ਅਦਾਲਤ ਨੇ ਕਾਂਗਰਸੀ ਆਗੂ ਰਾਜਦੀਪ ਸਿੰਘ ਨਾਗਰਾ ਦਾ ਈਡੀ ਨੂੰ ਪੰਜ ਦਿਨ ਦਾ ਰਿਮਾਂਡ ਦਿੱਤਾ
ਚੰਡੀਗੜ੍ਹ, 5 ਸਤੰਬਰ,ਬੋਲੇ ਪੰਜਾਬ ਬਿਊਰੋ :
ਪੰਜਾਬ ਕਾਂਗਰਸ ਦੇ ਆਗੂ ਅਤੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਕਰੀਬੀ ਰਾਜਦੀਪ ਸਿੰਘ ਨਾਗਰਾ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਟੈਂਡਰ ਘੁਟਾਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ। ਇਸ ਤੋਂ ਬਾਅਦ ਈਡੀ ਨੇ ਰਾਜਦੀਪ ਸਿੰਘ ਨੂੰ ਜੱਜ ਧਰਮਿੰਦਰ ਪਾਲ ਸਿੰਗਲਾ ਦੀ ਅਦਾਲਤ ਵਿੱਚ ਪੇਸ਼ ਕੀਤਾ।
ਕਾਂਗਰਸ ਸਰਕਾਰ ਦੌਰਾਨ ਪੰਜਾਬ ਵਿੱਚ 2000 ਕਰੋੜ ਰੁਪਏ ਦੇ ਟਰਾਂਸਪੋਰਟ ਟੈਂਡਰ ਘੁਟਾਲੇ ਵਿੱਚ ਫਸੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਤੋਂ ਬਾਅਦ ਹੁਣ ਈਡੀ ਨੇ ਉਨ੍ਹਾਂ ਦੇ ਕਰੀਬੀ ਕਾਂਗਰਸੀ ਆਗੂ ਰਾਜਦੀਪ ਸਿੰਘ ਨੂੰ ਬੁੱਧਵਾਰ ਦੇਰ ਰਾਤ ਗ੍ਰਿਫ਼ਤਾਰ ਕਰ ਲਿਆ ਸੀ।
ਈਡੀ ਨੇ ਗ੍ਰਿਫ਼ਤਾਰ ਰਾਜਦੀਪ ਸਿੰਘ ਨੂੰ ਅੱਜ ਵੀਰਵਾਰ ਨੂੰ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਧਰਮਿੰਦਰ ਪਾਲ ਸਿੰਗਲਾ ਦੀ ਅਦਾਲਤ ਵਿੱਚ ਪੇਸ਼ ਕੀਤਾ। ਈਡੀ ਅਧਿਕਾਰੀਆਂ ਨੇ ਰਾਜਦੀਪ ਦਾ ਸੋਮਵਾਰ ਤੱਕ ਅਦਾਲਤ ਤੋਂ ਰਿਮਾਂਡ ਹਾਸਲ ਕਰ ਲਿਆ ਹੈ। ਹਾਲਾਂਕਿ ਈਡੀ ਨੇ 7 ਦਿਨਾਂ ਦੇ ਰਿਮਾਂਡ ਦੀ ਮੰਗ ਕੀਤੀ ਸੀ ਪਰ ਅਦਾਲਤ ਨੇ 5 ਦਿਨ ਦਾ ਰਿਮਾਂਡ ਦਿੱਤਾ ਹੈ।