ਮੋਹਾਲੀ ਪ੍ਰਸ਼ਾਸਨ ਨੇ ਪਰਾਲੀ ਸਾੜਨ ਦੀਆਂ ਘਟਨਾਵਾਂ ‘ਤੇ ਕਾਬੂ ਪਾਉਣ ਲਈ ਪੁਲਿਸ ਅਤੇ ਹੋਰ ਸਬੰਧਤ ਵਿਭਾਗਾਂ ਦੀ ਮਦਦ ਨਾਲ ਵਧਦੇ ਰੁਝਾਨ ਨੂੰ ਰੋਕਿਆ

ਪੰਜਾਬ

ਜ਼ਿਲ੍ਹੇ ਵਿੱਚ ਪਿਛਲੇ ਸਾਲ ਦੇ ਮੁਕਾਬਲੇ 68 ਫੀਸਦੀ ਦੀ ਕਮੀ ਆਈ

ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਅਤੇ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਸਿਵਲ ਅਤੇ ਪੁਲਿਸ ਅਧਿਕਾਰੀ ਫ਼ੀਲਡ ‘ਚ

ਫਸਲ ਰਹਿੰਦ-ਖੂੰਹਦ ਪ੍ਰਬੰਧਨ (ਸੀ ਆਰ ਐਮ) ਮਸ਼ੀਨਰੀ ਪ੍ਰਾਪਤ ਕਰਨ ਲਈ ਪ੍ਰਸ਼ਾਸਨ ਵੱਲੋਂ ਸਬ-ਡਿਵੀਜ਼ਨ ਪੱਧਰ ‘ਤੇ ਹੈਲਪਲਾਈਨ ਨੰਬਰ ਜਾਰੀ

ਐਸ.ਏ.ਐਸ.ਨਗਰ, 2 ਨਵੰਬਰ,ਬੋਲੇ ਪੰਜਾਬ ਬਿਊਰੋ :


ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਨੱਥ ਪਾਉਣ ਲਈ ਆਪਣੀ ਵਚਨਬੱਧਤਾ ਅਨੁਸਾਰ ਮੋਹਾਲੀ ਪ੍ਰਸ਼ਾਸਨ ਨੇ ਜ਼ਿਲ੍ਹਾ ਪੁਲੀਸ ਅਤੇ ਹੋਰ ਸਬੰਧਤ ਵਿਭਾਗਾਂ ਦੇ ਸਹਿਯੋਗ ਨਾਲ ਪਿਛਲੇ ਸਾਲ ਦੇ ਮੁਕਾਬਲੇ ਇਸ ਰੁਝਾਨ ਨੂੰ ਰੋਕਣ ਵਿੱਚ ਇਸ ਸਾਲ ਹੁਣ ਤੱਕ 68 ਫੀਸਦੀ ਦੀ ਕਮੀ ਦਰਜ ਕੀਤੀ ਹੈ।
ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੇ ਰੋਜ਼ਾਨਾ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਦੱਸਿਆ ਕਿ ਇਸ ਵਾਰ ਪਰਾਲੀ ਸਾੜਨ ਦੀਆਂ ਘਟਨਾਵਾਂ ਦੀ ਗਿਣਤੀ ਹੁਣ ਤੱਕ ਪੰਜਾਬ ਰਿਮੋਟ ਸੈਂਸਿੰਗ ਸੈਂਟਰ ਵੱਲੋਂ 36 ਦੱਸੀ ਗਈ ਹੈ ਜਦਕਿ ਪਿਛਲੇ ਸਾਲ ਇਸ ਦਿਨ ਤੱਕ ਇਹ ਗਿਣਤੀ 113 ਸੀ। ਸਾਰੇ ਵਿਭਾਗਾਂ ਦੇ ਨਿਰੰਤਰ ਅਤੇ ਠੋਸ ਯਤਨਾਂ ਦੇ ਨਤੀਜੇ ਵਜੋਂ ਖੇਤਾਂ ਦੀ ਨਿਗਰਾਨੀ ਕਰਕੇ ਅਤੇ ਕਿਸਾਨਾਂ ਨੂੰ ਖੇਤਾਂ ਵਿੱਚ ਅੱਗ ਦੇ ਮਾੜੇ ਪ੍ਰਭਾਵਾਂ ਪ੍ਰਤੀ ਜਾਗਰੂਕ ਕਰਕੇ ਘਟਨਾਵਾਂ ਵਿੱਚ ਕਾਫ਼ੀ ਕਮੀ ਆਈ ਹੈ। ਪੰਜਾਬ ਰਿਮੋਟ ਸੈਂਸਿੰਗ ਸੈਂਟਰ (ਪੀ.ਐੱਸ.ਆਰ.ਸੀ.) ਦੁਆਰਾ ਰਿਪੋਰਟ ਕੀਤੇ ਗਏ 36 ਮਾਮਲਿਆਂ ਦੀ ਭੌਤਿਕ ਤਸਦੀਕ ਕਰਨ ‘ਤੇ ਜ਼ਿਲ੍ਹੇ ਵਿੱਚ ਪਰਾਲੀ ਸਾੜਨ ਦੀਆਂ ਕੇਵਲ 12 ਸਾਈਟਾਂ ਹੀ ਮਿਲੀਆਂ ਹਨ। ਬਾਕੀ 24 ਸਾਈਟਾਂ ਜਿੱਥੇ ਅੱਗ ਦੇ ਕੋਈ ਸੰਕੇਤ ਨਹੀਂ ਦੇਖੇ ਗਏ ਸਨ, ਉਨ੍ਹਾਂ ਨੂੰ ਪੀ.ਐੱਸ.ਆਰ.ਸੀ. ਡੇਟਾ ਤੋਂ ਹਟਾਉਣ ਲਈ ਸਰਕਾਰ ਨੂੰ ਸੂਚਿਤ ਕੀਤਾ ਜਾਵੇਗਾ। ਇਨ੍ਹਾਂ ਘਟਨਾਵਾਂ ਲਈ 12,500 ਰੁਪਏ ਦਾ ਵਾਤਾਵਰਨ ਮੁਆਵਜ਼ਾ ਲਾਇਆ ਗਿਆ ਹੈ ਅਤੇ ਵਸੂਲ ਕੀਤਾ ਗਿਆ ਹੈ।
ਇਸ ਤੋਂ ਇਲਾਵਾ, ਜ਼ਿਲ੍ਹੇ ਵੱਲੋਂ ਤਿਆਰ ਕੀਤੇ ਗਏ ਵਿਸ਼ਲੇਸ਼ਕ ਅੰਕੜਿਆਂ ਤੋਂ ਪਤਾ ਚੱਲਦਾ ਹੈ ਕਿ ਇਸ ਵਾਰ ਕਿਸਾਨਾਂ ਤੱਕ ਖੇਤੀ ਮਸ਼ੀਨਰੀ ਦੀ ਕਾਫੀ ਪਹੁੰਚ ਹੋਈ ਹੈ ਅਤੇ ਹੁਣ ਤੱਕ ਕੁੱਲ 35000 ਹੈਕਟੇਅਰ ਰਕਬੇ ਵਿੱਚੋਂ ਝੋਨੇ ਦੀ ਲਗਪਗ 67 ਫੀਸਦੀ ਰਕਬੇ ਦੀ ਕਟਾਈ ਹੋ ਚੁੱਕੀ ਹੈ, ਜਿਸ ਵਿੱਚੋਂ 8575 ਹੈਕਟੇਅਰ ਰਕਬੇ ਵਿੱਚ ਝੋਨੇ ਦੀ ਪਰਾਲੀ ਦੀ ਸੰਭਾਲ ਸੀਟੂ ਐਕਸ-ਸੀਟੂ ਪਰਾਲੀ ਪ੍ਰਬੰਧਨ ਮਸ਼ੀਨਰੀ ਰਾਹੀਂ ਕੀਤੀ ਜਾ ਚੁੱਕੀ ਹੈ। ਜਦੋਂ ਕਿ 12390 ਹੈਕਟੇਅਰ ਰਕਬੇ ਵਿੱਚੋਂ ਇਨ-ਸੀਟੂ ਢੰਗ ਰਾਹੀਂ ਮਸ਼ੀਨਰੀ ਦੀ ਵਰਤੋਂ ਕਰਕੇ ਪਰਾਲੀ ਨੂੰ ਸੰਭਾਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਪਰਾਲੀ ਨੂੰ ਗੰਢਾਂ ਦੇ ਰੂਪ ਵਿੱਚ ਇਕੱਠਾ ਕਰਕੇ ਪਰਾਲੀ ਦਾ ਪ੍ਰਬੰਧਨ ਕਰਨ ਲਈ ਐਕਸ-ਸੀਟੂ ਤਕਨੀਕ ਦੀ ਵਰਤੋਂ ਕੀਤੀ ਜਾਂਦੀ ਹੈ ਜਦੋਂ ਕਿ ਇਨ-ਸੀਟੂ ਤਕਨੀਕ ਦੀ ਵਰਤੋਂ ਮਸ਼ੀਨਰੀ ਦੀ ਵਰਤੋਂ ਕਰਕੇ ਮਿੱਟੀ ਵਿੱਚ ਮਿਲਾਉਣ ਲਈ ਕੀਤੀ ਜਾਂਦੀ ਹੈ।
ਇਸੇ ਤਰ੍ਹਾਂ, ਅੱਗ ਦੀਆਂ ਘਟਨਾਵਾਂ ਨੂੰ ਰੋਕਣ ਲਈ ਸਮੇਂ ਸਿਰ ਕਾਰਵਾਈ ਕਰਨ ਵਿੱਚ ਅਸਫਲ ਰਹਿਣ ਵਾਲੇ ਫੀਲਡ ਸਟਾਫ ਦੀ ਜ਼ਿੰਮੇਵਾਰੀ ਤੈਅ ਕਰਨ ਲਈ, ਸੀ ਏ ਕਿਊ ਐਮ (ਕਮਿਸ਼ਨ ਔਨ ਏਅਰ ਕੁਆਲਿਟੀ ਮੈਨੇਜਮੈਂਟ) ਐਕਟ ਦੀ ਧਾਰਾ 14 ਦੇ ਤਹਿਤ ਨੋਟਿਸ ਜਾਰੀ ਕੀਤੇ ਗਏ ਹਨ ਅਤੇ ਇੱਕ ਹੋਰ ਡਿਊਟੀ ਚ ਲਾਪ੍ਰਵਾਹੀ ਕਰਨ ਵਾਲੇ ਵਿਅਕਤੀ ਦੇ ਖਿਲਾਫ ਜੁਡੀਸ਼ੀਅਲ ਮੈਜਿਸਟਰੇਟ ਅੱਗੇ ਕੇਸ ਦਾਇਰ ਕੀਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਰੋਕਣ ਤੇ ਕਿਸਾਨਾਂ ਤੱਕ ਮਸ਼ੀਨਰੀ ਦੀ ਵੱਧ ਤੋਂ ਵੱਧ ਪਹੁੰਚ ਯਕੀਨੀ ਬਣਾਉਣ ਲਈ ਸਬ-ਡਵੀਜ਼ਨ ਪੱਧਰੀ ਹੈਲਪਲਾਈਨ ਨੰਬਰ ਸ਼ੁਰੂ ਕੀਤੇ ਗਏ ਹਨ। ਖਰੜ ਸਬ-ਡਿਵੀਜ਼ਨ ਵਿੱਚ 98883-06474, 88472-05441 95010-09150 ‘ਤੇ ਡਾਇਲ ਕੀਤਾ ਜਾ ਸਕਦਾ ਹੈ, ਜਦਕਿ ਡੇਰਾਬੱਸੀ ਵਿੱਚ ਹੈਲਪਲਾਈਨ ਨੰਬਰ 70095-66834, 99154-38091, 94635-56415 ‘ਤੇ ਸੰਪਰਕ ਕੀਤਾ ਜਾ ਸਕਦਾ ਹੈ। ਮੋਹਾਲੀ ਸਬ ਡਵੀਜ਼ਨ ਵਿੱਚ 78889-77511, 96467-55655, 96532-88889 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।

 ਸੀਨੀਅਰ ਪੁਲਿਸ ਕਪਤਾਨ, ਦੀਪਕ ਪਾਰੀਕ ਨੇ ਦੱਸਿਆ ਕਿ ਜ਼ਿਲ੍ਹਾ ਪੁਲਿਸ ਦੇ ਅਧਿਕਾਰੀ ਅਤੇ ਕਰਮਚਾਰੀ ਖੇਤਾਂ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਸਿਵਲ ਪ੍ਰਸ਼ਾਸਨ ਨਾਲ ਮਿਲ ਕੇ ਕੰਮ ਕਰ ਰਹੇ ਹਨ। ਦੋ ਐਸ ਪੀਜ਼, 10 ਡੀ ਐਸ ਪੀਜ਼ ਅਤੇ 20 ਐਸ ਐਚ ਓਜ਼ ਨੂੰ ਸਮੇਤ ਫੋਰਸ ਵਾਢੀ ਦੇ ਸੀਜ਼ਨ ਦੌਰਾਨ ਖੇਤਾਂ ਵਿੱਚ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਰੋਕਣ ਅਤੇ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਸਰਗਰਮ ਰਹਿਣ ਲਈ ਤਾਇਨਾਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੋਹਾਲੀ ਪੁਲਿਸ ਅਤੇ ਮੋਹਾਲੀ ਜਿਲ੍ਹਾ ਪ੍ਰਸਾਸ਼ਨ ਦੀਆਂ ਸਾਂਝੀਆਂ ਗਸ਼ਤ ਪਾਰਟੀਆਂ ਲੋਕਾਂ ਨੂੰ ਫਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਪ੍ਰਤੀ ਜਾਗਰੂਕ ਕਰਨ ਲਈ ਲਗਾਤਾਰ ਖੇਤਾਂ ਦਾ ਦੌਰਾ ਕਰ ਰਹੀਆਂ ਹਨ। ਉਨ੍ਹਾਂ ਕਿਸਾਨਾਂ ਨੂੰ ਫ਼ਸਲੀ ਰਹਿੰਦ-ਖੂੰਹਦ ਦੇ ਨਿਪਟਾਰੇ ਦੇ ਬਦਲਵੇਂ ਸਾਧਨ ਅਪਣਾਉਣ ਦੀ ਅਪੀਲ ਕੀਤੀ।

Leave a Reply

Your email address will not be published. Required fields are marked *