ਖਨੌਰੀ ਬਾਰਡਰ ਉੱਪਰ ਸ਼ਹੀਦ ਹੋਏ ਗੁਰਮੀਤ ਸਿੰਘ ਦਾ ਇਨਸਾਫ਼ ਮਿਲਣ ਤੱਕ ਨਹੀਂ ਕੀਤਾ ਜਾਵੇਗਾ ਸਸਕਾਰ

ਚੰਡੀਗੜ੍ਹ ਪੰਜਾਬ

ਤਾਰੋਂ ਪਾਰਲੀਆ ਜ਼ਮੀਨਾਂ ਦੇ ਆਬਾਦਕਾਰ ਕਿਸਾਨਾਂ ਦੀਆਂ ਹੱਕੀ ਮੰਗਾਂ ਲਈ ਕੀਤਾ ਗਿਆ ਰੋਡ ਜਾਮ

ਜੈਤੋ,27 ਸਤੰਬਰ ,ਬੋਲੇ ਪੰਜਾਬ ਬਿਊਰੋ :

ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵੱਲੋਂ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਆਬਾਦਕਾਰ ਕਿਸਾਨਾਂ ਦੀਆਂ ਹੱਕੀ ਮੰਗਾਂ ਲਈ ਰੋਡ ਜਾਮ ਕੀਤੇ ਗਏ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਹੋਏ ਸੂਬਾ ਪ੍ਰਧਾਨ ਸ. ਜਗਜੀਤ ਸਿੰਘ ਡੱਲੇਵਾਲ ਅਤੇ ਸੂਬਾ ਜਨਰਲ ਸਕੱਤਰ ਸ. ਕਾਕਾ ਸਿੰਘ ਕੋਟੜਾ ਨੇ ਕਿਹਾ ਕਿ ਦੇਸ਼ ਦੀ ਆਜ਼ਾਦੀ ਤੋਂ ਬਾਅਦ ਤਾਰੋਂ ਪਾਰਲੀਆਂ ਜ਼ਮੀਨਾਂ ਨੂੰ ਆਬਾਦ ਕਰਨ ਵਾਲੇ ਕਿਸਾਨਾਂ ਵੱਲੋਂ ਆਪਣੀਆਂ ਹੱਕੀ ਮੰਗਾਂ ਲਈ ਪਿਛਲੇ ਲੰਮੇ ਸਮੇਂ ਤੋਂ ਅੰਦੋਲਨ ਲੜਿਆ ਜਾ ਰਿਹਾ ਹੈ ਅਤੇ 18 ਮਈ 2022 ਤੋਂ ਲੈ ਕੇ ਹੁਣ ਤੱਕ ਵੱਖ-ਵੱਖ ਸਮੇਂ ਪੰਜਾਬ ਸਰਕਾਰ ਵੱਲੋਂ ਸੰਯੁਕਤ ਕਿਸਾਨ ਮੋਰਚਾ ਗ਼ੈਰ ਰਾਜਨੀਤਕ ਭਾਰਤ ਨਾਲ ਹੋਈਆਂ ਮੀਟਿੰਗਾ ਵਿੱਚ ਇਹ ਮੰਗਾਂ ਮੰਨਣ ਉਪਰੰਤ ਮੁੱਖ ਮੰਤਰੀ ਪੰਜਾਬ ਅਤੇ ਕੈਬਨਿਟ ਮੰਤਰੀਆਂ ਵੱਲੋਂ ਬਾਹਰ ਆ ਕੇ ਮੀਡੀਆ ਵਿੱਚ ਮੰਗਾਂ ਮੰਨਣ ਸਬੰਧੀ ਬਿਆਨ ਵੀ ਦਿੱਤੇ ਜਾ ਚੁੱਕੇ ਹਨ ਪ੍ਰੰਤੂ ਕਿਸਾਨਾਂ ਨੂੰ ਉਹਨਾਂ ਦੇ ਹੱਕ ਦੇਣ ਦੀ ਬਜਾਏ ਸਰਕਾਰ ਵੱਲੋਂ ਹੁਣ ਵਾਅਦਾ ਖਿਲਾਫੀ ਕਰਦੇ ਹੋਏ ਕਿਸਾਨਾਂ ਤੋਂ ਜ਼ਮੀਨਾਂ ਖੋਹ ਕੇ ਆਪਣੇ ਚਹੇਤਿਆਂ ਨੂੰ ਦੇਣ ਦੀਆਂ ਹੀ ਸਾਜਿਸ਼ਾਂ ਰਚੀਆਂ ਜਾ ਰਹੀਆਂ ਹਨ। ਕਿਸਾਨ ਆਗੂਆਂ ਨੇ ਅੱਗੇ ਗੱਲਬਾਤ ਕਰਦਿਆਂ ਕਿਹਾ ਕਿ ਸਰਕਾਰਾਂ ਦੀ ਬੇਰੁਖ਼ੀ ਅਤੇ ਲੋਕ ਮਾਰੂ ਨੀਤੀਆਂ ਹੀ ਅੰਦੋਲਨਕਾਰੀਆਂ ਨੂੰ ਸੜਕਾਂ ਉੱਪਰ ਆਉਣ ਲਈ ਮਜਬੂਰ ਕਰਦੀਆਂ ਹਨ ਅਤੇ 26 ਸਤੰਬਰ ਨੂੰ ਰੋਡ ਜਾਮ ਕਰਨੇ ਪੰਜਾਬ ਸਰਕਾਰ ਦੀ ਨਲਾਇਕੀ ਦਾ ਹੀ ਸਬੂਤ ਹੈ ਕਿਉਂਕਿ ਪਿਛਲੇ ਲੰਮੇ ਸਮੇਂ ਤੋਂ ਤਾਰੋਂ ਪਾਰਲੀਆਂ ਜ਼ਮੀਨਾਂ ਦੇ ਆਬਾਦਕਾਰ ਕਿਸਾਨਾਂ ਨੂੰ ਉਹਨਾਂ ਦੇ ਹੱਕ ਦਵਾਉਣ ਲਈ ਅੰਦੋਲਨ ਲੜਿਆ ਜਾ ਰਿਹਾ ਹੈ।

ਸਰਕਾਰ ਵੱਲੋਂ ਆਬਾਦਕਾਰ ਕਿਸਾਨਾਂ ਨੂੰ ਉਹਨਾਂ ਦੇ ਹੱਕ ਦੇਣ ਦੀ ਬਜਾਏ ਕਿਸਾਨਾਂ ਤੋਂ ਜ਼ਮੀਨਾਂ ਖੋਹਣ ਲਈ ਸਾਜ਼ਿਸ਼ਾਂ ਰਚੀਆਂ ਜਾ ਰਹੀਆ ਹਨ ਅਤੇ ਕਿਸਾਨਾਂ ਨੂੰ ਸੜਕਾਂ ਉੱਪਰ ਆਉਣ ਲਈ ਸਰਕਾਰ ਵੱਲੋਂ ਹੀ ਮਜਬੂਰ ਕੀਤਾ ਗਿਆ ਹੈ। ਉਹਨਾਂ ਅੱਗੇ ਗੱਲਬਾਤ ਕਰਦੇ ਹੋਏ ਦੱਸਿਆ ਕਿ ਆਪਣੀਆਂ ਹੱਕੀ ਮੰਗਾਂ ਲਈ ਫਿਰੋਜ਼ਪੁਰ ਵਿਖੇ ਇੱਕ ਕਿਸਾਨ ਨੂੰ ਮਰਨ ਵਰਤ ਉੱਪਰ ਬੈਠੇ ਨੂੰ ਵੀ 36 ਦਿਨ ਹੋ ਚੁੱਕੇ ਹਨ ਅਤੇ ਸਰਕਾਰ ਕਿਸਾਨਾਂ ਦੀਆਂ ਮੰਗਾਂ ਵੱਲ ਧਿਆਨ ਦੇਣ ਦੀ ਬਜਾਏ ਉਸ ਕਿਸਾਨ ਦੀ ਮੌਤ ਹੋਣ ਦੀ ਹੀ ਉਡੀਕ ਕਰ ਰਹੀ ਹੈ। ਸਰਕਾਰ ਦੀ ਇਸ ਬੇਰੁਖ਼ੀ ਦੇ ਕਾਰਨ ਹੀ 26 ਸਤੰਬਰ ਨੂੰ ਅੰਦੋਲਨ ਨੂੰ ਹੋਰ ਤੇਜ਼ ਕਰਦੇ ਹੋਏ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ 12 ਵਜੇ ਤੋਂ ਰੋਡ ਜਾਮ ਕੀਤੇ ਗਏ ਸਨ। ਖ਼ਬਰ ਲਿਖੇ ਜਾਣ ਤੱਕ ਕਿਸਾਨਾਂ ਅਤੇ ਪ੍ਰਸ਼ਾਸਨ ਵਿਚਾਲੇ ਮੀਟਿੰਗਾਂ ਦਾ ਦੌਰ ਉਸੇ ਤਰ੍ਹਾਂ ਜਾਰੀ ਸੀ ਅਤੇ ਕਿਸਾਨਾਂ ਵੱਲੋਂ ਆਮ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਸਾਰੇ ਪੰਜਾਬ ਵਿੱਚੋਂ ਰੋਡ ਜਾਮ ਪ੍ਰਸ਼ਾਸਨ ਨੂੰ 10 ਦਿਨ ਦੀ ਚੇਤਾਵਨੀ ਦੇ ਕੇ ਖੋਲ੍ਹ ਦਿੱਤਾ ਗਿਆ ਅਤੇ ਲੰਮੇਂ ਸਮੇਂ ਤੋਂ ਫ਼ਿਰੋਜ਼ਪੁਰ ਵਿਖੇ ਚੱਲ ਰਿਹਾ ਮੋਰਚਾ ਉਸੇ ਤਰ੍ਹਾਂ ਜਾਰੀ ਰਹੇਗਾ। ਜੇਕਰ ਦਸ ਦਿਨ ਵਿੱਚ ਪ੍ਰਸ਼ਾਸਨ ਵੱਲੋਂ ਆਬਾਦਕਾਰ ਕਿਸਾਨਾਂ ਦੀਆਂ ਮੰਨੀਆਂ ਹੋਈਆਂ ਹੱਕੀ ਮੰਗਾਂ ਨੂੰ ਲਾਗੂ ਨਹੀ ਕੀਤਾ ਗਿਆ ਤਾਂ ਇਸ ਸਮੇਂ ਦੌਰਾਨ ਮੀਟਿੰਗ ਕਰਕੇ ਸਾਰੇ ਪੰਜਾਬ ਵਿੱਚ ਇਸ ਤੋਂ ਵੀ ਸਖ਼ਤ ਪ੍ਰੋਗਰਾਮ ਦਿੱਤਾ ਜਾਵੇਗਾ।

ਜਗਜੀਤ ਸਿੰਘ ਡੱਲੇਵਾਲ ਅਤੇ ਕਾਕਾ ਸਿੰਘ ਕੋਟੜਾ ਨੇ ਅੱਗੇ ਗੱਲਬਾਤ ਕਰਦਿਆਂ ਦੱਸਿਆ ਕਿ ਗੁਰਮੀਤ ਸਿੰਘ ਜਿਸ ਵੱਲੋਂ ਭਾਜਪਾ ਦੇ ਆਗੂਆਂ ਦੇ ਬਿਆਨਾਂ ਤੋਂ ਮਾਨਸਿਕ ਤੌਰ ‘ਤੇ ਪਰੇਸ਼ਾਨ ਹੋ ਕੇ ਖਨੌਰੀ ਬਾਰਡਰ ਵਿਖੇ 25 ਸਤੰਬਰ ਨੂੰ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਗਈ ਸੀ, ਸ਼ਹੀਦ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਅਤੇ ਪਰਿਵਾਰ ਨੂੰ ਆਰਥਿਕ ਮੱਦਦ ਅਤੇ ਸਰਕਾਰੀ ਨੌਕਰੀ ਸਬੰਧੀ ਪ੍ਰਸ਼ਾਸਨ ਨਾਲ ਮੀਟਿੰਗਾਂ ਦਾ ਦੌਰ ਚੱਲਦਾ ਰਿਹਾ ਜੋ ਕਿ ਅੱਜ ਬੇਸਿੱਟਾ ਰਿਹਾ। ਗੁਰਮੀਤ ਸਿੰਘ ਦੇ ਪਰਿਵਾਰ ਅਤੇ ਮੋਰਚੇ ਦਾ ਇਹ ਸਪਸ਼ਟ ਸਟੈਂਡ ਹੈ ਕਿ ਜਦੋਂ ਤੱਕ ਸ਼ਹੀਦ ਦੇ ਪਰਿਵਾਰ ਨੂੰ ਇਨਸਾਫ ਨਹੀਂ ਮਿਲਦਾ ਉਸ ਸਮੇਂ ਤੱਕ ਪਰਿਵਾਰ ਵੱਲੋਂ ਗੁਰਮੀਤ ਸਿੰਘ ਦਾ ਸੰਸਕਾਰ ਨਹੀਂ ਕੀਤਾ ਜਾਵੇਗਾ।

Leave a Reply

Your email address will not be published. Required fields are marked *