ਚੰਡੀਗੜ੍ਹ, 25 ਫਰਵਰੀ, ਬੋਲੇ ਪੰਜਾਬ ਬਿਓਰੋ :
ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀਆਂ ਮੰਗਾਂ ਨੂੰ ਲੈ ਕੇ ਸਰਵ ਆਂਗਣਵਾੜੀ ਮੁਲਾਜ਼ਮ ਯੂਨੀਅਨ ਵਿਧਾਨ ਸਭਾ ਬਜਟ ਤੋਂ ਪਹਿਲਾਂ ਸੂਬੇ ਦੇ ਸਾਰੇ ਵਿਧਾਇਕਾਂ ਨੂੰ ਮੰਗ ਪੱਤਰ ਦੇਵੇਗੀ। ਸਰਵ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਪ੍ਰਧਾਨ ਬਰਿੰਦਰਜੀਤ ਕੌਰ ਛੀਨਾ ਨੇ ਕਿਹਾ ਕਿ ਯੂਨੀਅਨ ਵੱਲੋਂ ਸੂਬੇ ਦੇ ਸਾਰੇ ਵਿਧਾਇਕਾਂ ਨੂੰ ਮੰਗ ਪੱਤਰ ਦੇ ਕੇ ਮੰਗ ਕੀਤੀ ਜਾਵੇਗੀ ਕਿ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀਆਂ ਮੰਗਾਂ ਵਿਧਾਨ ਸਭਾ ਵਿੱਚ ਚੁੱਕੀਆਂ ਜਾਣ। ਉਨ੍ਹਾਂ ਕਿਹਾ ਕਿ 26 ਫਰਵਰੀ ਸੋਮਵਾਰ ਤੋਂ ਇਹ ਮੰਗ ਪੱਤਰ ਦਿੱਤੇ ਜਾਣਗੇ।
ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਮਾਣਭੱਤਾ ਦੁੱਗਣਾ ਕਰਨ ਦਾ ਵਾਅਦਾ ਕੀਤਾ ਸੀ, ਅਜੇ ਤੱਕ ਸਰਕਾਰ ਨੇ ਕੁਝ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਵਿਧਾਇਕਾਂ ਨੂੰ ਮੰਗ ਪੱਤਰ ਦੇ ਕੇ ਮੰਗ ਕੀਤੀ ਜਾਵੇਗੀ ਆਪ ਸਰਕਾਰ ਦੁਆਰਾ ਚੋਣਾਂ ਦੌਰਾਨ ਆਂਗਣਵਾੜੀ ਵਰਕਰ ਹੈਲਪਰਾ ਦਾ ਮਾਣਭੱਤਾ ਦੁਗਣਾ ਕਰਨ ਦਾ ਵਾਅਦਾ ਕੀਤਾ ਸੀ, ਜਿਸ ਨੂੰ ਜਲਦ ਤੋਂ ਜਲਦ ਪੂਰਾ ਕੀਤਾ ਜਾਵੇ, ਨਵੀਂ ਸਿੱਖਿਆ ਨੀਤੀ 2020 ਅਨੁਸਾਰ ਆਂਗਣਵਾੜੀ ਵਰਕਰ ਨੂੰ ਪ੍ਰੀ ਨਰਸਰੀ ਟੀਚਰ ਦਾ ਦਰਜਾ ਦਿੱਤਾ ਜਾਵੇ, ਤਿੰਨ ਤੋਂ ਛੇ ਸਾਲ ਦੇ ਬੱਚੇ ਵਾਪਸ ਆਗਣਵਾੜੀ ਸੈਂਟਰਾਂ ਵਿੱਚ ਭੇਜੇ ਜਾਣ ਜੋ ਕਿ 1975 ਤੋਂ ਆਂਗਣਵਾੜੀ ਸੈਂਟਰਾਂ ਵਿੱਚ ਹੀ ਪ੍ਰੀ ਸਕੂਲ ਸਿਖਿਆ ਲੈ ਰਹੇ ਸਨ।