ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਅਤੇ ਸਰਬਜੀਤ ਸਿੰਘ ਦਾ ਧੜਾ ਸ਼੍ਰੋਮਣੀ ਕਮੇਟੀ ਚੋਣਾਂ ਲੜੇਗਾ
ਜਲੰਧਰ, 3 ਅਗਸਤ, ਬੋਲੇ ਪੰਜਾਬ ਬਿਊਰੋ :
ਖਾਲਿਸਤਾਨੀ ਸਮਰਥਕ ਅਤੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਅਤੇ ਸਰਬਜੀਤ ਸਿੰਘ ਦਾ ਧੜਾ ਸ਼੍ਰੋਮਣੀ ਕਮੇਟੀ ਚੋਣਾਂ ਲੜੇਗਾ ਅਤੇ ਇਸ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਅਤੇ ਸੰਸਦ ਮੈਂਬਰ ਸਰਬਜੀਤ ਸਿੰਘ ਜਲੰਧਰ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਦੇ ਮੰਤਰੀ ਹਾਰ ਤੋਂ ਬੌਖਲਾਏ ਹੋਏ ਹਨ।
ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨੇ ਦੋਸ਼ ਲਾਉਂਦਿਆਂ ਕਿਹਾ ਕਿ ਮੰਤਰੀ ਲਾਲਜੀਤ ਭੁੱਲਰ ਅਤੇ ਹਰਭਜਨ ਈਟੀਓ ਅੰਮ੍ਰਿਤਪਾਲ ਦੇ ਸਮਰਥਕਾਂ ਨੂੰ ਝੂਠੇ ਕੇਸਾਂ ਵਿੱਚ ਫਸਾ ਰਹੇ ਹਨ। ਜੇਕਰ ਕੋਈ ਕੰਮ ਕਰਵਾਉਣ ਜਾਂਦਾ ਹੈ ਤਾਂ ਉਸ ਨੂੰ ਜਵਾਬ ਮਿਲਦਾ ਹੈ ਕਿ ਜਾ ਕੇ ਅੰਮ੍ਰਿਤਪਾਲ ਤੋਂ ਕੰਮ ਕਰਵਾ ਲਓ। ਤਰਸੇਮ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਹਰ ਪਾਸਿਓਂ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਸੰਸਦ ਮੈਂਬਰ ਸਰਬਜੀਤ ਸਿੰਘ ਨੇ ਕਿਹਾ ਕਿ ਉਨ੍ਹਾਂ ਦੇ ਪਿੰਡਾਂ ਵਿੱਚ ਮਨਰੇਗਾ ਤਹਿਤ ਜੌਬ ਕਾਰਡ ਨਹੀਂ ਦਿੱਤੇ ਜਾ ਰਹੇ। ਪਿੰਡਾਂ ਵਿੱਚ ਉਸ ਦਾ ਸਾਥ ਦੇਣ ਵਾਲਿਆਂ ਨੂੰ ਸਰਕਾਰ ਦੇ ਇਸ਼ਾਰੇ ’ਤੇ ਜਾਣਬੁੱਝ ਕੇ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ।
ਤਰਸੇਮ ਸਿੰਘ ਅਤੇ ਸੰਸਦ ਮੈਂਬਰ ਸਰਬਜੀਤ ਸਿੰਘ ਨੇ ਕਿਹਾ ਕਿ ਉਨ੍ਹਾਂ ਦਾ ਧੜਾ ਸ਼੍ਰੋਮਣੀ ਕਮੇਟੀ ਦੀਆਂ ਤਿਆਰੀਆਂ ਕਰ ਰਿਹਾ ਹੈ ਅਤੇ ਚੋਣਾਂ ਕਿਸੇ ਵੀ ਕੀਮਤ ’ਤੇ ਲੜੀਆਂ ਜਾਣਗੀਆਂ। ਸੁਖਬੀਰ ਦੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ੀ ਬਾਰੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨੇ ਕਿਹਾ ਕਿ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਸੋਚ ਸਮਝ ਕੇ ਫੈਸਲਾ ਲੈਣਾ ਚਾਹੀਦਾ ਹੈ ਤਾਂ ਜੋ ਸੰਗਤ ਨੂੰ ਕੋਈ ਠੇਸ ਨਾ ਪਹੁੰਚੇ। ਉਨ੍ਹਾਂ ਕਿਹਾ ਕਿ ਉਹ ਪੰਥ ਦੀ ਏਕਤਾ ਲਈ ਚੱਲ ਰਹੇ ਹਨ ਅਤੇ ਸਾਰਿਆਂ ਨੂੰ ਪੰਥ ਦੀ ਏਕਤਾ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ 19 ਅਗਸਤ ਨੂੰ ਪੰਥ ਏਕਤਾ ਦਾ ਇਕੱਠ ਰੱਖਿਆ ਗਿਆ ਹੈ।