ਪੰਜਾਬ ਸਰਕਾਰ ਵਲੋਂ ਖੇਤੀਬਾੜੀ ਨੀਤੀ ਦਾ ਖਰੜਾ ਜਾਰੀ

ਚੰਡੀਗੜ੍ਹ ਪੰਜਾਬ

ਪੰਜਾਬ ਸਰਕਾਰ ਵਲੋਂ ਖੇਤੀਬਾੜੀ ਨੀਤੀ ਦਾ ਖਰੜਾ ਜਾਰੀ


ਚੰਡੀਗੜ੍ਹ, 16 ਸਤੰਬਰ
,ਬੋਲੇ ਪੰਜਾਬ ਬਿਊਰੋ :

ਪੰਜਾਬ ਸਰਕਾਰ ਵਲੋਂ ਸੂਬੇ ਦੀ ਖੇਤੀਬਾੜੀ ਨੀਤੀ ਦਾ ਖਰੜਾ ਜਾਰੀ ਕਰ ਦਿੱਤਾ ਗਿਆ ਹੈ। ਇਸ ਖਰੜੇ ਨੂੰ ਸੂਬਾ ਸਰਕਾਰ ਵੱਲੋਂ ਪੰਜਾਬ ਦੀਆਂ ਸਮੂਹ ਕਿਸਾਨ ਜਥੇਬੰਦੀਆਂ (ਸਿਆਸੀ ਅਤੇ ਗੈਰ-ਸਿਆਸੀ) ਕੋਲ ਸੁਝਾਅ ਲਈ ਭੇਜਿਆ ਗਿਆ ਹੈ। ਇਹ ਨੀਤੀ ਪੰਜਾਬ ਰਾਜ ਕਿਸਾਨ ਤੇ ਖੇਤੀ ਕਾਮੇ ਕਮਿਸ਼ਨ ਦੇ ਚੇਅਰਮੈਨ ਡਾ. ਸੁਖਪਾਲ ਸਿੰਘ ਦੀ ਅਗਵਾਈ ਹੇਠ 11 ਮੈਂਬਰੀ ਕਮੇਟੀ ਵੱਲੋਂ ਤਿਆਰ ਕੀਤੀ ਗਈ ਹੈ। ਇਸ ਨੀਤੀ ਨੂੰ ਪੰਜਾਬ ਦੇ ਇਕ ਲੱਖ ਤੋਂ ਵੱਧ ਲੋਕਾਂ ਦੇ ਸੁਝਾਵਾਂ ਨਾਲ ਤਿਆਰ ਕੀਤਾ ਗਿਆ ਹੈ।
ਪੰਜਾਬ ਸਰਕਾਰ ਵੱਲੋਂ ਤਿਆਰ ਕੀਤੀ ਗਈ ਖੇਤੀਬਾੜੀ ਨੀਤੀ ਵਿੱਚ ਕਿਸਾਨਾਂ ਤੇ ਮਜ਼ਦੂਰਾਂ ਦੇ ਨਾਲ-ਨਾਲ ਵਾਤਾਵਰਣ ਦਾ ਧਿਆਨ ਰੱਖਿਆ ਗਿਆ ਹੈ। ਇਸ ਖੇਤੀ ਨੀਤੀ ਵਿੱਚ ਧਰਤੀ ਹੇਠਲਾਂ ਪਾਣੀ ਬਚਾਉਣ ਤੇ ਜੈਵਿਕ ਖੇਤੀ ਨੂੰ ਪ੍ਰਫੁੱਲਤ ਕਰਨ ਦੀਆਂ ਸਿਫਾਰਸ਼ਾਂ ਕੀਤੀਆਂ ਗਈਆਂ ਹਨ। ਇਸ ਤੋਂ ਇਲਾਵਾ ਪੰਜਾਬ ਨੂੰ ‘ਬੀਜ ਹੱਬ’ ਵਜੋਂ ਵਿਕਸਿਤ ਕਰਨ ਦੀ ਗੱਲ ਕੀਤੀ ਗਈ ਹੈ।
ਨਵੀਂ ਖੇਤੀ ਨੀਤੀ ਦੇ ਖਰੜੇ ਵਿੱਚ ਧਰਤੀ ਹੇਠਲਾ ਪਾਣੀ ਬਚਾਉਣ ਲਈ ਸੂਬੇ ਵਿੱਚ ‘ਪਾਣੀ ਬਚਾਓ ਪੈਸਾ ਕਮਾਓ’ ਸਕੀਮ ਸ਼ੁਰੂ ਕਰਨ ’ਤੇ ਜ਼ੋਰ ਦਿੱਤਾ ਗਿਆ ਹੈ। ਇਸ ਸਕੀਮ ਅਧੀਨ ਪਾਣੀ ਬਚਾਉਣ ਵਾਲੇ ਕਿਸਾਨਾਂ ਨੂੰ ਨਕਦ ਇਨਾਮ ਦਿੱਤਾ ਜਾਵੇਗਾ। ਸੂਬੇ ਵਿੱਚ ਐੱਮਐੱਸਪੀ ’ਤੇ ਖਰੀਦੀਆਂ ਜਾਣ ਵਾਲੀਆਂ ਫਸਲਾਂ ਦੀ ਸਹੀ ਢੰਗ ਨਾਲ ਜਨਤਕ ਵੰਡ ਲਈ ਕੇਂਦਰ ਸਰਕਾਰ ਨਾਲ ਸੰਪਰਕ ਕਰਨ ’ਤੇ ਜ਼ੋਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਸੂਬੇ ਵਿੱਚ 5 ਏਕੜ ਤੋਂ ਘੱਟ ਜ਼ਮੀਨ ਵਾਲੇ ਕਿਸਾਨਾਂ ਤੇ ਮਜ਼ਦੂਰਾਂ ਨੂੰ ਪੈਨਸ਼ਨ ਦੇਣ ਦੀ ਪੇਸ਼ਕਸ਼ ਵੀ ਕੀਤੀ ਗਈ ਹੈ। ਸੂਬਾ ਸਰਕਾਰ ਵੱਲੋਂ ਇਸ ਖਰੜੇ ਨੂੰ ਕਿਸਾਨ ਜਥੇਬੰਦੀਆਂ ਤੇ ਹੋਰਨਾਂ ਦੇ ਸੁਝਾਅ ਲਈ ਭੇਜਿਆ ਗਿਆ ਹੈ।

Leave a Reply

Your email address will not be published. Required fields are marked *