ਦਿੱਲੀ, ਬੋਲੇ ਪੰਜਾਬ ਬਿਉਰੋ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਜੇਲ੍ਹ ‘ਚ ਰਹਿਣਗੇ ਜਾਂ ਉਨ੍ਹਾਂ ਨੂੰ ਜ਼ਮਾਨਤ ਮਿਲੇਗੀ, ਇਸ ਬਾਰੇ ਅੱਜ ਅਦਾਲਤ ਵਿੱਚ ਫੈਸਲਾ ਹੋਵੇਗਾ। ਦਿੱਲੀ ਹਾਈ ਕੋਰਟ ਸ਼ਰਾਬ ਘੁਟਾਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੀ ਗ੍ਰਿਫਤਾਰੀ ਅਤੇ ਨਜ਼ਰਬੰਦੀ ਨੂੰ ਚੁਣੌਤੀ ਦੇਣ ਵਾਲੀ ਕੇਜਰੀਵਾਲ ਦੀ ਪਟੀਸ਼ਨ ‘ਤੇ ਆਪਣਾ ਫੈਸਲਾ ਸੁਣਾਏਗੀ।
ਪਿਛਲੇ ਹਫਤੇ ਅਦਾਲਤ ਨੇ ਦੋਹਾਂ ਪੱਖਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਫੈਸਲਾ ਸੁਰੱਖਿਅਤ ਰੱਖ ਲਿਆ ਸੀ। ਜਾਣਕਾਰੀ ਮੁਤਾਬਕ ਜਸਟਿਸ ਸਵਰਨਕਾਂਤਾ ਸ਼ਰਮਾ ਦੁਪਹਿਰ 2:30 ਵਜੇ ਫੈਸਲਾ ਸੁਣਾਉਣਗੇ। ਸੀਐਮ ਕੇਜਰੀਵਾਲ ਇਸ ਸਮੇਂ ਨਿਆਂਇਕ ਹਿਰਾਸਤ ਵਿੱਚ ਤਿਹਾੜ ਜੇਲ੍ਹ ਵਿੱਚ ਬੰਦ ਹਨ। ਈਡੀ ਨੇ 21 ਮਾਰਚ ਨੂੰ ਅਰਵਿੰਦ ਕੇਜਰੀਵਾਲ ਨੂੰ ਗ੍ਰਿਫਤਾਰ ਕਰ ਲਿਆ ਸੀ। ਬਾਅਦ ‘ਚ 1 ਅਪ੍ਰੈਲ ਨੂੰ ਅਦਾਲਤ ਨੇ ਉਨ੍ਹਾਂ ਨੂੰ 15 ਦਿਨਾਂ ਲਈ ਨਿਆਂਇਕ ਹਿਰਾਸਤ ‘ਚ ਭੇਜ ਦਿੱਤਾ ਸੀ।
ਉੱਥੇ ਹੀ ਸੰਦੀਪ ਕੁਮਾਰ ਵਲੋਂ ਕੇਜਰੀਵਾਲ ਨੂੰ ਮੁੱਖਮੰਤਰੀ ਦੇ ਅਹੁਦੇ ਤੋਂ ਹਟਾਉਣ ਸਬੰਧੀ ਦਰਜ ਕੀਤੀ ਪਟੀਸ਼ਨ ਨੂੰ ਲੈਕੇ ਹਾਈਕੋਰਟ ਨੇ ਉਨ੍ਹਾਂ ਨੂੰ ਚੰਗੀ ਝਾੜ ਪਾਈ। ਅਦਾਲਤ ਨੇ ਕਿਹਾ ਕਿ ਇਸੇ ਮੁੱਦੇ ‘ਤੇ ਪਹਿਲਾਂ ਹੀ ਦੋ ਪਟੀਸ਼ਨਾਂ ਰੱਦ ਹੋ ਚੁੱਕੀਆਂ ਹਨ ਅਤੇ ਇਹ ਸਿਰਫ਼ ਪ੍ਰਚਾਰ ਹਾਸਲ ਕਰਨ ਲਈ ਹੈ। ਅਜਿਹੇ ‘ਚ ਉਨ੍ਹਾਂ ‘ਤੇ ਭਾਰੀ ਜੁਰਮਾਨਾ ਲਗਾਇਆ ਜਾਣਾ ਚਾਹੀਦਾ ਹੈ।