ਦੀਨਾਨਗਰ,9 ਅਪ੍ਰੈਲ,ਬੋਲੇ ਪੰਜਾਬ ਬਿਓਰੋ:
ਪਾਕਿਸਤਾਨ ਆਪਣੀਆਂ ਨਾਪਾਕ ਹਰਕਤਾਂ ਤੋਂ ਬਾਜ਼ ਨਹੀਂ ਆ ਰਿਹਾ ਹੈ। ਸਰਹੱਦੀ ਇਲਾਕਿਆਂ ‘ਚ ਪਾਕਿਸਤਾਨ ਵਲੋਂ ਨਸ਼ਾ ਤਸਕਰਾਂ ਲਈ ਹੈਰੋਇਨ ਸੁੱਟਣ ਦਾ ਸਿਲਸਿਲਾ ਜਾਰੀ ਹੈ, ਜਿਸ ਤਹਿਤ ਬੀਤੇ ਦਿਨ ਬੀ.ਓ.ਪੀ. ਚੌਦਾ ਦੀ ਭਾਰਤੀ ਸਰਹੱਦ ‘ਚ ਪਾਕਿਸਤਾਨੀ ਡਰੋਨ ਦੀ ਆਵਾਜ਼ ਸੁਣਾਈ ਦਿੱਤੀ ਪਰ ਡਿਊਟੀ ‘ਤੇ ਜਵਾਨਾਂ ਨੂੰ ਦੇਖ ਕੇ ਡਰੋਨ ਵਾਪਸ ਪਾਕਿਸਤਾਨ ਵੱਲ ਚਲਾ ਗਿਆ।
ਦੱਸਿਆ ਜਾ ਰਿਹਾ ਹੈ ਕਿ ਡੀ.ਐਸ.ਪੀ. ਦੀਨਾਨਗਰ ਸੁਖਵਿੰਦਰ ਪਾਲ ਸਿੰਘ ਦੀ ਅਗਵਾਈ ਹੇਠ ਪੰਜਾਬ ਪੁਲਿਸ ਅਤੇ ਬੀ.ਐਸ.ਐਫ. ਦੇ ਜਵਾਨਾਂ ਵੱਲੋਂ ਇਲਾਕੇ ‘ਚ ਸਾਂਝੀ ਤਲਾਸ਼ੀ ਮੁਹਿੰਮ ਚਲਾਈ ਗਈ, ਜਿਸ ਤਹਿਤ ਪਿੰਡ ਚੌਤਰਾ ‘ਚ ਇਕ ਕਿਸਾਨ ਦੇ ਖੇਤਾਂ ‘ਚੋਂ ਹੈਰੋਇਨ ਦਾ ਪੈਕਟ ਬਰਾਮਦ ਕੀਤਾ ਗਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ.ਐਸ.ਪੀ. ਦੀਨਾਨਗਰ ਸੁਖਵਿੰਦਰ ਪਾਲ ਸਿੰਘ ਨੇ ਦੱਸਿਆ ਕਿ ਇਹ ਪੈਕੇਟ ਪੀਲੀ ਟੇਪ ਵਿੱਚ ਲਪੇਟਿਆ ਹੋਇਆ ਸੀ, ਜਦੋਂ ਇਸ ਨੂੰ ਖੋਲ੍ਹਿਆ ਗਿਆ ਤਾਂ ਉਸ ਵਿੱਚੋਂ 530 ਗ੍ਰਾਮ ਹੈਰੋਇਨ ਬਰਾਮਦ ਹੋਈ। ਤੁਹਾਨੂੰ ਦੱਸ ਦੇਈਏ ਕਿ ਪਾਕਿਸਤਾਨੀ ਸਮੱਗਲਰ ਹੁਣ ਹਥਿਆਰ ਅਤੇ ਨਸ਼ੀਲੇ ਪਦਾਰਥਾਂ ਦੀ ਸਪਲਾਈ ਲਈ ਡਰੋਨ ਦੀ ਵਰਤੋਂ ਕਰ ਰਹੇ ਹਨ। ਜਿਸ ਕਾਰਨ ਹਰ ਰੋਜ਼ ਸਰਹੱਦ ਦੇ ਅੰਦਰ ਪਾਕਿਸਤਾਨ ਦੀਆਂ ਅੱਤਵਾਦੀ ਗਤੀਵਿਧੀਆਂ ਦੇਖਣ ਨੂੰ ਮਿਲ ਰਹੀਆਂ ਹਨ ਪਰ ਸਮੇਂ-ਸਮੇਂ ‘ਤੇ ਬੀ.ਐੱਸ.ਐੱਫ ਦੇ ਜਵਾਨਾਂ ਵੱਲੋਂ ਇਨ੍ਹਾਂ ਡਰੋਨਾਂ ਨੂੰ ਪੂਰੀ ਤਰ੍ਹਾਂ ਨਾਲ ਨਾਕਾਮ ਕੀਤਾ ਜਾ ਰਿਹਾ ਹੈ, ਕਦੇ ਡਰੋਨਾਂ ਨੂੰ ਡੇਗ ਦਿੱਤਾ ਜਾਂਦਾ ਹੈ ਅਤੇ ਕਦੇ ਵਾਪਸ ਭੱਜਣ ਲਈ ਮਜਬੂਰ ਕਰ ਦਿੱਤਾ ਜਾਂਦਾ ਹੈ।