ ਨੂੰ ਪੋਸਟਮਾਰਟਮ ਤੋਂ ਬਾਅਦ ਅਗਲੀ ਕਾਰਵਾਈ ਕੀਤੀ ਜਾਵੇਗੀ।
ਇੰਸਪੈਕਟਰ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਪਰਿਵਾਰਕ ਮੈਂਬਰਾਂ ਦੇ ਬਿਆਨ ਲਏ ਜਾ ਰਹੇ ਹਨ ਅਤੇ ਮੁਲਜ਼ਮ ਖ਼ਿਲਾਫ਼ ਕਤਲ ਦਾ ਕੇਸ ਦਰਜ ਕਰ ਲਿਆ ਗਿਆ ਹੈ। ਉਸ ਦੀ ਗ੍ਰਿਫਤਾਰੀ ਲਈ ਪੁਲਿਸ ਵੱਲੋਂ ਛਾਪੇਮਾਰੀ ਜਾਰੀ ਹੈ।
