ਸਾਬਕਾ ਕਾਂਗਰਸੀ ਵਿਧਾਇਕ ਸਤਕਾਰ ਕੌਰ ਗਹਿਰੀ ਨਸ਼ਾ ਤਸਕਰੀ ਮਾਮਲੇ ‘ਚ ਗ੍ਰਿਫਤਾਰ
ਚੰਡੀਗੜ੍ਹ, 24 ਅਕਤੂਬਰ,ਬੋਲੇ ਪੰਜਾਬ ਬਿਊਰੋ :
ਪੰਜਾਬ ‘ਚ ਨਸ਼ੇ ਦੇ ਵੱਡੇ ਨੈੱਟਵਰਕ ਦਾ ਪਰਦਾਫਾਸ਼ ਹੋਇਆ ਹੈ। ਜਾਣਕਾਰੀ ਮੁਤਾਬਕ ਪੰਜਾਬ ਪੁਲਸ ਨੇ ਸਾਬਕਾ ਕਾਂਗਰਸੀ ਵਿਧਾਇਕ ਸਤਕਾਰ ਕੌਰ ਗਹਿਰੀ ਨੂੰ ਨਸ਼ਾ ਤਸਕਰੀ ਮਾਮਲੇ ‘ਚ ਗ੍ਰਿਫਤਾਰ ਕਰ ਲਿਆ ਹੈ, ਜਿਸ ਤੋਂ ਬਾਅਦ ਪੰਜਾਬ ‘ਚ ਨਸ਼ਿਆਂ ਦੀ ਵੱਡੀ ਸਪਲਾਈ ਚੇਨ ਦਾ ਪਰਦਾਫਾਸ਼ ਹੋਣ ਦੀ ਸੰਭਾਵਨਾ ਹੈ।
ਸਤਕਾਰ ਕੌਰ ਗਹਿਰੀ ਦੀ ਡਰੱਗਜ਼ ਮਾਮਲੇ ‘ਚ ਗ੍ਰਿਫਤਾਰੀ ਤੋਂ ਬਾਅਦ ਖਰੜ ਦੇ ਸੰਨੀ ਇਨਕਲੇਵ ਸਥਿਤ ਕੋਠੀ ‘ਚ ਤਲਾਸ਼ੀ ਲਈ ਗਈ ਹੈ। ਘਰ ਦੀ ਤਲਾਸ਼ੀ ਦੌਰਾਨ 28 ਗ੍ਰਾਮ ਚਿੱਟਾ ਬਰਾਮਦ ਹੋਇਆ ਹੈ। 1,56,000 ਰੁਪਏ ਅਤੇ ਸੋਨਾ ਮਿਲਿਆ ਹੈ। ਚਾਰ ਵਾਹਨ ਬਰਾਮਦ ਹੋਏ ਹਨ, ਜੋ ਕਿ ਦਿੱਲੀ ਅਤੇ ਹਰਿਆਣਾ ਦੇ ਨੰਬਰਾਂ ਦੇ ਹਨ, ਜਿਨ੍ਹਾਂ ਰਾਹੀਂ ਪੰਜਾਬ ਦੇ ਵੱਖ-ਵੱਖ ਇਲਾਕਿਆਂ ਵਿਚ ਨਸ਼ਾ ਸਪਲਾਈ ਕੀਤਾ ਜਾਂਦਾ ਸੀ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਪੁਲਿਸ ਦੇ ਅਧਿਕਾਰੀ ਸੁਖਚੈਨ ਸਿੰਘ ਗਿੱਲ ਨੇ ਦੱਸਿਆ ਕਿ ਪੰਜਾਬ ਪੁਲਿਸ ਨੇ ਅੱਜ ਦੋ ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਹੈ, ਜਿਨ੍ਹਾਂ ਦੀ ਪਹਿਚਾਣ ਸਾਬਕਾ ਕਾਂਗਰਸੀ ਵਿਧਾਇਕ ਸਤਕਾਰ ਕੌਰ ਗਹਿਰੀ ਅਤੇ ਬਰਿੰਦਰ ਸਿੰਘ ਵਜੋਂ ਹੋਈ ਹੈ, ਜੋ ਕਿ ਦੋਵੇਂ ਫਿਰੋਜ਼ਪੁਰ ਦੇ ਰਹਿਣ ਵਾਲੇ ਹਨ। ਸਤਕਾਰ ਕੌਰ ਗਹਿਰੀ ਫ਼ਿਰੋਜ਼ਪੁਰ ਦੇਹਾਤੀ ਤੋਂ ਸਾਬਕਾ ਕਾਂਗਰਸੀ ਵਿਧਾਇਕ ਰਹੀ ਹੈ।