ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤਾ ਕਿਸਾਨਾਂ ਨੂੰ ਮੀਟਿੰਗ ਦਾ ਸੱਦਾ
ਚੰਡੀਗੜ੍ਹ, 31 ਅਗਸਤ,ਬੋਲੇ ਪੰਜਾਬ ਬਿਊਰੋ :
ਕਿਸਾਨ-ਮਜ਼ਦੂਰ ਤੇ ਵਾਤਾਵਰਣ ਪੱਖੀ ਖੇਤੀ ਨੀਤੀ ਬਨਾਉਣ ਸਮੇਤ ਹੋਰ ਭਖਦੀਆਂ ਮੰਗਾਂ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਵਲੋਂ ਵਿਧਾਨ ਸਭਾ ਦੇ ਸੈਸ਼ਨ ਦੌਰਾਨ 1 ਸਤੰਬਰ ਤੋਂ ਚੰਡੀਗੜ੍ਹ ਵਿਖੇ ਮੋਰਚਾ ਲਗਾ ਕੇ 2 ਸਤੰਬਰ ਨੂੰ ਵਿਧਾਨ ਸਭਾ ਵਲ ਮਾਰਚ ਕਰਨ ਦੇ ਕੀਤੇ ਐਲਾਨ ਦੇ ਮੱਦੇਨਜ਼ਰ ਮੁੱਖ ਮੰਤਰੀ ਭਗਵੰਤ ਮਾਨ ਵਲੋਂ 1 ਸਤੰਬਰ ਨੂੰ ਹੀ ਦੋਹਾਂ ਜਥੇਬੰਦੀਆਂ ਨੂੰ ਮੀਟਿੰਗ ਦਾ ਸੱਦਾ ਦਿਤਾ ਗਿਆ ਹੈ।
ਬੀਕੇਯੂ (ਏਕਤਾ ਉਗਰਾਹਾਂ) ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ, ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ, ਝੰਡਾ ਸਿੰਘ ਜੇਠੂਕੇ ਅਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਪ੍ਰਧਾਨ ਜੋਰਾ ਸਿੰਘ ਨਸਰਾਲੀ ਤੇ ਜਨਰਲ ਸਕੱਤਰ ਲਛਮਣ ਸਿੰਘ ਸੇਵੇਵਾਲਾ ਨੇ ਜਾਰੀ ਕੀਤੇ ਸਾਂਝੇ ਬਿਆਨ ਰਾਹੀਂ ਇਹ ਜਾਣਕਾਰੀ ਦਿਤੀ ਹੈ।
ਉਨ੍ਹਾਂ ਦਸਿਆ ਕਿ ਮੁੱਖ ਮੰਤਰੀ ਤੋਂ ਇਲਾਵਾ ਚੰਡੀਗੜ੍ਹ ਦੇ ਐਸ ਐਸ ਪੀ ਵਲੋਂ ਵੀ ਉਨ੍ਹਾਂ ਦੀਆਂ ਜਥੇਬੰਦੀਆਂ ਨੂੰ 31 ਅਗੱਸਤ ਨੂੰ ਮੀਟਿੰਗ ਦਾ ਸੱਦਾ ਦਿਤਾ ਗਿਆ। ਉਨ੍ਹਾਂ ਮੀਟਿੰਗ ਦਾ ਸੱਦਾ ਪ੍ਰਵਾਨ ਕਰਨ ਦੇ ਨਾਲ ਹੀ ਕਿਸਾਨਾਂ ਤੇ ਖੇਤ ਮਜ਼ਦੂਰਾਂ ਨੂੰ 1 ਸਤੰਬਰ ਨੂੰ ਪ੍ਰਵਾਰਾਂ ਸਮੇਤ ਚੰਡੀਗੜ੍ਹ ਵਿਖੇ ਲੱਗ ਰਹੇ ਖੇਤੀ ਨੀਤੀ ਮੋਰਚੇ ’ਚ ਪਹੁੰਚਣ ਦਾ ਜ਼ੋਰਦਾਰ ਸੱਦਾ ਦਿਤਾ।