ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਦਿੱਲੀ ਦੇ ਮੈਟਰੋ ਸਟੇਸ਼ਨ ’ਤੇ ਸਿੱਖ ਨੂੰ ਕਿਰਪਾਨ ਪਾ ਕੇ ਜਾਣ ਤੋਂ ਰੋਕਣ ਦੀ ਕੀਤੀ ਸਖ਼ਤ ਨਿੰਦਾ
ਅੰਮ੍ਰਿਤਸਰ, 28 ਨਵੰਬਰ,ਬੋਲੇ ਪੰਜਾਬ ਬਿਊਰੋ :
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦਿੱਲੀ ਦੇ ਝਿਲਮਿਲ ਮੈਟਰੋ ਸਟੇਸ਼ਨ ’ਤੇ ਇਕ ਅੰਮ੍ਰਿਤਧਾਰੀ ਸਿੱਖ ਨੂੰ ਕਿਰਪਾਨ ਸਮੇਤ ਅੰਦਰ ਜਾਣ ਤੋਂ ਰੋਕਣ ਦੀ ਘਟਨਾ ਦਾ ਨੋਟਿਸ ਲੈਂਦਿਆਂ ਕਿਹਾ ਕਿ ਇਹ ਦੇਸ਼ ਦੇ ਸੰਵਿਧਾਨ ਦੀ ਉਲੰਘਣਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਅੰਦਰ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨਾਲ ਖਿਲਵਾੜ ਦੇ ਵਾਰ-ਵਾਰ ਮਾਮਲੇ ਸਾਹਮਣੇ ਆ ਰਹੇ ਹਨ ਅਤੇ ਦੁੱਖ ਦੀ ਗੱਲ ਹੈ ਕਿ ਸਰਕਾਰਾਂ ਅਜਿਹਾ ਕਰਨ ਵਾਲਿਆਂ ’ਤੇ ਕੋਈ ਮਿਸਾਲੀ ਕਾਰਵਾਈ ਨਹੀਂ ਕਰ ਰਹੀਆਂ। ਉਨ੍ਹਾਂ ਕਿਹਾ ਕਿ ਭਾਰਤ ਦੇ ਸੰਵਿਧਾਨ ਅੰਦਰ ਦੇਸ਼ ਦੇ ਹਰ ਨਾਗਰਿਕ ਨੂੰ ਆਪਣੀਆਂ ਧਾਰਮਿਕ ਮਾਨਤਾਵਾਂ ’ਤੇ ਪਹਿਰਾ ਦੇਣ ਦੀ ਖੁੱਲ੍ਹ ਹੈ। ਅੰਮ੍ਰਿਤਧਾਰੀ ਸਿੱਖ ਲਈ ਪੰਜ ਕਕਾਰ ਧਾਰਨ ਕਰਨਾ ਲਾਜ਼ਮੀ ਹੈ ਅਤੇ ਇਸ ਦੀ ਇਜਾਜ਼ਤ ਭਾਰਤ ਦਾ ਸੰਵਿਧਾਨ ਵੀ ਦਿੰਦਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਹਾਲ ਹੀ ਵਿਚ ਨਾਗਰਿਕ ਹਵਾਬਾਜ਼ੀ ਮੰਤਰਾਲੇ ਵੱਲੋਂ ਵੀ ਭਾਰਤ ਦੇ ਹਵਾਈ ਅੱਡਿਆਂ ’ਤੇ ਅੰਮ੍ਰਿਤਧਾਰੀ ਸਿੱਖ ਕਰਮਚਾਰੀਆਂ ਨੂੰ ਕਿਰਪਾਨ ਪਹਿਣ ਕੇ ਜਾਣ ’ਤੇ ਪਾਬੰਧੀ ਦਾ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਸੀ, ਜਿਸ ’ਤੇ ਵੀ ਸ਼੍ਰੋਮਣੀ ਕਮੇਟੀ ਵੱਲੋਂ ਸਖ਼ਤ ਇਤਰਾਜ਼ ਪ੍ਰਗਟਾਇਆ ਗਿਆ ਸੀ। ਐਡਵੋਕੇਟ ਧਾਮੀ ਨੇ ਕਿਹਾ ਕਿ ਹੁਣ ਦਿੱਲੀ ਦੇ ਇਕ ਝਿਲਮਿਲ ਮੈਟਰੋ ਸਟੇਸ਼ਨ ’ਤੇ ਅੰਮ੍ਰਿਤਧਾਰੀ ਸਿੱਖ ਨੂੰ ਸੀਆਈਐਸਐਫ ਦੇ ਇਕ ਕਰਮਾਚਾਰੀ ਵੱਲੋਂ ਕਿਰਪਾਨ ਸਮੇਤ ਅੰਦਰ ਜਾਣ ਤੋਂ ਰੋਕਣਾ ਧਾਰਮਿਕ ਭਾਵਨਾਵਾਂ ਨੂੰ ਸੱਟ ਮਾਰਨ ਵਾਲਾ ਹੈ। ਉਨ੍ਹਾਂ ਕਿਹਾ ਕਿ ਇਸ ਘਟਨਾ ਦੀ ਇਕ ਵੀਡੀਓ ਵੀ ਸੋਸ਼ਲ ਮੀਡੀਆ ’ਤੇ ਵਾਇਰਲ ਹੋਈ ਹੈ, ਜਿਸ ਦਾ ਨੋਟਿਸ ਲੈਂਦਿਆਂ ਸਰਕਾਰ ਨੂੰ ਦੋਸ਼ੀ ਕਰਮਚਾਰੀ ਖਿਲਾਫ਼ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਇਹ ਯਕੀਨੀ ਬਣਾਵੇ ਕਿ ਅੰਮ੍ਰਿਤਧਾਰੀ ਸਿੱਖਾਂ ਨਾਲ ਦੇਸ਼ ਅੰਦਰ ਕਕਾਰ ਪਹਿਨਣ ਕਰਕੇ ਕਿਸੇ ਕਿਸਮ ਦਾ ਵਿਤਕਰਾ ਨਾ ਕੀਤਾ ਜਾਵੇ। ਐਡਵੋਕੇਟ ਧਾਮੀ ਨੇ ਇਸ ਮਾਮਲੇ ਵਿਚ ਭਾਰਤ ਦੇ ਗ੍ਰਹਿ ਮੰਤਰਾਲੇ ਅਤੇ ਦਿੱਲੀ ਸਰਕਾਰ ਨੂੰ ਤੁਰੰਤ ਕਾਰਵਾਈ ਕਰਦਿਆਂ ਸਿੱਖਾਂ ਦੇ ਹੱਕ ਹਕੂਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਕਿਹਾ।