ਬਾਬਾ ਬਕਾਲਾ ਦੇ ਗੁਰਦੁਆਰਾ ਨੌਵੀਂ ਪਾਤਸ਼ਾਹੀ ਸਾਹਿਬ ਵਿਖੇ ਨਤਮਸਤਕ ਹੋ ਕੇ ਸਰਬੱਤ ਦਾ ਭਲਾ ਮੰਗਿਆ
ਰੱਖੜ ਪੁੰਨਿਆ ਮੌਕੇ ਰਾਜ ਪੱਧਰੀ ਸਮਾਗਮ ਵਿੱਚ ਸ਼ਿਰਕਤ
ਬਾਬਾ ਬਕਾਲਾ, 19 ਅਗਸਤ ,ਬੋਲੇ ਪੰਜਾਬ ਬਿਊਰੋ :
ਪੰਜਾਬਪ੍ਰਸਤ ਹੋਣ ਦਾ ਦਾਅਵਾ ਕਰਨ ਵਾਲੇ ਸ਼੍ਰੋਮਣੀ ਅਕਾਲੀ ਦਲ ਉਤੇ ਤਿੱਖਾ ਨਿਸ਼ਾਨਾ ਸਾਧਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਥ ਦੇ ਨਾਮ ਉਤੇ ਵੋਟਾਂ ਮੰਗਣ ਵਾਲੀ ਇਸ ਪਾਰਟੀ ਨੇ ਸੰਸਦ ਵਿੱਚ ਕਦੇ ਵੀ ਪੰਜਾਬ ਦੀ ਗੱਲ ਨਹੀਂ ਕੀਤੀ।
ਰੱਖੜ ਪੁੰਨਿਆ ਮੌਕੇ ਰਾਜ ਪੱਧਰੀ ਸਮਾਗਮ ਦੌਰਾਨ ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਬੜੇ ਦੁੱਖ ਦੀ ਗੱਲ ਹੈ ਕਿ ਪੰਥ ਦੇ ਨਾਮ ਉਤੇ ਵੋਟਾਂ ਲੈ ਕੇ ਸੱਤਾ ਦਾ ਸੁਖ ਭੋਗਣ ਵਾਲੀ ਪਾਰਟੀ ਦੇ ਆਗੂ ਸੰਸਦ ਵਿੱਚ ਪੰਜਾਬ ਦੇ ਮਸਲਿਆਂ ਉਤੇ ਮੂਕ ਦਰਸ਼ਕ ਬਣੇ ਰਹੇ। ਭਗਵੰਤ ਸਿੰਘ ਨੇ ਇਕ ਮਿਸਾਲ ਦਿੰਦਿਆਂ ਕਿਹਾ ਕਿ ਉਨ੍ਹਾਂ ਵੱਲੋਂ 26 ਦਸੰਬਰ, 2018 ਨੂੰ ਲੋਕ ਸਭਾ ਮੈਂਬਰ ਵਜੋਂ ਆਪਣੇ ਕਾਰਜਕਾਲ ਦੌਰਾਨ ਤਤਕਾਲੀ ਲੋਕ ਸਭਾ ਸਪੀਕਰ ਸੁਮਿੱਤਰਾ ਮਹਾਜਨ ਕੋਲ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਨੂੰ ਉਨ੍ਹਾਂ ਦੇ ਸ਼ਹੀਦੀ ਦਿਹਾੜੇ ‘ਤੇ ਸ਼ਰਧਾਂਜਲੀ ਦੇਣ ਦੀ ਅਪੀਲ ਕੀਤੀ ਸੀ। ਉਨ੍ਹਾਂ ਕਿਹਾ ਕਿ ਲੋਕ ਸਭਾ ਸਪੀਕਰ ਨੇ ਉਨ੍ਹਾਂ ਦੀ ਅਪੀਲ ਨਾਲ ਸਹਿਮਤ ਹੁੰਦਿਆਂ ਸੰਸਦ ਦੇ ਇਤਿਹਾਸ ਵਿੱਚ ਪਹਿਲੀ ਵਾਰ ਸਤਿਕਾਰ ਵਜੋਂ ਸਾਹਿਬਜ਼ਾਦਿਆਂ ਨੂੰ ਸ਼ਰਧਾਂਜਲੀ ਭੇਟ ਕੀਤੀ ਜਿਨ੍ਹਾਂ ਨੇ ਜ਼ੁਲਮ ਅਤੇ ਬੇਇਨਸਾਫੀ ਅੱਗੇ ਈਨ ਨਹੀਂ ਮੰਨੀ। ਮੁੱਖ ਮੰਤਰੀ ਨੇ ਕਿਹਾ, “ਮੈਨੂੰ ਹੈਰਾਨੀ ਇਸ ਗੱਲ ਦੀ ਹੈ ਕਿ ਅਕਾਲੀ ਦਲ ਨੇ ਕਦੇ ਵੀ ਸਾਹਿਬਜ਼ਾਦਿਆਂ ਨੂੰ ਸੰਸਦ ਵਿੱਚ ਸਤਿਕਾਰ ਭੇਟ ਬਾਰੇ ਅਰਜ਼ੀ ਤੱਕ ਨਹੀਂ ਦਿੱਤੀ ਜਦਕਿ ਇਹ ਪਾਰਟੀ ਪੰਥਪ੍ਰਸਤ ਅਤੇ ਪੰਜਾਬਪ੍ਰਸਤ ਹੋਣ ਦਾ ਦਾਅਵਾ ਕਰਦੀ ਹੈ। ਪੰਜਾਬ ਦੇ ਮਸਲਿਆਂ ਬਾਰੇ ਇਨ੍ਹਾਂ ਕੋਲੋਂ ਹੋਰ ਕੀ ਉਮੀਦ ਰੱਖੀ ਜਾ ਸਕਦੀ ਹੈ।”
ਪੰਜਾਬ ਨੂੰ ਅਮਨ-ਕਾਨੂੰਨ ਦੀ ਵਿਵਸਥਾ ਦਾ ਪਾਠ ਪੜ੍ਹਾਉਣ ਵਾਲੀ ਭਾਜਪਾ ਉਤੇ ਵਰ੍ਹਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਭਾਜਪਾ ਨੂੰ ਕਿਸੇ ਉਤੇ ਉਂਗਲ ਚੁੱਕਣ ਤੋਂ ਪਹਿਲਾਂ ਆਪਣੀ ਪੀੜ੍ਹੀ ਹੇਠ ਸੋਟਾ ਫੇਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਉੱਤਰ ਪ੍ਰਦੇਸ਼ ਅਤੇ ਹਰਿਆਣਾ ਵਿੱਚ ਭਾਜਪਾ ਦੀ ਅਗਵਾਈ ਵਾਲੀਆਂ ਸਰਕਾਰਾਂ ਨੂੰ ਰਾਮ ਨੌਮੀ ਵਰਗੇ ਤਿਉਹਾਰਾਂ ਮੌਕੇ ਕਰਫਿਊ ਲਾਉਣੇ ਪੈਂਦੇ ਹਨ ਜੋ ਉੱਥੋਂ ਦੀ ਬਦਤਰ ਅਮਨ-ਕਾਨੂੰਨ ਦੀ ਜਿਉਂਦੀ ਜਾਗਦੀ ਮਿਸਾਲ ਹੈ। ਉਨ੍ਹਾਂ ਨੇ ਭਾਜਪਾ ਨੂੰ ਹਰਿਆਣਾ ਦੇ ਨੂਹ ਇਲਾਕੇ ਵਿੱਚ ਲੱਗੇ ਕਰਫਿਊ ਦਾ ਵੀ ਚੇਤਾ ਕਰਵਾਇਆ। ਮੁੱਖ ਮੰਤਰੀ ਨੇ ਕਿਹਾ, “ਭਾਜਪਾ ਵਾਲੇ ਮੈਨੂੰ ਅਮਨ-ਕਾਨੂੰਨ ਦੀਆਂ ਨਸੀਹਤਾਂ ਦਿੰਦੇ ਹਨ। ਮੈਂ ਇਹ ਗੱਲ ਬੜੇ ਮਾਣ ਨਾਲ ਕਹਿ ਸਕਦਾ ਹਾਂ ਕਿ ਪੰਜਾਬ ਵਿੱਚ ਸਾਰੇ ਧਰਮਾਂ ਦੇ ਤਿਉਹਾਰ ਸਾਂਝੇ ਤੌਰ ਉਤੇ ਮਨਾਏ ਜਾਂਦੇ ਹਨ। ਮੇਰੇ ਕਾਰਜਕਾਲ ਦੌਰਾਨ ਇਕ ਦਿਨ ਵੀ ਇੱਥੇ ਕਰਫਿਊ ਨਹੀਂ ਲੱਗਿਆ ਕਿਉਂਕਿ ਸਾਡੀ ਧਰਤੀ ਗੁਰੂਆਂ ਅਤੇ ਸ਼ਹੀਦਾਂ ਦੀ ਧਰਤੀ ਹੈ ਜਿਸ ਕਰਕੇ ਪੰਜਾਬੀਆਂ ਨੂੰ ਦੁਨੀਆ ਭਰ ਵਿੱਚ ਆਪਸੀ ਪਿਆਰ ਅਤੇ ਭਾਈਚਾਰਕ ਸਾਂਝ ਕਰਕੇ ਜਾਣਿਆ ਜਾਂਦਾ ਹੈ।”
ਜਲੰਧਰ ਪੱਛਮੀ ਜ਼ਿਮਨੀ ਚੋਣ ਵਿੱਚ ਬੁਰੀ ਤਰ੍ਹਾਂ ਹਾਰਨ ਤੋਂ ਬਾਅਦ ਸਿਆਸੀ ਗੁਮਨਾਮੀ ਵਿੱਚ ਜਾਣ ਵਾਲੇ ਵਿਰੋਧੀ ਆਗੂਆਂ ਉਤੇ ਤਨਜ਼ ਕੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਚੋਣ ਤੋਂ ਬਾਅਦ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਅਤੇ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੂੰ ਏਨਾ ਵੱਡਾ ਝਟਕਾ ਲੱਗਾ ਹੈ ਕਿ ਉਹ ਸਿਆਸੀ ਖੇਤਰ ਵਿੱਚੋਂ ‘ਲਾਪਤਾ’ ਹੀ ਹੋ ਗਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਇਨ੍ਹਾਂ ਆਗੂਆਂ ਨੂੰ ਸਾਫ਼ ਤੌਰ ਉਤੇ ਦੱਸ ਦਿੱਤਾ ਹੈ ਕਿ ਹੁਣ ਸਿਆਸਤ ਵਿੱਚ ਪਰਿਵਾਰਵਾਦ ਲਈ ਕੋਈ ਥਾਂ ਨਹੀਂ ਹੈ ਸਗੋਂ ਆਮ ਲੋਕਾਂ ਦੀ ਆਵਾਜ਼ ਉਠਾਉਣ ਵਾਲੇ ਸਿਆਸਤਦਾਨ ਹੀ ਸੱਤਾ ਦੀਆਂ ਪੌੜੀਆਂ ਚੜ੍ਹ ਸਕਦੇ ਹਨ।
ਸਿੱਖਿਆ ਅਤੇ ਸਿਹਤ ਖੇਤਰ ਵਿੱਚ ‘ਮਜਬੂਰੀ ਨੂੰ ਮਰਜ਼ੀ ਵਿੱਚ ਬਦਲਣ’ ਦਾ ਵਾਅਦਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰੀ ਸਕੂਲਾਂ ਅਤੇ ਹਸਪਤਾਲਾਂ ਵਿੱਚ ਅਤਿ ਆਧੁਨਿਕ ਬੁਨਿਆਦੀ ਢਾਂਚਾ ਮੁਹੱਈਆ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਆਉਂਦੇ ਸਮੇਂ ਵਿੱਚ ਇਹ ਲੋਕਾਂ ਦੀ ਮਰਜ਼ੀ ਹੋਵੇਗੀ ਕਿ ਉਹ ਆਪਣਾ ਬੱਚਾ ਸਰਕਾਰੀ ਸਕੂਲ ਵਿੱਚੋਂ ਪੜ੍ਹਾਉਣ ਜਾਂ ਪ੍ਰਾਈਵੇਟ ਸਕੂਲ ਵਿੱਚੋਂ, ਪੜ੍ਹਾਈ ਦਾ ਪੱਧਰ ਬਰਾਬਰ ਹੋਵੇਗਾ ਪਰ ਫਰਕ ਸਿਰਫ ਏਨਾ ਹੋਵੇਗਾ ਕਿ ਸਰਕਾਰੀ ਸਕੂਲਾਂ ਵਿੱਚ ਕੋਈ ਫੀਸ ਨਹੀਂ ਲਈ ਜਾਵੇਗੀ। ਇਸੇ ਤਰ੍ਹਾਂ ਸਰਕਾਰੀ ਹਸਪਤਾਲਾਂ ਵਿੱਚ ਪ੍ਰਾਈਵੇਟ ਹਸਪਤਾਲਾਂ ਦੇ ਬਰਾਬਰ ਮੁਫ਼ਤ ਇਲਾਜ ਮਿਲੇਗਾ। ਮੁੱਖ ਮੰਤਰੀ ਨੇ ਕਿਹਾ ਕਿ ਉਹ ਪੰਜਾਬ ਨੂੰ ਬੁਲੰਦੀਆਂ ਉੱਤੇ ਵੇਖਣਾ ਚਾਹੁੰਦਾ ਹਾਂ ਜਿਸ ਲਈ ਉਹ ਵੱਡੇ ਉਪਰਾਲੇ ਕਰ ਰਹੇ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਪੰਜਾਬ ਸਰਕਾਰ ਨੇ ਸੂਬਾ ਭਰ ਵਿੱਚ 842 ਆਮ ਆਦਮੀ ਕਲੀਨਿਕ ਸਥਾਪਤ ਕੀਤੇ ਹਨ ਜਿਨ੍ਹਾਂ ਨੇ ਸਿਹਤ ਖੇਤਰ ਵਿੱਚ ਨਵੀਂ ਕ੍ਰਾਂਤੀ ਦੀ ਨੀਂਹ ਰੱਖੀ ਹੈ। ਉਨ੍ਹਾਂ ਕਿਹਾ ਕਿ ਹੁਣ ਤੱਕ 2 ਕਰੋੜ ਤੋਂ ਵੱਧ ਲੋਕ ਇਨ੍ਹਾਂ ਕਲੀਨਿਕਾਂ ਦਾ ਲਾਭ ਲੈ ਚੁੱਕੇ ਹਨ ਅਤੇ ਇਨ੍ਹਾਂ ਕਲੀਨਿਕਾਂ ਵਿੱਚ ਹਰ ਰੋਜ਼ ਆਉਂਦੇ 95 ਫੀਸਦੀ ਮਰੀਜ਼ ਆਪਣੀਆਂ ਬਿਮਾਰੀਆਂ ਤੋਂ ਛੁਟਕਾਰਾ ਪਾ ਚੁੱਕੇ ਹਨ। ਉਨ੍ਹਾਂ ਕਿਹਾ ਕਿ 30 ਹੋਰ ਅਜਿਹੇ ਕਲੀਨਿਕ ਸਥਾਪਤ ਕੀਤੇ ਜਾ ਰਹੇ ਹਨ ਜਿਸ ਨਾਲ ਲੋਕਾਂ ਨੂੰ ਉਨ੍ਹਾਂ ਦੇ ਘਰ ਨੇੜੇ ਬਿਹਤਰ ਸਿਹਤ ਸਹੂਲਤਾਂ ਹਾਸਲ ਹੋਣਗੀਆਂ।
ਮੁੱਖ ਮੰਤਰੀ ਨੇ ਕਿਹਾ ਕਿ ਸਾਲ 2022 ਵਿੱਚ ਲੋਕਾਂ ਨੂੰ ਮੁਫ਼ਤ ਬਿਜਲੀ ਦੇਣ ਦੀ ਸਹੂਲਤ ਸ਼ੁਰੂ ਕੀਤੀ ਸੀ ਅਤੇ ਇਸ ਵੇਲੇ 90 ਫੀਸਦੀ ਘਰਾਂ ਨੂੰ ਬਿਜਲੀ ਮੁਫ਼ਤ ਮਿਲ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਹੋਰ ਵੀ ਤਸੱਲੀ ਵਾਲੀ ਗੱਲ ਹੈ ਕਿ ਘਰੇਲੂ ਬਿਜਲੀ ਦੇ ਨਾਲ-ਨਾਲ ਖੇਤਾਂ ਨੂੰ ਵੀ ਨਿਰਵਿਘਨ ਬਿਜਲੀ ਮੁਫ਼ਤ ਮੁਹੱਈਆ ਕਰਵਾਈ ਜਾ ਰਹੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਆਪਣੇ ਸਿਰਫ਼ 880 ਦਿਨਾਂ ਦੇ ਕਾਰਜਕਾਲ ਵਿੱਚ ਸੂਬੇ ਦੇ 44700 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇ ਕੇ ਨਵਾਂ ਕੀਰਤੀਮਾਨ ਸਥਾਪਤ ਕੀਤਾ ਹੈ ਜਿਸ ਨਾਲ ਪਿਛਲੇ ਢਾਈ ਸਾਲਾਂ ਵਿੱਚ ਔਸਤਨ ਰੋਜ਼ਾਨਾ 51 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਮਿਲੀਆਂ ਹਨ। ਉਨ੍ਹਾਂ ਕਿਹਾ ਕਿ ਸਮੁੱਚੀ ਭਰਤੀ ਨਿਰੋਲ ਮੈਰਿਟ ਦੇ ਆਧਾਰ ’ਤੇ ਪਾਰਦਰਸ਼ੀ ਢੰਗ ਨਾਲ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੀਆਂ ਨੀਤੀਆਂ ਅਤੇ ਨੀਅਤ ਵਿੱਚ ਨੌਜਵਾਨਾਂ ਦਾ ਵਿਸ਼ਵਾਸ ਵਧਿਆ ਹੈ, ਜਿਸ ਕਰਕੇ ਉਹ ਵਿਦੇਸ਼ ਜਾਣ ਦਾ ਇਰਾਦਾ ਛੱਡ ਕੇ ਇਥੇ ਰਹਿ ਕੇ ਸਰਕਾਰੀ ਨੌਕਰੀ ਲਈ ਤਿਆਰੀ ਕਰ ਰਹੇ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਦੇਸ਼ ਭਰ ਵਿੱਚ ਆਪਣੀ ਕਿਸਮ ਦੀ ਪਹਿਲੀ ਸਮਰਪਿਤ ਸੜਕ ਸੁਰੱਖਿਆ ਫੋਰਸ ਕਾਇਮ ਕੀਤੀ ਹੈ ਤਾਂ ਕਿ ਸੂਬਾਈ ਤੇ ਕੌਮੀ ਸ਼ਾਹਰਾਹਾਂ ਉਤੇ ਵਾਪਰਨ ਵਾਲੇ ਸੜਕ ਹਾਦਸਿਆਂ ਵਿੱਚ ਅਜਾਈਂ ਜਾਂਦੀਆਂ ਕੀਮਤੀ ਜਾਨਾਂ ਬਚਾਈਆਂ ਜਾ ਸਕਣ ਅਤੇ ਸੁਰੱਖਿਆ ਵਧਾਈ ਜਾ ਸਕੇ। ਉਨ੍ਹਾਂ ਨੇ ਅੰਕੜੇ ਸਾਂਝੇ ਕਰਦੇ ਹੋਏ ਦੱਸਿਆ ਕਿ ਇਕ ਫਰਵਰੀ ਵਿੱਚ ਆਪਣੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਇਹ ਫੋਰਸ ਪਿਛਲੇ ਸਾਲ ਦੇ ਮੁਕਾਬਲੇ ਸੜਕ ਹਾਦਸਿਆਂ ਵਿੱਚ ਲਗਭਗ 1200 ਤੋਂ ਵੱਧ ਕੀਮਤੀ ਜਾਨਾਂ ਬਚਾਅ ਚੁੱਕੀ ਹੈ।
ਔਰਤਾਂ ਨੂੰ ਰੱਖੜੀ ਦੇ ਪਵਿੱਤਰ ਤਿਉਹਾਰ ਦੀ ਵਧਾਈ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਮਹਿਲਾਵਾਂ ਦੇ ਵੱਧ ਅਧਿਕਾਰਾਂ ਲਈ ਸਰਕਾਰ ਬਹੁਤ ਸਾਰੇ ਉਪਰਾਲੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਬਰਾਬਰਤਾ ਦੇ ਸਿਧਾਂਤ ਨੂੰ ਲਾਗੂ ਕਰਨ ਦੀ ਕੋਸ਼ਿਸ਼ ਕੀਤੀ ਹੈ ਅਤੇ ਇਸ ਵੇਲੇ ਸੂਬੇ ਦੇ ਛੇ ਜ਼ਿਲ੍ਹਿਆਂ ਵਿੱਚ ਸੀਨੀਅਰ ਪੁਲੀਸ ਕਪਤਾਨ ਵਜੋਂ ਮਹਿਲਾ ਅਧਿਕਾਰੀ ਤਾਇਨਾਤ ਹਨ ਅਤੇ ਅੱਠ ਜ਼ਿਲ੍ਹਿਆਂ ਵਿੱਚ ਮਹਿਲਾ ਡਿਪਟੀ ਕਮਿਸ਼ਨਰ ਹਨ। ਉਨ੍ਹਾਂ ਕਿਹਾ ਕਿ ਲੜਕੀਆਂ ਪਹਿਲੀ ਵਾਰ ਅੱਗ ਬੁਝਾਊ ਅਮਲੇ ਵਿੱਚ ਭਰਤੀ ਕੀਤੀਆਂ ਜਾਣਗੀਆਂ ਅਤੇ ਪੰਜਾਬ ਅਜਿਹਾ ਕਦਮ ਚੁੱਕਣ ਵਾਲਾ ਪਹਿਲਾ ਸੂਬਾ ਹੋਵੇਗਾ।
ਕੇਂਦਰ ਵੱਲੋਂ ਰੋਕੇ ਗਏ ਫੰਡਾਂ ਉਤੇ ਸਖ਼ਤ ਇਤਰਾਜ਼ ਜਤਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਕੋਲੋਂ ਪੰਜਾਬ ਕੋਈ ਭੀਖ ਨਹੀਂ ਮੰਗਦਾ ਸਗੋਂ ਆਪਣਾ ਹੱਕ ਮੰਗਦਾ ਹੈ। ਉਨ੍ਹਾਂ ਕਿਹਾ ਕਿ ਅਸੀਂ ਜੀ.ਐਸ.ਟੀ. ਇਕੱਠੀ ਕਰਕੇ ਕੇਂਦਰ ਕੋਲ ਜਮ੍ਹਾਂ ਕਰਵਾਉਂਦੇ ਹਾਂ ਅਤੇ ਉਸ ਵਿੱਚੋਂ ਆਪਣਾ ਹਿੱਸਾ ਮੰਗਦੇ ਹਨ ਜਿਸ ਕਰਕੇ ਕੇਂਦਰ ਸਾਡੇ ਉਤੇ ਕੋਈ ਅਹਿਸਾਨ ਨਹੀਂ ਕਰਦਾ।
ਰੱਖੜ ਪੁੰਨਿਆ ਮੌਕੇ ਉਤੇ ਇੱਥੇ ਇਤਿਹਾਸਕ ਗੁਰਦੁਆਰਾ ਨੌਵੇਂ ਪਾਤਸ਼ਾਹ ਜੀ ਵਿਖੇ ਮੁੱਖ ਮੰਤਰੀ ਨੇ ਨਤਮਸਤਕ ਹੋ ਕੇ ਸਰਬੱਤ ਦਾ ਭਲਾ ਮੰਗਿਆ। ਮੁੱਖ ਮੰਤਰੀ ਨੇ ਕਿਹਾ ਕਿ ਬਾਬਾ ਬਕਾਲਾ ਦੀ ਇਤਿਹਾਸਕ ਤੇ ਪਵਿੱਤਰ ਧਰਤੀ ਉਤੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਨੇ ਲੰਮਾ ਸਮਾਂ ਭਗਤੀ ਕੀਤੀ। ਉਨ੍ਹਾਂ ਕਿਹਾ ਕਿ ਮਹਾਨ ਸਿੱਖ ਗੁਰੂ ਸਾਹਿਬਾਨ ਨੇ ਲੋਕਾਂ ਨੂੰ ਜ਼ੁਲਮ, ਬੇਇਨਸਾਫ਼ੀ ਅਤੇ ਅੱਤਿਆਚਾਰ ਵਿਰੁੱਧ ਲੜਨ ਦੀ ਪ੍ਰੇਰਨਾ ਦਿੱਤੀ ਹੈ, ਜਿਸ ਸਦਕਾ ਪੰਜਾਬੀਆਂ ਨੇ ਹਮੇਸ਼ਾ ਹੀ ਬੁਰਾਈਆਂ ਵਿਰੁੱਧ ਲੜਾਈ ਵਿਚ ਦੇਸ਼ ਦੀ ਅਗਵਾਈ ਕੀਤੀ ਹੈ। ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਕੌਮੀ ਆਜ਼ਾਦੀ ਸੰਘਰਸ਼ ਵਿੱਚ ਵੀ ਪੰਜਾਬੀਆਂ ਦਾ ਅਹਿਮ ਸਥਾਨ ਹੈ ਅਤੇ ਸਾਨੂੰ ਉਨ੍ਹਾਂ ਦੀ ਬਹਾਦਰੀ ਅਤੇ ਵਿਲੱਖਣ ਯੋਗਦਾਨ ‘ਤੇ ਮਾਣ ਹੈ।