ਚੰਡੀਗੜ੍ਹ, 9 ਅਪ੍ਰੈਲ,ਬੋਲੇ ਪੰਜਾਬ ਬਿਓਰੋ:
ਆਮ ਆਦਮੀ ਪਾਰਟੀ ਨੇ ਪੰਜਾਬ ਵਿੱਚ ਲੋਕ ਸਭਾ ਚੋਣਾਂ ਦੀ ਰਣਨੀਤੀ ‘ਤੇ ਚਰਚਾ ਕਰਨ ਲਈ ਇਕ ਅਹਿਮ ਮੀਟਿੰਗ ਕੀਤੀ।ਮੀਟਿੰਗ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਹੋਈ। ਇਸ ਮੀਟਿੰਗ ਵਿੱਚ ‘ਆਪ’ ਦੇ ਕੌਮੀ ਸਕੱਤਰ ਡਾਕਟਰ ਸੰਦੀਪ ਪਾਠਕ, ਦੋ ਵਾਰ ਦੇ ਰਾਜ ਸਭਾ ਮੈਂਬਰ ਸੰਜੇ ਸਿੰਘ, ‘ਆਪ’ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਪ੍ਰਿੰਸੀਪਲ ਬੁੱਧ ਰਾਮ, ਕੈਬਨਿਟ ਮੰਤਰੀ ਅਤੇ ‘ਆਪ’ ਦੇ ਸਾਰੇ ਵਿਧਾਇਕ ਹਾਜ਼ਰ ਸਨ।
ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ‘ਆਪ’ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੀਟਿੰਗ ਵਿੱਚ ਸਕਾਰਾਤਮਕ ਮਾਹੌਲ ਰਿਹਾ।ਭਗਵੰਤ ਮਾਨ , ਪਾਠਕ ਅਤੇ ਸੰਜੇ ਸਿੰਘ ਜੀ ਆਗਾਮੀ ਚੋਣਾਂ ਲਈ ਪੰਜਾਬ ਦੇ ਵਿਧਾਇਕਾਂ, ਹਲਕਾ ਇੰਚਾਰਜਾਂ ਅਤੇ ‘ਆਪ’ ਦੇ ਲੋਕ ਸਭਾ ਉਮੀਦਵਾਰਾਂ ਨਾਲ ਆਪਣਾ ਤਜਰਬਾ ਸਾਂਝਾ ਕੀਤਾ। ਉਨ੍ਹਾਂ ਕਿਹਾ ਕਿ ਸਾਡੇ ਸਾਰੇ ਸੀਨੀਅਰ ਆਗੂਆਂ ਨੇ ਮੀਟਿੰਗ ਵਿੱਚ ਆਪਣਾ ਮੰਤਰ ਸਾਂਝਾ ਕੀਤਾ ਅਤੇ ਦੱਸਿਆ ਕਿ ਅਸੀਂ ਪੰਜਾਬ ਦੀਆਂ ਸਾਰੀਆਂ 13 ਸੀਟਾਂ ਕਿਵੇਂ ਜਿੱਤਣ ਜਾ ਰਹੇ ਹਾਂ।
ਉਨ੍ਹਾਂ ਕਿਹਾ ਕਿ ਅਸੀਂ ਆਪਣੀਆਂ ਨੀਤੀਆਂ, ਫੈਸਲਿਆਂ ਅਤੇ ਕੰਮਾਂ ਨੂੰ ਪੰਜਾਬ ਦੇ ਹਰ ਘਰ ਵਿੱਚ ਪਹੁੰਚਾਉਣ ਦੀ ਗੱਲ ਕੀਤੀ ਹੈ। ਇਸ ਦੇ ਨਾਲ ਹੀ ਅਸੀਂ ਲੋਕਾਂ ਨੂੰ ਦੱਸਾਂਗੇ ਕਿ ਕਿਸ ਤਰ੍ਹਾਂ ਭਾਜਪਾ ਸਾਡੇ ਦੇਸ਼ ਵਿੱਚ ਲੋਕਤੰਤਰ ਦਾ ਘਾਣ ਕਰਨ ਲਈ ਈਡੀ ਅਤੇ ਸੀਬੀਆਈ ਦੀ ਦੁਰਵਰਤੋਂ ਕਰ ਰਹੀ ਹੈ।