ਜਲੰਧਰ, 14 ਦਸੰਬਰ,ਬੋਲੇ ਪੰਜਾਬ ਬਿਊਰੋ :
ਸ਼ਹਿਰ ਵਿੱਚ ਵੱਧ ਰਹੇ ਲੁੱਟ ਦੇ ਮਾਮਲਿਆਂ ਦੇ ਵਿਚਕਾਰ ਪੁਲਿਸ ਨੇ ਵੱਡੀ ਕਾਮਯਾਬੀ ਹਾਸਲ ਕੀਤੀ ਹੈ। ਪੁਲਿਸ ਨੇ ਚੋਰੀ ਅਤੇ ਲੁੱਟ ਦੇ ਮਾਮਲੇ ਵਿੱਚ 2 ਨੌਜਵਾਨਾਂ ਨੂੰ ਗ੍ਰਿਫਤਾਰ ਕੀਤਾ ਹੈ।ਮੁਲਜ਼ਮਾਂ ਦੀ ਪਹਿਚਾਣ ਦੀਪਕ ਕੁਮਾਰ ਅਤੇ ਹਰੀਸ਼ ਕੁਮਾਰ ਵਾਸੀ ਬਸਤੀ ਗੁਜਾਂ ਦੇ ਵਾਲਮੀਕੀ ਮੁਹੱਲੇ ਦੇ ਰੂਪ ਵਿੱਚ ਹੋਈ ਹੈ। ਪੁਲਿਸ ਨੇ ਮੁਲਜ਼ਮਾਂ ਤੋਂ ਪੁੱਛਗਿੱਛ ਕਰਕੇ ਦੋ ਚੋਰੀ ਕੀਤੇ ਮੋਟਰਸਾਈਕਲ ਬਰਾਮਦ ਕੀਤੇ ਹਨ।
ਜਾਣਕਾਰੀ ਦਿੰਦੇ ਹੋਏ ਏਸੀਪੀ ਵੈਸਟ ਹਰਸ਼ਪ੍ਰੀਤ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਬਾਬਾ ਬੁੱਢਾ ਜੀ ਪੁਲ ’ਤੇ ਨਾਕਾਬੰਦੀ ਦੌਰਾਨ ਸ਼ੱਕੀ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਨੂੰ ਰੋਕ ਕੇ ਮੋਟਰਸਾਈਕਲ ਦੇ ਕਾਗਜਾਤ ਵਿਖਾਉਣ ਲਈ ਕਿਹਾ।ਜਿਸ ’ਤੇ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਸਹੀ ਤਰੀਕੇ ਨਾਲ ਜਵਾਬ ਨਹੀਂ ਦਿੱਤਾ। ਜਦੋਂ ਪੁਲਿਸ ਨੇ ਸਖਤੀ ਨਾਲ ਪੇਸ਼ ਆ ਕੇ ਪੁੱਛਗਿੱਛ ਕੀਤੀ, ਤਾਂ ਉਹਨਾਂ ਕਬੂਲ ਕੀਤਾ ਕਿ ਮੋਟਰਸਾਈਕਲ ਚੋਰੀ ਦਾ ਹੈ।ਹਇਸ ਤੋਂ ਬਾਅਦ ਦੋਵੇਂ ਮੁਲਜ਼ਮਾਂ ਤੋਂ ਹੋਰ ਪੁੱਛਗਿੱਛ ਕਰਨ ’ਤੇ ਇੱਕ ਹੋਰ ਮੋਟਰਸਾਈਕਲ ਬਰਾਮਦ ਹੋਇਆ। ਪੁਲਿਸ ਨੇ ਦੋਵੇਂ ਮੁਲਜ਼ਮਾਂ ਤੋਂ ਕੁੱਲ ਦੋ ਮੋਟਰਸਾਈਕਲ ਬਰਾਮਦ ਕਰਕੇ ਉਹਨਾਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ।