77 ਬਾਲ ਭਿਖਾਰੀਆਂ ਦਾ ਮੁੜ ਵਸੇਬਾ ਕੀਤਾ:ਡਾ. ਬਲਜੀਤ ਕੌਰ

ਚੰਡੀਗੜ੍ਹ ਪੰਜਾਬ



ਬੱਚਿਆਂ ਦੀ ਸੁਰੱਖਿਆ ਸਬੰਧੀ ਸੂਚਨਾ ਜ਼ਿਲ੍ਹਾ ਬਾਲ ਸੁਰੱਖਿਆ ਯੁਨਿਟ ਜਾਂ ਬਾਲ ਭਲਾਈ ਕਮੇਟੀ ਨੂੰ ਦੇਣ ਦੀ ਲੋਕਾਂ ਨੂੰ ਕੀਤੀ ਅਪੀਲ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਬੱਚਿਆਂ ਦੀ ਸੁਰੱਖਿਆ ਲਈ ਵਚਨਬੱਧ

ਚੰਡੀਗੜ੍ਹ, 24 ਜੁਲਾਈ ,ਬੋਲੇ ਪੰਜਾਬ ਬਿਊਰੋ :

ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਬਾਲ ਭਿੱਖਿਆ ਮੁਕਤ ਮੁਹਿੰਮ ਤਹਿਤ 77 ਬਾਲ ਭਿਖਾਰੀਆਂ ਦਾ ਮੁੜ ਵਸੇਬਾ ਕੀਤਾ। ਇਹ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਇੱਥੇ ਕੀਤਾ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆ ਕੈਬਨਿਟ ਮੰਤਰੀ ਨੇ ਦੱਸਿਆ ਕਿ ਬਾਲ ਭਿਖਿਆ ਵਿੱਚ ਸ਼ਾਮਲ ਬੱਚਿਆਂ ਦੇ ਬਚਪਨ ਨੂੰ ਸੁਰੱਖਿਅਤ ਕਰਨ ਲਈ ਵਿਭਾਗ ਵੱਲੋਂ ਸੂਬੇ ਵਿੱਚ ਮੁਹਿੰਮ ਚਲਾਈ ਜਾ ਰਹੀ ਹੈ ਜਿਸ ਅਧੀਨ ਬਾਲ ਭਿੱਖਿਆ ਵਿੱਚ ਸ਼ਾਮਲ ਬੱਚਿਆਂ ਨੂੰ ਬਚਾਇਆ ਗਿਆ ਅਤੇ ਉਨ੍ਹਾਂ ਦੇ ਮੁੜ ਵਸੇਬੇ ਲਈ ਉਪਰਾਲੇ ਕੀਤੇ ਗਏ ਹਨ। ਸੂਬੇ ਵਿੱਚ ਬਾਲ ਭਿੱਖਿਆ ਦੇ ਖਾਤਮੇ ਲਈ ਇਹ ਮੁਹਿੰਮ ਮਹੀਨੇ ਦੇ ਹਰ ਦੂਜੇ ਹਫਤੇ ਲਗਾਤਾਰ ਚਲਾਈ ਜਾਵੇਗੀ । ਇਸ ਮੁਹਿੰਮ ਦੌਰਾਨ ਰਾਜ ਵਿੱਚ ਵੱਖ-ਵੱਖ ਜ਼ਿਲ੍ਹਿਆਂ ਵਿੱਚ ਹੁਣ ਤੱਕ ਕੁੱਲ 77 ਬੱਚੇ ਬਚਾਏ ਗਏ ਹਨ ਜਿਨ੍ਹਾਂ ਵਿੱਚੋਂ 20 ਬੱਚਿਆਂ ਦਾ ਕੋਈ ਆਸਰਾ ਨਾ ਹੋਣ ਕਰਕੇ ਸੂਬੇ ਵਿੱਚ ਚਲਾਏ ਜਾ ਰਹੇ ਬਾਲ ਘਰਾਂ ਵਿੱਚ ਭੇਜਿਆ ਗਿਆ ਹੈ। ਇਨ੍ਹਾਂ ਬਾਲ ਘਰਾਂ ਵਿੱਚ ਬੱਚਿਆਂ ਨੂੰ ਪੜਾਈ, ਖਾਣਾ, ਸਿਹਤ ਸਹੂਲਤਾਂ, ਆਦਿ ਦਿੱਤੀਆਂ ਜਾਣਗੀਆਂ। ਬਾਕੀ ਬੱਚਿਆਂ ਨੂੰ ਬਾਲ ਭਲਾਈ ਕਮੇਟੀ ਰਾਹੀਂ ਓਨ੍ਹਾਂ ਦੇ ਮਾਪਿਆਂ ਨੂੰ ਸਪੁਰਦ ਕਰ ਦਿੱਤਾ ਗਿਆ ਹੈ। ਇਨ੍ਹਾਂ ਵਿੱਚੋਂ 8 ਬੱਚਿਆਂ ਨੂੰ ਸਪਾਂਸਰਸ਼ਿਪ ਸਕੀਮ ਦਾ ਲਾਭ, 13 ਬੱਚਿਆਂ ਨੂੰ ਸਕੂਲ ਵਿੱਚ ਦਾਖਲਾ ਕਰਵਾਉਣ ਲਈ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਇੱਕ ਬੱਚੇ ਨੂੰ ਆਂਗਨਵਾੜੀ ਵਿੱਚ ਦਾਖਲ ਕਰਵਾਇਆ ਗਿਆ ਹੈ।

ਡਾ. ਬਲਜੀਤ ਕੌਰ ਨੇ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਜੁਵੇਨਾਇਲ ਜਸਟਿਸ ਕੇਅਰ ਐਂਡ ਪ੍ਰੋਟੈਕਸ਼ਨ ਆਫ ਚਿਲਡਰਨ ਐਕਟ 2015 ਅਧੀਨ ਸੂਬੇ ਵਿੱਚ 07 ਸਰਕਾਰੀ ਚਿਲਡਰਨ ਹੋਮ ਅਤੇ 39 ਗੈਰ ਸਰਕਾਰੀ ਹੋਮ ਰਜਿਸਟਰਡ ਕੀਤੇ ਹੋਏ ਹਨ ਜਿਨਾਂ ਵਿਚ ਅਨਾਥ, ਬੇਸਾਹਾਰਾ ਅਤੇ ਸਪੁਰਧ ਕੀਤੇ ਬੱਚਿਆਂ ਨੂੰ ਰੱਖਣ ਦਾ ਉਪਬੰਧ ਹੈ।

ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਬੱਚਿਆਂ ਦੀ ਸੁਰੱਖਿਆ ਸਬੰਧੀ ਸੂਚਨਾ ਆਪਣੇ ਜ਼ਿਲ੍ਹੇ ਦੀ ਜ਼ਿਲ੍ਹਾ ਬਾਲ ਸੁਰੱਖਿਆ ਯੁਨਿਟ ਜਾਂ ਬਾਲ ਭਲਾਈ ਕਮੇਟੀ ਵਿਖੇ ਦੇਣ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਸੂਬਾ ਸਰਕਾਰ ਮਿਸ਼ਨ ਵਾਤਸੱਲਿਆ ਸਕੀਮ ਅਧੀਨ ਬੇਸਹਾਰਾ ਅਤੇ ਲੋੜਬੰਦ ਬੱਚਿਆ ਦੀ ਸੁਰੱਖਿਆ ਲਈ ਵਚਨਬੱਧ ਹੈ ਤਾਂ ਜੋ ਬੱਚਿਆ ਨੂੰ ਰਾਜ ਵਿੱਚ ਕਿਸੇ ਵੀ ਤਰ੍ਹਾਂ ਦੀ ਕੋਈ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ। ਸਕੀਮਾਂ ਸਬੰਧੀ ਸੂਚਨਾ ਵਿਭਾਗ ਦੀ ਵੈਬਸਾਇਟ sswcd@punjab.gov.in ਤੇ ਉਪਲੱਬਧ ਹੈ।

ਉਹਨਾਂ ਦੱਸਿਆ ਕਿ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਵੱਲੋਂ ਬੱਚਿਆਂ ਦੀ ਸੁਰੱਖਿਆ ਨੂੰ ਸੁਨਿਸ਼ਚਿਤ ਕਰਨ ਲਈ ਬਹੁਪੱਖੀ ਉਪਰਾਲੇ ਕੀਤੇ ਜਾ ਰਹੇ ਹਨ। ਬੱਚਿਆਂ ਦੀ ਸੁਰੱਖਿਆ ਅਤੇ ਭਲਾਈ ਲਈ ਵਿਭਾਗ ਵੱਲੋਂ ਮਿਸ਼ਨ ਵਾਤਸੱਲਿਆ ਸਕੀਮ (ਬਾਲ ਸੁਰੱਖਿਆ ਸਕੀਮ) ਚਲਾਈ ਜਾ ਰਹੀ ਹੈ ਜਿਸ ਦਾ ਮੁੱਖ ਉਦੇਸ਼ ਬੱਚਿਆਂ ਦੀ ਸਹੀ ਦੇਖਭਾਲ, ਸੁਰੱਖਿਆ, ਵਿਕਾਸ, ਇਲਾਜ ਅਤੇ ਸਮਾਜ ਵਿੱਚ ਮੁੜ ਵਸੇਬਾ ਕਰਨਾ ਹੈ।

Leave a Reply

Your email address will not be published. Required fields are marked *