ਸੁਖਬੀਰ ਬਾਦਲ ਵੱਲੋਂ ਭਗਵੰਤ ਮਾਨ ਨੂੰ ਮੁੱਖ ਮੰਤਰੀ ਦਾ ਅਹੁਦਾ ਛੱਡਣ ਦੀ ਸਲਾਹ
ਜਲੰਧਰ, 10 ਅਕਤੂਬਰ, ਬੋਲੇ ਪੰਜਾਬ ਬਿਊਰੋ
ਹਾਈਕੋਰਟ ਵੱਲੋਂ ਪੰਚਾਇਤੀ ਚੋਣਾਂ ਨੂੰ ਲੈ ਕੇ ਵੱਡਾ ਫੈਸਲਾ ਲਿਆ ਗਿਆ ਹੈ। ਇਸ ਦੌਰਾਨ ਹਾਈਕੋਰਟ ਵੱਲੋਂ ਜਿਨ੍ਹਾਂ ਪਿੰਡਾਂ ਵਿਚ ਪੰਚਾਇਤੀ ਚੋਣਾਂ ਨੂੰ ਲੈ ਕੇ ਵਿਵਾਦ ਚੱਲ ਰਹੇ ਹਨ ਉਨ੍ਹਾਂ ਵਿਚ ਚੋਣਾਂ ਨੂੰ ਰੋਕ ਦਿੱਤਾ ਗਿਆ ਹੈ। ਅਦਾਲਤ ਦੇ ਇਸ ਫੈਸਲੇ ਤੋਂ ਬਾਅਦ ਵੱਖ ਵੱਖ ਸਿਆਸੀ ਪਾਰਟੀਆਂ ਨੇ ਸੂਬੇ ਦੀ ਸਰਕਾਰ ਨੂੰ ਘੇਰਨਾ ਸ਼ੁਰੂ ਕਰ ਦਿੱਤਾ ਹੈ। ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਨੇ ਵੀ ‘ਆਪ’ ਸਰਕਾਰ ਨੂੰ ਘੇਰਿਆ ਹੈ। ਸੁਖਬੀਰ ਸਿੰਘ ਬਾਦਲ ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ ‘ਤੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਹੁਕਮਾਂ ‘ਤੇ ਮਨਮਾਨੇ ਢੰਗ ਨਾਲ ਨਾਮਜ਼ਦਗੀ ਪੱਤਰ ਰੱਦ ਕੀਤੇ ਗਏ 250 ਪਿੰਡਾਂ ‘ਚ ਚੋਣਾਂ ‘ਤੇ ਰੋਕ ਲਗਾਉਣ ਦੇ ਹਾਈ ਕੋਰਟ ਦੇ ਫੈਸਲੇ ਦਾ ਸ਼੍ਰੋਮਣੀ ਅਕਾਲੀ ਦਲ ਸਵਾਗਤ ਕਰਦਾ ਹੈ।ਉਨ੍ਹਾਂ ਕਿਹਾ ਕਿ ਇਹ ਤਾਂ ਸ਼ੁਰੂਆਤ ਹੈ। ਹਜ਼ਾਰਾਂ ਲੋਕ ਅਜਿਹੇ ਹਨ ਜਿਨ੍ਹਾਂ ਦੀਆਂ ਨਾਮਜ਼ਦਗੀਆਂ ਬਿਨਾਂ ਵਜ੍ਹਾ ਰੱਦ ਕੀਤੀਆਂ ਗਈਆਂ।ਉਨ੍ਹਾਂ ਕਿਹਾ ਕਿ ਮੈਂ ਹਰ ਦੁਖੀ ਨੂੰ ਹਾਈ ਕੋਰਟ ਤੱਕ ਪਹੁੰਚ ਕਰਨ ਦੀ ਅਪੀਲ ਕਰਦਾ ਹਾਂ ਕਿਉਂਕਿ ਜ਼ਮੀਨੀ ਲੋਕਤੰਤਰ ਨੂੰ ਬਚਾਉਣ ਦਾ ਇਹੀ ਇੱਕੋ ਇੱਕ ਰਸਤਾ ਹੈ।ਉਨ੍ਹਾਂ ਦੋਸ਼ ਲਾਇਆ ਕਿ ਲੋਕਤੰਤਰ ਦੇ ਇਸ ਕਤਲ ਦੇ ਪਿੱਛੇ ਭਗਵੰਤ ਮਾਨ ਦਾ ਹੱਥ ਹੈ ਤੇ ਹੁਣ ਉਹ ਮੁੱਖ ਮੰਤਰੀ ਬਣੇ ਰਹਿਣ ਦੇ ਲਾਇਕ ਨਹੀਂ ਹਨ। ਉਨ੍ਹਾਂ ਨੂੰ ਤੁਰੰਤ ਅਹੁਦਾ ਛੱਡ ਦੇਣਾ ਚਾਹੀਦਾ ਹੈ।