ਚੰਡੀਗੜ੍ਹ, 14 ਅਪ੍ਰੈਲ,ਬੋਲੇ ਪੰਜਾਬ ਬਿਓਰੋ:
ਸ਼੍ਰੋਮਣੀ ਅਕਾਲੀ ਦਲ ਨੇ ਕੱਲ੍ਹ ਲੋਕ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ, ਜਿਸ ਵਿੱਚ ਪਾਰਟੀ ਨੇ 7 ਉਮੀਦਵਾਰਾਂ ਦਾ ਐਲਾਨ ਕੀਤਾ। ਇਸ ਸੂਚੀ ਅਨੁਸਾਰ ਗੁਰਦਾਸਪੁਰ ਤੋਂ ਡਾ: ਦਲਜੀਤ ਸਿੰਘ ਚੀਮਾ, ਸ੍ਰੀ ਆਨੰਦਪੁਰ ਸਾਹਿਬ ਤੋਂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਪਟਿਆਲਾ ਤੋਂ ਐਨ. ਸ਼ਰਮਾ, ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਅਨਿਲ ਜੋਸ਼ੀ, ਸ੍ਰੀ ਫਤਹਿਗੜ੍ਹ ਸਾਹਿਬ ਤੋਂ ਬਿਕਰਮਜੀਤ ਸਿੰਘ ਖਾਲਸਾ, ਫਰੀਦਕੋਟ ਤੋਂ ਰਾਜਵਿੰਦਰ ਸਿੰਘ ਅਤੇ ਸੰਗਰੂਰ ਤੋਂ ਇਕਬਾਲ ਸਿੰਘ ਨੂੰ ਉਮੀਦਵਾਰ ਐਲਾਨਿਆ ਗਿਆ ਹੈ।
ਇਸ ਐਲਾਨ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸੁਖਦੇਵ ਸਿੰਘ ਢੀਂਡਸਾ ਨੇ ਗੁੱਸਾ ਜ਼ਾਹਰ ਕੀਤਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨਾਲ ਸਿਆਸਤ ਕੀਤੀ ਗਈ ਹੈ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਉਨ੍ਹਾਂ ਨਾਲ ਸੰਗਰੂਰ ਤੋਂ ਪਰਮਿੰਦਰ ਸਿੰਘ ਢੀਂਡਸਾ ਨੂੰ ਟਿਕਟ ਦੇਣ ਦਾ ਵਾਅਦਾ ਕੀਤਾ ਸੀ, ਜਦਕਿ ਹੁਣ ਇਕਬਾਲ ਸਿੰਘ ਝੂੰਦਾਂ ਨੂੰ ਉਮੀਦਵਾਰ ਐਲਾਨ ਦਿੱਤਾ ਗਿਆ ਹੈ।
ਉਨ੍ਹਾਂ ਦੋਸ਼ ਲਾਇਆ ਕਿ ਹਰਸਿਮਰਤ ਕੌਰ ਬਾਦਲ ਨੂੰ ਜਿਤਾਉਣ ਲਈ ਸੌਦੇਬਾਜ਼ੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਫਿਲਹਾਲ ਉਹ ਦਿੱਲੀ ‘ਚ ਹਨ ਅਤੇ ਵਿਧਾਨ ਸਭਾ ਹਲਕੇ ‘ਚ ਆ ਕੇ ਲੋਕਾਂ ਨਾਲ ਗੱਲਬਾਤ ਕਰਨਗੇ।ਇਸ ਬਾਰੇ ਪਰਮਿੰਦਰ ਸਿੰਘ ਢੀਂਡਸਾ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਵਰਕਰਾਂ ਤੋਂ ਪਤਾ ਲੱਗਾ ਹੈ ਕਿ ਪਾਰਟੀ ਵਿੱਚ ਉਨ੍ਹਾਂ ਦਾ ਵਿਰੋਧ ਹੋ ਰਿਹਾ ਹੈ। ਵਿਧਾਨ ਸਭਾ ਹਲਕੇ ਦੇ ਵਰਕਰਾਂ ਨਾਲ ਸਲਾਹ ਕਰਕੇ ਅਗਲਾ ਫੈਸਲਾ ਲਿਆ ਜਾਵੇਗਾ।