ਵਿਜੀਲੈਂਸ ਵੱਲੋਂ ਹੈੱਡ ਕਾਂਸਟੇਬਲ 20,000 ਰੁਪਏ ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

ਚੰਡੀਗੜ੍ਹ ਪੰਜਾਬ


ਜਲੰਧਰ, 6 ਜੁਲਾਈ, ਬੋਲੇ ਪੰਜਾਬ ਬਿਊਰੋ:


ਵਿਜੀਲੈਂਸ ਨੇ ਸ਼ਹਿਰ ‘ਚ ਭ੍ਰਿਸ਼ਟਾਚਾਰ ਨੂੰ ਲੈ ਕੇ ਵੱਡੀ ਕਾਰਵਾਈ ਕੀਤੀ ਹੈ। ਪੰਜਾਬ ਵਿਜੀਲੈਂਸ ਬਿਊਰੋ (ਵੀਬੀ) ਨੇ ਸ਼ੁੱਕਰਵਾਰ ਨੂੰ ਆਪਣੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਜਲੰਧਰ ਸ਼ਹਿਰ ਦੇ ਐਨਆਰਆਈ ਥਾਣੇ ਵਿੱਚ ਕੰਪਿਊਟਰ ਆਪਰੇਟਰ ਵਜੋਂ ਤਾਇਨਾਤ ਇੱਕ ਹੈੱਡ ਕਾਂਸਟੇਬਲ ਨੂੰ ਰਿਸ਼ਵਤ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕਰਨ ਦੀ ਸੂਚਨਾ ਹੈ। ਮੁਲਜ਼ਮ ਦੀ ਪਛਾਣ ਸਚਿਨ ਸ਼ਰਮਾ ਵਜੋਂ ਹੋਈ ਹੈ, ਜਿਸ ਨੂੰ 20,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ।
ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਹੈੱਡ ਕਾਂਸਟੇਬਲ ਨੂੰ ਜਲੰਧਰ ਸ਼ਹਿਰ ਦੇ ਗੁਰੂ ਨਾਨਕਪੁਰਾ ਮੁਹੱਲਾ ਨਿਵਾਸੀ ਸੁਸ਼ੀਲ ਕੁਮਾਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫਤਾਰ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨਾਲ ਸੰਪਰਕ ਕਰਕੇ ਦੋਸ਼ ਲਾਇਆ ਕਿ ਉਕਤ ਪੁਲਿਸ ਅਧਿਕਾਰੀ ਨੇ ਐਨ.ਆਰ.ਆਈ ਥਾਣੇ ਵਿੱਚ ਦਰਜ ਇੱਕ ਵਿਆਹ ਸਬੰਧੀ ਸ਼ਿਕਾਇਤ ਦੇ ਮਾਮਲੇ ਵਿੱਚ ਉਸਦੀ ਮਦਦ ਕਰਨ ਬਦਲੇ 55,000 ਰੁਪਏ ਰਿਸ਼ਵਤ ਦੀ ਮੰਗ ਕੀਤੀ। ਮੁਲਜ਼ਮ ਪਹਿਲਾਂ ਹੀ 10 ਹਜ਼ਾਰ ਰੁਪਏ ਰਿਸ਼ਵਤ ਲੈ ਚੁੱਕਾ ਸੀ। ਹੋਰ 20,000 ਰੁਪਏ ਦੀ ਮੰਗ ਕਰ ਰਿਹਾ ਸੀ।
ਬੁਲਾਰੇ ਨੇ ਦੱਸਿਆ ਕਿ ਮੁਢਲੀ ਤਫਤੀਸ਼ ਉਪਰੰਤ ਵਿਜੀਲੈਂਸ ਬਿਊਰੋ ਰੇਂਜ ਜਲੰਧਰ ਨੇ ਜਾਲ ਵਿਛਾਇਆ ਅਤੇ ਉਕਤ ਦੋਸ਼ੀ ਪੁਲਿਸ ਮੁਲਾਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿੱਚ ਸ਼ਿਕਾਇਤਕਰਤਾ ਪਾਸੋਂ 20,000 ਰੁਪਏ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ। ਇਸ ਸਬੰਧੀ ਵਿਜੀਲੈਂਸ ਬਿਓਰੋ ਦੇ ਥਾਣਾ ਜਲੰਧਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਧਾਰਾਵਾਂ ਤਹਿਤ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਉਸ ਨੂੰ ਭਲਕੇ ਅੱਜ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਇਸ ਮਾਮਲੇ ਸਬੰਧੀ ਅਗਲੇਰੀ ਜਾਂਚ ਜਾਰੀ ਹੈ।


Leave a Reply

Your email address will not be published. Required fields are marked *