ਅਕਾਲ ਤਖ਼ਤ ਦੇ ਜਥੇਦਾਰ ਨੇ ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ ਨੂੰ 15 ਅਕਤੂਬਰ ਨੂੰ ਤਖ਼ਤ ਸਾਹਿਬ ਵਿਖੇ ਪੇਸ਼ ਹੋਣ ਦੇ ਹੁਕਮ ਦਿੱਤੇ
ਅੰਮ੍ਰਿਤਸਰ 13 ਅਕਤੂਬਰ ,ਬੋਲੇ ਪੰਜਾਬ ਬਿਊਰੋ :
ਸਿੱਖ ਧਰਮ ਦੇ ਸਰਵਉੱਚ ਅਸਥਾਨ ਗਿਆਨੀ ਰਘਬੀਰ ਸਿੰਘ ਜਥੇਦਾਰ ਅਕਾਲ ਤਖ਼ਤ ਨੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਵਿਰਸਾ ਸਿੰਘ ਵਲਟੋਹਾ ਨੂੰ ਸੁਖਬੀਰ ਸਿੰਘ ਬਾਦਲ ਖ਼ਿਲਾਫ਼ ਫ਼ੈਸਲਾ ਲੈਣ ਲਈ ਦਬਾਅ ਬਣਾਉਣ ਦੇ ਦੋਸ਼ਾਂ ਸਬੰਧੀ ਸਬੂਤਾਂ ਸਮੇਤ 15 ਅਕਤੂਬਰ ਨੂੰ ਸਵੇਰੇ 9 ਵਜੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣ ਦੇ ਹੁਕਮ ਦਿੱਤੇ ਹਨ। ਗਿਆਨੀ ਰਘਬੀਰ ਸਿੰਘ, ਵਲਟੋਹਾ ਨੂੰ ਭੇਜੇ ਲਿਖਤੀ ਹੁਕਮ ਵਿੱਚ ਇਹ ਵੀ ਕਿਹਾ ਗਿਆ ਸੀ ਕਿ ਜੇਕਰ ਉਹ ਸਮੇਂ ਸਿਰ ਪੇਸ਼ ਨਾ ਹੋਏ ਤਾਂ ਮੰਨਿਆ ਜਾਵੇਗਾ ਕਿ ਸ੍ਰੀ ਵਲਟੋਹਾ ਜਥੇਦਾਰਾਂ ’ਤੇ ਦਬਾਅ ਬਣਾਉਣ ਦੀ ਕੋਸ਼ਿਸ਼ ਕਰ ਰਹੇ ਹਨ।
ਵਲਟੋਹਾ ਨੇ ਦੋਸ਼ ਲਾਇਆ ਹੈ ਕਿ ਆਰਐਸਐਸ ਅਤੇ ਭਾਜਪਾ ਸੁਖਬੀਰ ਸਿੰਘ ਬਾਦਲ ਨੂੰ ਪਾਰਟੀ ਪ੍ਰਧਾਨ ਦੇ ਅਹੁਦੇ ਤੋਂ ਕੱਢਣ ਲਈ ਅਕਾਲ ਤਖ਼ਤ ਦੇ ਜਥੇਦਾਰ ’ਤੇ ਦਬਾਅ ਪਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਗਿਆਨੀ ਰਘਬੀਰ ਸਿੰਘ ਅਤੇ ਜਥੇਦਾਰ ਹਰਪ੍ਰੀਤ ਸਿੰਘ ਆਰਐਸਐਸ ਅਤੇ ਭਾਜਪਾ ਦੇ ਦਬਾਅ ਹੇਠ ਹਨ।
ਵਲਟੋਹਾ ਨੇ ਕਿਹਾ ਕਿ ਉਹ ਪਿਛਲੇ ਹਫਤੇ ਜਥੇਦਾਰ ਨੂੰ ਮਿਲੇ ਸਨ ਅਤੇ ਉਨ੍ਹਾਂ ਮੰਨਿਆ ਸੀ ਕਿ ਸੁਖਬੀਰ ਬਾਦਲ ਖਿਲਾਫ ਕਾਰਵਾਈ ਲਈ ਭਾਜਪਾ ਅਤੇ ਆਰ.ਐਸ.ਐਸ. ਦੇ ਦਬਾਅ ਹੇਠ ਹਨ। ਉਨ੍ਹਾਂ ਕਿਹਾ ਕਿ ਉਹ 15 ਅਕਤੂਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣਗੇ।