ਦਸਵੀਂ ਦਾ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ ਗਿਆ।

ਪੰਜਾਬ


ਦਸਵੀਂ ਦਾ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ ਗਿਆ।


ਐਸ ਏ ਐਸ ਨਗਰ 14 ਅਕਤੂਬਰ ,ਬੋਲੇ ਪੰਜਾਬ ਬਿਊਰੋ :

ਇੱਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਦਸਵੀਂ ਦਾ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ ਗਿਆ। ਇਸ ਦਿਹਾੜੇ ਦੀ ਖੁਸ਼ੀ ਵਿੱਚ ਸਵੇਰੇ 9:00 ਵਜੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ । ਇਸ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ । ਇਸ ਧਾਰਮਿਕ ਸਮਾਗਮ ਵਿੱਚ ਭਾਈ ਬਲਜਿੰਦਰ ਸਿੰਘ ਦੇ ਇੰਟਰਨੈਸ਼ਨਲ ਢਾਡੀ ਜੱਥੇ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜੋਰਾਵਰ ਸਿੰਘ ਜੀ, ਅਤੇ ਬਾਬਾ ਫਤਿਹ ਸਿੰਘ ਜੀ ਵਲੋ ਜਬਰ ਅਤੇ ਜੁਲਮ ਖਿਲਾਫ ਦਿੱਤੀ ਅਦੁੱਤੀ ਅਤੇ ਲਾਸਾਨੀ ਸ਼ਹਾਦਤ ਬਾਰੇ ਸੰਗਤਾਂ ਨੂੰ ਢਾਡੀ ਵਾਰਾਂ ਵਿੱਚ ਜਾਣੂ ਕਰਵਾਇਆ।  ਭਾਈ ਜੁਝਾਰ ਸਿੰਘ ਜੀ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਜੀ ਅੰਮ੍ਰਿਤਸਰ ਵਾਲਿਆਂ ਨੇ ਆਪਣੇ ਰਸ ਭਿੰਨੇ ਕੀਰਤਨ ਰਾਹੀਂ ਸੰਗਤਾਂ ਇਲਾਹੀ ਬਾਣੀ ਸੁਨਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ। ਸ਼ੋਮਣੀ ਪ੍ਰਚਾਰਕ ਭਾਈ ਰਵਿੰਦਰ ਸਿੰਘ ਜੀ ਜਵੱਦੀ ਟਕਸਾਲ ਵਾਲਿਆਂ ਨੇ ਆਪਣੇ ਪ੍ਰਵਚਨਾਂ ਰਾਹੀਂ ਸੰਗਤਾਂ ਨੂੰ ਬਾਬਾ ਬੁੱਢਾ ਜੀ ਵੱਲੋਂ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਮਹਾਰਾਜ ਦਾ ਪਹਿਲਾ ਪ੍ਰਕਾਸ਼ ਕਰਵਾਉਣ ਅਤੇ ਖੰਡੇ ਬਾਟੇ ਦੇ ਅੰਮ੍ਰਿਤ ਦੀ ਮਹੱਤਤਾ ਦੱਸਦੇ ਹੋਏ ਸੰਗਤਾਂ ਨੂੰ ਅੰਮ੍ਰਿਤ ਛਕ ਕੇ ਗੁਰੂ ਵਾਲੇ ਬਣਨ ਲਈ ਪ੍ਰੇਰਿਆ । ਇਸ ਤੋਂ ਇਲਾਵਾ ਬਾਬਾ ਦੀਪ ਸਿੰਘ ਜੀ ਕਵੀਸ਼ਰੀ ਜੱਥਾ, ਸ਼੍ਰੋਮਣੀ ਪ੍ਰਚਾਰਕ ਭਾਈ ਜਰਨੈਲ ਸਿੰਘ ਲਾਧਿਆਣੇ ਵਾਲੇ , ਭਾਈ ਸੰਦੀਪ ਸਿੰਘ ਜੀ ਅਨੰਦਪੁਰ ਸਾਹਿਬ ਵਾਲੇ, ਸਰਬ ਸਾਂਝੀ ਮਾਤਾ ਸੁੰਦਰ ਕੌਰ ਸੋਸਾਇਟੀ ਦੀਆਂ ਬੀਬੀਆਂ, ਬੀਬੀ ਪਲਵਿੰਦਰ ਕੌਰ ਦੇ ਜੱਥਿਆਂ ਤੋਂ ਇਲਾਵਾ ਗੁਰਦੁਆਰਾ ਸਿੰਘ ਸ਼ਹੀਦਾਂ ਦੇ ਹਜ਼ੂਰੀ ਜੱਥੇ ਭਾਈ ਇੰਦਰਜੀਤ ਸਿੰਘ, ਭਾਈ ਹਰਬਖਸ਼ ਸਿੰਘ, ਭਾਈ ਗੁਰਮੀਤ ਸਿੰਘ ਅਤੇ ਭਾਈ ਜਸਵੰਤ ਸਿੰਘ ਨੇ  ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕੀਤਾ । ਸਾਰੇ ਜੱਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਦਸਵੀਂ ਦਿਹਾੜੇ ਤੇ ਹਜ਼ਾਰਾਂ ਸੰਗਤਾਂ ਨੇ ਇਸ ਸਥਾਨ ਦੇ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਕੀਤਾ । ਹਰ ਵਿਭਾਗ ਦੇ ਮਾਹਿਰ ਡਾਕਟਰਾਂ ਵੱਲੋਂ ਮਰੀਜ਼ਾਂ ਦਾ ਮੁਆਇਨਾ ਕੀਤਾ ਗਿਆ ਅਤੇ ਦਵਾਈ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਿੱਤੀ ਗਈ । ਇਸ ਦਿਨ ਕਰਵਾਏ ਗਏ ਅੰਮ੍ਰਿਤ ਸੰਚਾਰ ਵਿੱਚ ਵੱਡੀ ਗਿਣਤੀ ਵਿੱਚ ਪ੍ਰਾਣੀ ਖੰਡੇ ਬਾਟੇ ਦਾ ਅੰਮ੍ਰਿਤ ਛੱਕ ਕੇ ਗੁਰੂ ਵਾਲੇ ਬਣੇ। ਗੁਰੂ ਕਾ ਲੰਗਰ ਸਾਰਾ ਦਿਨ ਅਤੁੱਟ ਵਰਤਾਇਆ ਗਿਆ ।

Leave a Reply

Your email address will not be published. Required fields are marked *