ਖੰਨਾ ‘ਚ ਕਾਰ ਸਵਾਰਾਂ ਵੱਲੋਂ ਕੁਚਲਣ ਕਾਰਨ ਬੈਂਕ ਮੈਨੇਜਰ ਦੀ ਮੌਤ, ਦੋ ਗੰਭੀਰ ਜ਼ਖਮੀ
ਖੰਨਾ, 17 ਅਗਸਤ, ਬੋਲੇ ਪੰਜਾਬ ਬਿਊਰੋ:
ਖੰਨਾ ‘ਚ ਇੱਕ ਬੈਂਕ ਮੈਨੇਜਰ ਨੂੰ ਕਾਰ ਨਾਲ ਕੁਚਲਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਬੈਂਕ ਮੈਨੇਜਰ ਜੋ ਆਪਣੇ ਦੋਸਤਾਂ ਨਾਲ ਗਿਆ ਸੀ, ਨੂੰ ਕੁਝ ਨੌਜਵਾਨਾਂ ਨੇ ਕਾਰ ਨਾਲ ਟੱਕਰ ਮਾਰ ਦਿੱਤੀ, ਜਿਸ ਕਾਰਨ ਬੈਂਕ ਮੈਨੇਜਰ ਦੀ ਮੌਤ ਹੋ ਗਈ, ਜਦਕਿ ਉਸ ਦੇ ਦੋ ਦੋਸਤ ਜ਼ਖਮੀ ਦੱਸੇ ਜਾ ਰਹੇ ਹਨ।ਘਟਨਾ ਖੰਨਾ ਦੇ ਮਾਛੀਵਾੜਾ ਦੇ ਪਿੰਡ ਖੇੜਾ ਦੀ ਦੱਸੀ ਜਾ ਰਹੀ ਹੈ, ਜਿੱਥੇ ਕੁਝ ਕਾਰ ਸਵਾਰ ਨੌਜਵਾਨਾਂ ਨੇ ਬੈਂਕ ਮੈਨੇਜਰ ਅਤੇ ਉਸਦੇ ਦੋਸਤਾਂ ਨੂੰ ਕੁਚਲ ਦਿੱਤਾ। ਹਾਦਸੇ ਤੋਂ ਬਾਅਦ ਸਾਰਿਆਂ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਬੈਂਕ ਮੈਨੇਜਰ ਕੁਲਵਿੰਦਰ ਸਿੰਘ ਦੀ ਮੌਤ ਹੋ ਗਈ, ਜਦਕਿ ਬੈਂਕ ਮੈਨੇਜਰ ਦੇ ਦੋ ਸਾਥੀ ਗੰਭੀਰ ਜ਼ਖ਼ਮੀ ਹਨ, ਜਿਨ੍ਹਾਂ ਨੂੰ ਪੀਜੀਆਈ ਚੰਡੀਗੜ੍ਹ ਰੈਫ਼ਰ ਕਰ ਦਿੱਤਾ ਗਿਆ ਹੈ। ਕੁਲਵਿੰਦਰ ਸਿੰਘ ਸਮਰਾਲਾ ਦੇ ਇੱਕ ਨਿੱਜੀ ਬੈਂਕ ਵਿੱਚ ਬਤੌਰ ਮੈਨੇਜਰ ਤਾਇਨਾਤ ਸੀ। ਕੁਲਵਿੰਦਰ ਦੀ ਮੌਤ ਤੋਂ ਬਾਅਦ ਪਰਿਵਾਰ ‘ਚ ਗੁੱਸਾ ਹੈ।
ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਅਤੇ ਜ਼ਖਮੀਆਂ ਦੇ ਦੋਸਤਾਂ ਨੇ ਦੱਸਿਆ ਹੈ ਕਿ ਪੁਰਾਣੀ ਰੰਜਿਸ਼ ਦੇ ਚੱਲਦਿਆਂ ਉਨ੍ਹਾਂ ਦੇ ਉਪਰ ਕਾਰ ਚੜ੍ਹਾਈ ਗਈ, ਜਿਸ ਵਿੱਚ ਉਨ੍ਹਾਂ ਦੇ ਦੋਸਤ ਕੁਲਵਿੰਦਰ ਸਿੰਘ ਦੀ ਮੌਤ ਹੋ ਗਈ। ਉਨ੍ਹਾਂ ਨੇ ਦੱਸਿਆ ਕਿ ਕੁਲਵਿੰਦਰ ਸਿੰਘ ‘ਤੇ ਹਮਲਾ ਕਰਨ ਵਾਲੇ ਨੌਜਵਾਨ ਨਸ਼ੇ ਦਾ ਧੰਦਾ ਕਰਦੇ ਹਨ, ਜਿਨ੍ਹਾਂ ਨੂੰ ਕੁਲਵਿੰਦਰ ਨੇ ਕਈ ਵਾਰ ਰੋਕਿਆ ਸੀ। ਇਸੇ ਰੰਜਿਸ਼ ਕਾਰਨ ਉਨ੍ਹਾਂ ਨੇ ਉਸ ਦਾ ਕਤਲ ਕਰ ਦਿੱਤਾ। ਫਿਲਹਾਲ ਪੁਲਿਸ ਨੇ ਪਰਿਵਾਰ ਦੇ ਬਿਆਨਾਂ ਦੇ ਆਧਾਰ ‘ਤੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।