ਲੁੱਟਾਂ-ਖੋਹਾਂ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, ਚਾਰ ਕਾਬੂ
ਲੁਧਿਆਣਾ, 25 ਸਤੰਬਰ,ਬੋਲੇ ਪੰਜਾਬ ਬਿਊਰੋ :
ਲੁਧਿਆਣਾ ਪੁਲਿਸ ਨੇ ਲੁੱਟਾਂ-ਖੋਹਾਂ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ ਕਰਦਿਆਂ 4 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਦੱਸਿਆ ਜਾ ਰਿਹਾ ਹੈ ਕਿ ਥਾਣਾ ਡਵੀਜ਼ਨ ਨੰਬਰ 2 ਦੀ ਪੁਲਿਸ ਨੇ ਲੁੱਟਾਂ-ਖੋਹਾਂ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ 4 ਮੁਲਜ਼ਮਾਂ ਨੂੰ ਚੋਰੀ ਦੇ ਵਾਹਨਾਂ ਅਤੇ ਹਥਿਆਰਾਂ ਸਮੇਤ ਕਾਬੂ ਕੀਤਾ ਹੈ। ਫੜੇ ਗਏ ਮੁਲਜ਼ਮਾਂ ਵਿੱਚ ਰੋਹਿਤ ਕੁਮਾਰ, ਰੋਹਿਤ ਯਾਦਵ, ਸੁਮਿਤ ਕੁਮਾਰ ਅਤੇ ਰਾਹੁਲ ਪਾਲ ਸ਼ਾਮਲ ਹਨ।
ਮੁਲਜ਼ਮਾਂ ਕੋਲੋਂ ਬਾਈਕ, ਐਕਟਿਵਾ, ਮੋਬਾਈਲ ਅਤੇ ਤੇਜ਼ਧਾਰ ਹਥਿਆਰ ਬਰਾਮਦ ਹੋਏ ਹਨ। ਮੁਲਾਜ਼ਮਾਂ ਖ਼ਿਲਾਫ਼ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।
ਇੰਸਪੈਕਟਰ ਗੁਰਜੀਤ ਸਿੰਘ ਨੇ ਦੱਸਿਆ ਕਿ ਏ.ਐੱਸ.ਆਈ. ਕੁਲਵੰਤ ਸਿੰਘ ਪੁਲਸ ਪਾਰਟੀ ਸਮੇਤ ਗਸ਼ਤ ‘ਤੇ ਸਨ। ਇਸ ਦੌਰਾਨ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਉਕਤ ਦੋਸ਼ੀ ਚੋਰੀ ਦੇ ਵਾਹਨਾਂ ‘ਤੇ ਲੁੱਟ-ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੰਦੇ ਹਨ ਜੋ ਕਿ ਚੋਰੀ ਦੇ ਮੋਬਾਈਲਾਂ ਨੂੰ ਵੇਚਣ ਦੀ ਕੋਸ਼ਿਸ਼ ਵਿੱਚ ਘੁੰਮ ਰਹੇ ਹਨ। ਪੁਲੀਸ ਨੇ ਸੂਫੀਆ ਚੌਕ ਵਿੱਚ ਨਾਕਾਬੰਦੀ ਕਰਕੇ 4 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ। ਪੁਲਿਸ ਦਾ ਕਹਿਣਾ ਹੈ ਕਿ ਫੜੇ ਗਏ ਦੋਸ਼ੀ ਨਸ਼ੇੜੀ ਹਨ ਜੋ ਨਸ਼ੇ ਦੀ ਪੂਰਤੀ ਲਈ ਲੁੱਟ-ਖੋਹ ਅਤੇ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੰਦੇ ਹਨ। ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲੀਸ ਰਿਮਾਂਡ ਹਾਸਲ ਕਰ ਲਿਆ ਗਿਆ ਹੈ ਅਤੇ ਉਨ੍ਹਾਂ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ।