ਪੰਜਾਬੀ ਭਾਸ਼ਾ ਅਤੇ ਪੰਜਾਬੀ ਸਿਨੇਮਾ ਵਿਸ਼ੇ ਸਬੰਧੀ ਚਰਚਾ 28 ਨੂੰ: ਡਾ. ਦਰਸ਼ਨ ਕੌਰ
ਸਾਹਿਬਜ਼ਾਦਾ ਅਜੀਤ ਸਿੰਘ ਨਗਰ 26 ਨਵੰਬਰ,ਬੋਲੇ ਪੰਜਾਬ ਬਿਊਰੋ :
ਭਾਸ਼ਾ ਵਿਭਾਗ, ਪੰਜਾਬ ਵੱਲੋਂ ਪੰਜਾਬੀ ਮਾਹ ਦੇ ਮੱਦੇਨਜ਼ਰ ਸਮੁੱਚੇ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿਚ ਸਾਹਿਤਕ ਅਤੇ ਸੱਭਿਆਚਾਰਕ ਸਰਗਰਮੀਆਂ ਕੀਤੀਆਂ ਜਾ ਰਹੀਆਂ ਹਨ। ਇਸੇ ਲੜੀ ਤਹਿਤ ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਅਤੇ ਉਚੇਰੀ ਸਿੱਖਿਆ ਤੇ ਭਾਸ਼ਾਵਾਂ ਮੰਤਰੀ ਸ. ਹਰਜੋਤ ਸਿੰਘ ਬੈਂਸ ਦੀ ਸੁਚੱਜੀ ਅਗਵਾਈ ਸਦਕਾ ਡਾਇਰੈਕਟਰ ਭਾਸ਼ਾ ਵਿਭਾਗ, ਪੰਜਾਬ ਸ. ਜਸਵੰਤ ਸਿੰਘ ਜ਼ਫ਼ਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ ‘ਪੰਜਾਬੀ ਭਾਸ਼ਾ ਅਤੇ ਪੰਜਾਬੀ ਸਿਨੇਮਾ’ ਵਿਸ਼ੇ ਸਬੰਧੀ ਸਮਾਗਮ ਆਯੋਜਿਤ ਕੀਤਾ ਜਾ ਰਿਹਾ ਹੈ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਦਰਸ਼ਨ ਕੌਰ ਨੇ ਦੱਸਿਆ ਕਿ ਇਹ ਸਮਾਗਮ ਮਿਤੀ 28.11.2024 ਨੂੰ ਸਵੇਰੇ 10.30 ਵਜੇ ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਕਮਰਾ ਨੰ. 520, ਐੱਸ.ਏ.ਐੱਸ.ਨਗਰ ਵਿਖੇ ਕਰਵਾਇਆ ਜਾ ਰਿਹਾ ਹੈ।
ਇਸ ਸਮਾਗਮ ਵਿਚ ਮੁੱਖ ਮਹਿਮਾਨ ਵਜੋਂ ਸ਼੍ਰੀਮਤੀ ਆਸ਼ਿਕਾ ਜੈਨ (ਆਈ.ਏ.ਐੱਸ.) ਡਿਪਟੀ ਕਮਿਸ਼ਨਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਸ਼ਿਰਕਤ ਕਰਨਗੇ। ਸਮਾਗਮ ਦੀ ਪ੍ਰਧਾਨਗੀ ਪ੍ਰੋ. ਯੋਗ ਰਾਜ (ਮੁਖੀ, ਪੰਜਾਬੀ ਅਧਿਐਨ ਸਕੂਲ, ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ) ਕਰਨਗੇ ਅਤੇ ਵਿਸ਼ੇਸ਼ ਮਹਿਮਾਨ ਵਜੋਂ ਅਮਿਤੋਜ ਮਾਨ (ਫ਼ਿਲਮ ਅਭਿਨੇਤਾ, ਡਾਇਰੈਕਟਰ ਅਤੇ ਲੇਖਕ) ਸ਼ਮੂਲੀਅਤ ਕਰਨਗੇ। ਸਮਾਗਮ ਦੇ ਪ੍ਰਮੁੱਖ ਬੁਲਾਰੇ ਉੱਘੇ ਨਾਟਕਕਾਰ ਅਤੇ ਫ਼ਿਲਮ ਲੇਖਕ ਪ੍ਰੋ. ਪਾਲੀ ਭੁਪਿੰਦਰ ਸਿੰਘ ਹੋਣਗੇ।
ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ, ਐੱਸ.ਏ.ਐੱਸ.ਨਗਰ ਵੱਲੋਂ ਇਸ ਸਮਾਗਮ ਵਿਚ ਸ਼ਾਮਲ ਹੋਣ ਲਈ ਲੇਖਕਾਂ ਅਤੇ ਪਾਠਕਾਂ ਦੇ ਨਾਲ-ਨਾਲ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਨਿੱਘਾ ਸੱਦਾ ਦਿੱਤਾ ਗਿਆ ਹੈ।