ਕਿਸਾਨਾਂ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਦੇ ਘਿਰਾਓ ਦਾ ਐਲਾਨ
ਖਨੌਰੀ, 29 ਨਵੰਬਰ,ਬੋਲੇ ਪੰਜਾਬ ਬਿਊਰੋ :
ਖਨੌਰੀ ਬਾਰਡਰ ਉੱਪਰ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ ਦੀ ਸਾਂਝੀ ਮੀਟਿੰਗ ਤੋਂ ਬਾਅਦ ਅਹਿਮ ਐਲਾਨ ਕੀਤਾ ਗਿਆ।ਪ੍ਰੈਸ ਕਾਨਫਰੰਸ ਵਿੱਚ ਦੱਸਿਆ ਗਿਆ ਕਿ 1 ਦਸੰਬਰ ਨੂੰ ਸੰਗਰੂਰ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਦਾ ਘਿਰਾਓ ਕੀਤਾ ਜਾਵੇਗਾ ਅਤੇ ਦੇਸ਼ ਭਰ ਵਿੱਚ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਦੇ ਪੁਤਲੇ ਫੂਕੇ ਜਾਣਗੇ।
ਕਿਸਾਨ ਆਗੂਆਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਭਾਜਪਾ ਦੀ ਬੀ ਟੀਮ ਹੈ ਅਤੇ ਭਗਵੰਤ ਮਾਨ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਦੋਸਤੀ ਰੱਖਦੇ ਹੋਏ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਗ੍ਰਿਫ਼ਤਾਰ ਕਰ ਲਿਆ। ਕਿਸਾਨ ਆਗੂਆਂ ਨੇ ਕਿਹਾ ਕਿ ਭਾਜਪਾ ਅਤੇ ਆਮ ਆਦਮੀ ਪਾਰਟੀ ਦੀ ਮਿਲੀਭੁਗਤ ਤਹਿਤ ਪੁਲਿਸ ਨੇ ਜਗਜੀਤ ਸਿੰਘ ਡੱਲੇਵਾਲ ਨੂੰ ਗ੍ਰਿਫ਼ਤਾਰ ਕਰਕੇ 26 ਨਵੰਬਰ ਤੋਂ ਸ਼ੁਰੂ ਹੋ ਰਹੇ ਮਰਨ ਵਰਤ ਨੂੰ ਨਾਕਾਮ ਕਰਨ ਦੀ ਕੋਸ਼ਿਸ਼ ਕੀਤੀ ਪਰ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਵੱਲੋ ਹਸਪਤਾਲ ਅਤੇ ਕਿਸਾਨ ਆਗੂ ਸੁਖਜੀਤ ਸਿੰਘ ਹਰਦੋਝੰਡੇ ਵੱਲੋ ਖਨੌਰੀ ਬਾਰਡਰ ਉੱਪਰ ਮਰਨ ਵਰਤ ਸ਼ੁਰੂ ਕਰਕੇ ਭਾਜਪਾ ਅਤੇ ਆਮ ਆਦਮੀ ਪਾਰਟੀ ਨੂੰ ਕਰਾਰਾ ਜਵਾਬ ਦਿੱਤਾ ਹੈ।