ਪੰਜਾਬੀ ਯੂਨੀਵਰਸਿਟੀ ਪਟਿਆਲਾ ਅਧੀਨ ਆਉਂਦੇ ਕਾਂਸਟੀਚੂਐਂਟ ਕਾਲਜਾਂ ਅਤੇ ਕੈਂਪਸਾਂ ਵਿੱਚ ਪਹਿਲਾਂ ਤੋਂ ਕੰਮ ਕਰ ਰਹੇ ਕੱਚੇ ਅਧਿਆਪਕਾਂ ਨੂੰ ਬਹਾਲ ਕਰਕੇ ਵਿਦਿਆਰਥੀਆਂ ਦੀ ਪੜ੍ਹਾਈ ਸ਼ੁਰੂ ਕੀਤੀ ਜਾਵੇ(ਆਇਸਾ)
ਮਾਨਸਾ 6 ਅਗਸਤ ,ਬੋਲੇ ਪੰਜਾਬ ਬਿਊਰੋ :
ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ ਆਇਸਾ (ਪੰਜਾਬ) ਦੀ ਮਾਤਾ ਸੁੰਦਰੀ ਯੂਨੀਵਰਸਿਟੀ ਗਰਲਜ ਕਾਲਜ ਮਾਨਸਾ ਦੀ ਇਕਾਈ ਵੱਲੋਂ ਵਿਦਿਆਰਥੀਆਂ ਤੋਂ ਨਾਜਾਇਜ਼ ਵਸੂਲੇ ਜਾ ਰਹੇ ਪੀਟੀਏ ਫੰਡ ਨੂੰ ਬੰਦ ਕਰਵਾਉਣ,ਪਹਿਲਾਂ ਤੋਂ ਕੰਮ ਕਰ ਰਹੇ ਕੱਚੇ ਅਧਿਆਪਕਾਂ ਨੂੰ ਪੱਕੇ ਕਰਨ,ਵਿਦਿਆਰਥੀਆਂ ਦੀਆਂ ਕਲਾਸਾਂ ਸ਼ੁਰੂ ਕਰਨ,ਪੰਜਾਬ ਦੇ ਸਰਕਾਰੀ ਕਾਲਜਾਂ ਨੂੰ ਖ਼ੁਦਮੁਖ਼ਤਿਆਰ (autonoms) ਕਰਨ ਦੀ ਨੀਤੀ ਅਤੇ ਨਵੀਂ ਸਿੱਖਿਆ ਨੀਤੀ 2020 ਨੂੰ ਰੱਦ ਕੀਤੇ ਜਾਣ ਦੀ ਮੰਗ ਨੂੰ ਲੈ ਕੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਵਾਈਸ ਚਾਂਸਲਰ ਦੇ ਨਾਮ ਤੇ ਕਾਲਜ ਪ੍ਰਿੰਸੀਪਲ ਰਾਹੀਂ ਮੰਗ ਪੱਤਰ ਦਿੱਤਾ ਗਿਆ ਅਤੇ 9 ਅਗਸਤ ਨੂੰ ਦਿੱਲੀ ਚੱਲੋ ਦੀ ਤਿਆਰੀ ਲਈ ਰੈਲੀ ਵੀ ਕੀਤੀ ਗਈ।
ਇਸ ਮੌਕੇ ਪ੍ਰੈੱਸ ਨੂੰ ਬਿਆਨ ਜਾਰੀ ਕਰਦਿਆਂ ਆਇਸਾ ਦੀ ਮਾਤਾ ਸੁੰਦਰੀ ਯੂਨੀਵਰਸਿਟੀ ਗਰਲਜ ਕਾਲਜ ਮਾਨਸਾ ਦੀ ਇਕਾਈ ਦੀ ਆਗੂ ਗਗਨਦੀਪ ਕੌਰ ਮਾਨਸਾ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਸੰਘਾਤਮਕ ਢਾਂਚੇ ਨੂੰ ਖ਼ਤਮ ਕਰਦਿਆਂ ਸੂਬਿਆਂ ਤੋਂ ਸਿੱਖਿਆ ਦੇ ਅਧਿਕਾਰਾਂ ਨੂੰ ਖੋਹਣ ਦੇ ਲਈ ਅਤੇ ਕਾਰਪੋਰੇਟ ਘਰਾਣਿਆਂ ਦੇ ਪੱਖਾਂ ਦੀ ਪੂਰਤੀ ਕਰਨ ਲਈ ਆਏ ਦਿਨ ਰੁਜ਼ਗਾਰ ਦੇ ਮੌਕੇ ਖ਼ਤਮ ਕਰਕੇ ਅਧਿਆਪਕਾਂ ਨੂੰ ਪੱਕੇ ਕਰਨ ਦੀ ਬਜਾਇ ਕਾਲਜਾਂ ਵਿੱਚ ਪਹਿਲਾਂ ਤੋਂ ਕੰਮ ਕਰ ਰਹੇ ਕੱਚੇ ਅਧਿਆਪਕਾਂ ਨੂੰ ਬਾਹਰ ਕਰਨ ਦੇ ਨਾਦਰਸ਼ਾਹੀ ਫੁਰਮਾਨ ਜਾਰੀ ਕੀਤੇ ਜਾ ਰਹੇ ਹਨ ਅਤੇ ਅਧਿਆਪਕਾਂ ਦੇ ਭਵਿੱਖ ਨੂੰ ਖ਼ਤਰੇ ਵਿੱੱਚ ਪਾਇਆ ਜਾ ਰਿਹਾ ਹੈ। ਕਾਲਜਾਂ ਵਿੱਚ ਅਧਿਆਪਕਾਂ ਦੇ ਨਾਂ ਆਉਣ ਨਾਲ ਵਿਦਿਆਰਥੀਆਂ ਦੀ ਪੜ੍ਹਾਈ ਦਾ ਨੁਕਸਾਨ ਹੋ ਰਿਹਾ ਹੈ।ਸਿੱਖਿਆ ਦੇ ਖੇਤਰ ਵਿੱਚ ਤਬਦੀਲੀਆਂ ਲਿਆ ਕੇ ਵਿਦਿਆਰਥੀਆਂ ਦੀਆਂ ਫੀਸਾਂ ਅਤੇ ਪੀਟੀਏ ਫੰਡਾਂ ਵਿੱਚ ਲਗਾਤਾਰ ਵਾਧਾ ਕੀਤਾ ਜਾ ਰਿਹਾ ਹੈ ਅਤੇ ਪ੍ਰੀਖਿਆਵਾਂ ਦੇ ਵਿੱਚ ਘਪਲੇ ਕੀਤੇ ਜਾ ਰਹੇ ਹਨ। ਜਿਸਦੇ ਖ਼ਿਲਾਫ਼ ਵਿਦਿਆਰਥੀਆਂ ਨੂੰ ਲਾਮਬੰਦ ਕਰਦਿਆਂ ਆਇਸਾ ਸੰਘਰਸ਼ ਕਰਨ ਲਈ ਵਚਨਬੱਧ ਹੈ। ਆਇਸਾ ਦੇ ਜ਼ਿਲ੍ਹਾ ਪ੍ਰਧਾਨ ਕੁਲਵੰਤ ਸਿੰਘ ਖੋਖਰ ਕਲਾਂ ਨੇ ਮੰਗ ਕੀਤੀ ਕਿ ਪਹਿਲਾਂ ਤੋਂ ਕੰਮ ਕਰ ਰਹੇ ਕੱਚੇ ਅਧਿਆਪਕਾਂ ਨੂੰ ਬਹਾਲ ਕਰਕੇ ਵਿਦਿਆਰਥੀਆਂ ਦੀਆਂ ਕਲਾਸਾਂ ਸ਼ੁਰੂ ਕੀਤੀਆਂ ਜਾਣ,ਅਧਿਆਪਕਾਂ ਦੀ ਪੱਕੀ ਭਰਤੀ ਕੀਤੀ ਜਾਵੇ,ਨਵੀਂ ਸਿੱਖਿਆ ਨੀਤੀ 2020 ਰੱਦ ਕੀਤੀ ਜਾਵੇ,ਸਰਕਾਰੀ ਕਾਲਜਾਂ ਦੇ ਨਿੱਜੀਕਰਨ ਦੀ ਨੀਤੀ ਨੂੰ ਰੱਦ ਕਰਕੇ ਯੂਨੀਵਰਸਿਟੀਆਂ ਅਤੇ ਸਰਕਾਰੀ ਕਾਲਜਾਂ ਲਈ ਲੋੜੀਂਦੇ ਫੰਡ/ਗ੍ਰਾਂਟਾਂ ਜ਼ਾਰੀ ਕੀਤੀਆਂ ਜਾਣ,ਪ੍ਰੀਖਿਆਵਾਂ ਵਿੱਚ ਹੋ ਰਹੇ ਘਪਲਿਆਂ ਨੂੰ ਨੂੰ ਨੱਥ ਪਾਈ ਜਾਵੇ,ਐੱਨ ਟੀ ਏ ਨੂੰ ਖ਼ਤਮ ਕੀਤਾ ਜਾਵੇ,ਦਾਖਲਿਆਂ ਸਮੇਂ ਵਿਦਿਆਰਥੀਆਂ ਤੋਂ ਪੀਟੀਏ ਫੰਡ ਵਸੂਲ ਕਰਨਾ ਬੰਦ ਕੀਤਾ ਜਾਵੇ ਅਤੇ ਐੱਸ ਸੀ ਵਿਦਿਆਰਥੀਆਂ ਨੂੰ ਬਿਨਾਂ ਸ਼ਰਤ ਸਕਾਲਰਸ਼ਿੱਪ ਦੇ ਆਧਾਰ ਤੇ ਦਾਖਲੇ ਦਿੱਤੇ ਜਾਣ,ਰੁਜ਼ਗਾਰ ਨੂੰ ਸੰਵਿਧਾਨਕ ਅਧਿਕਾਰਾਂ ਵਿੱਚ ਸ਼ਾਮਲ ਕਰਦਿਆਂ ਹਰੇਕ ਲਈ ਯੋਗਤਾ ਮੁਤਾਬਿਕ ਰੁਜ਼ਗਾਰ ਦੀ ਗਰੰਟੀ ਕੀਤੀ ਜਾਵੇ, ਸਿੱਖਿਆ ਉੱਪਰ ਬਜਟ ਦਾ ਦਸ ਪ੍ਰਤੀਸ਼ਤ ਹਿੱਸਾ ਖਰਚ ਕੀਤਾ ਜਾਵੇ। ਇਸ ਮੌਕੇ ਆਗੂਆਂ ਨੇ ਵਿਦਿਆਰਥੀਆਂ ਨੂੰ ਆਇਸਾ ਵੱਲੋਂ 9 ਅਗਸਤ ਨੂੰ ਦਿੱਲੀ ਵਿੱਚ ਕੀਤੇ ਜਾ ਰਹੇ ਸੰਸਦ ਮਾਰਚ ਵਿੱਚ ਸ਼ਾਮਿਲ ਹੋਣ ਅਤੇ ਜਥੇਬੰਦੀ ਦੇ ਮੈਂਬਰ ਬਣਨ ਦੀ ਅਪੀਲ ਵੀ ਕੀਤੀ।
ਇਸ ਮੌਕੇ ਨਵਰੀਤ ਕੌਰ,ਸੁਖਦੀਪ ਕੌਰ,ਕਮਲਪ੍ਰੀਤ ਕੌਰ,ਰਮਨਦੀਪ ਕੌਰ ਅਤੇ ਮਨਜੋਤ ਕੌਰ ਆਦਿ ਵਿਦਿਆਰਥੀ ਹਾਜ਼ਰ ਸਨ।