ਐੱਸ ਏ ਐੱਸ ਨਗਰ ,14 ਜਨਵਰੀ ,ਬੋਲੇ ਪੰਜਾਬ ਬਿਊਰੋ :
ਇੱਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿੱਖੇ ਭਾਈ ਮਹਾਂ ਸਿੰਘ, ਮਾਈ ਭਾਗੋ ਅਤੇ 40 ਮੁਕਤਿਆਂ ਦੀ ਯਾਦ ਵਿੱਚ ਗੁਰਮਤਿ ਸਮਾਗਮ ਦਾ ਆਯੌੋਜਨ ਕਰਵਾਇਆ ਗਿਆ । ਇਸ ਦਿਨ ਉਨਾਂ ਦੀ ਯਾਦ ਵਿੱਚ ਸਵੇਰੇ 9:00 ਵਜੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ । ਇਸ ਉਪਰੰਤ ਸਾਰਾ ਦਿਨ ਗੁਰਮਤਿ ਸਮਾਗਮ ਦਾ ਆਯੋਜਨ ਕੀਤਾ ਗਿਆ । ਇਸ ਗੁਰਮਤਿ ਸਮਾਗਮ ਵਿੱਚ ਭਾਈ ਸੁਖਵਿੰਦਰ ਸਿੰਘ ਦੇ ਇੰਟਰਨੈਸ਼ਨਲ ਪੰਥਕ ਢਾਡੀ ਜੱਥੇ ਨੇ ਮੁਕਤਸਰ ਦੀ ਜੰਗ ਵਿੱਚ ਦਸਮ ਪਿਤਾ ਧੰਨ ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੋਂ 40 ਸਿੰਘਾਂ ਨੂੰ ਸ਼ਹੀਦੀ ਪ੍ਰਾਪਤ ਕਰਨ ਉਪਰੰਤ ਮੁਕਤਿਆਂ ਦਾ ਖਿਤਾਬ ਦੇਣ ਦਾ ਪੂਰਾ ਪ੍ਰਸੰਗ ਸੰਗਤਾਂ ਨੂੰ ਢਾਡੀ ਵਾਰਾਂ ਵਿੱਚ ਵਿਸਥਾਰ ਸਹਿਤ ਸੁਣਾਇਆ। ਭਾਈ ਲਖਵਿੰਦਰ ਸਿੰਘ ਜੀ ਅੰਮ੍ਰਿਤਸਰ ਵਾਲਿਆਂ ਦੇ ਰਾਗੀ ਜੱਥੇ ਨੇ ਆਪਣੇ ਰਸ ਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ । ਸ਼੍ਰੋਮਣੀ ਪ੍ਰਚਾਰਕ ਭਾਈ ਜਤਿੰਦਰ ਸਿੰਘ ਜੀ ਦਮਦਮੀ ਟਕਸਾਲ ਵਾਲਿਆਂ ਨੇ ਆਪਣੇ ਪ੍ਰਵਚਨਾ ਰਾਹੀਂ ਮਾਈ ਭਾਗੋ ਦੇ ਅਣਮੁੱਲੇ ਯੋਗਦਾਨ ਨੂੰ ਸੰਗਤਾਂ ਨੂੰ ਜਾਣੂ ਕਰਵਾਇਆ ਅਤੇ ਦੱਸਿਆ ਕਿ ਜਦੋਂ 40 ਸਿੰਘ ਗੁਰੂ ਜੀ ਨੂੰ ਬੇਦਾਵਾ ਲਿਖ ਕੇ ਦੇ ਆਏ ਤਾਂ ਮਾਈ ਭਾਗੋ ਨੇ ਹੀ ਉਨ੍ਹਾਂ ਨੂੰ ਅਜਿਹਾ ਪ੍ਰੇਰਿਆ ਕਿ ਇਹ ਮੁਕਤਸਰ ਦੀ ਜੰਗ ਇਤਿਹਾਸ ਵਿੱਚ ਮੀਲ ਪੱਥਰ ਸਾਬਤ ਹੋਈ । ਇਸ ਤੋਂ ਇਲਾਵਾ ਭਾਈ ਜਸਪਾਲ ਸਿੰਘ ਜੀ ਲੁਧਿਆਣੇ ਵਾਲੇ, ਭਾਈ ਵਰਿੰਦਰ ਸਿੰਘ ਜੀ , ਭਾਈ ਸੁਰਜੀਤ ਸਿੰਘ ਜੀ ਪਟਿਆਲੇ ਵਾਲੇ, ਭਾਈ ਹਰਵਿੰਦਰ ਸਿੰਘ ਜੀ ਗੁਰਦੁਆਰਾ ਕੋਤਵਾਲੀ ਸਾਹਿਬ ਮੋਰਿੰਡਾ, ਸ਼੍ਰੋਮਣੀ ਪ੍ਰਚਾਰਕ ਭਾਈ ਮਨਜੀਤ ਸਿੰਘ ਜੀ ਅੰਬਾਲੇ ਵਾਲੇ, ਸੁਖਮਨੀ ਸੇਵਾ ਸੁਸਾਇਟੀ ਦੀਆਂ ਬੀਬੀਆਂ , ਭਾਈ ਰਾਜਵਿੰਦਰ ਸਿੰਘ ਜੀ ਸਮਰਾਲਾ, ਭਾਈ ਜਗਤਾਰ ਸਿੰਘ ਜੀ ਦੇ ਜੱਥਿਆਂ ਤੋਂ ਇਲਾਵਾ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਜੱਥੇ ਭਾਈ ਗੁਰਮੀਤ ਸਿੰਘ, ਭਾਈ ਇੰਦਰਜੀਤ ਸਿੰਘ, ਭਾਈ ਜਸਵੰਤ ਸਿੰਘ ਅਤੇ ਭਾਈ ਜਰਨੈਲ ਸਿੰਘ ਦੇ ਜੱਥਿਆਂ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕੀਤਾ। ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।
ਪ੍ਰਬੰਧਕ ਕਮੇਟੀ ਗੁਰਦੁਆਰਾ ਸਿੰਘ ਸ਼ਹੀਦਾਂ ਦੇ ਬੁਲਾਰੇ ਨੇ ਇਸ ਮੌਕੇ ਦੱਸਿਆ ਕਿ ਆਉਣ ਵਾਲੀ ਮਿਤੀ 26 ਜਨਵਰੀ ਨੂੰ ਧੰਨ ਧੰਨ ਅਮਰ ਸ਼ਹੀਦ ਜਥੇਦਾਰ ਬਾਬਾ ਦੀਪ ਸਿੰਘ ਜੀ ਮਹਾਰਾਜ ਦਾ ਜਨਮ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾਵੇਗਾ । ਉਨ੍ਹਾਂ ਦੱਸਿਆ ਕਿ ਇਸ ਦਿਨ ਸਵੇਰੇ 9:00 ਵਜੇ ਸ੍ਰੀ ਸਹਿਜ ਪਾਠ ਜੀ ਦੇ ਭੋਗ ਪਾਏ ਜਾਣਗੇ । ਇਸ ਉਪਰੰਤ ਉੱਚ ਕੋਟੀ ਦੇ ਸ੍ਰੀ ਦਰਬਾਰ ਸਾਹਿਬ ਜੀ ਅੰਮ੍ਰਿਤਸਰ ਦੇ ਹਜ਼ੂਰੀ ਰਾਗੀ ਜੱਥੇ, ਇੰਟਰਨੈਸ਼ਨਲ ਪੰਥਕ ਢਾਡੀ ਜੱਥੇ ਅਤੇ ਉੱਚ ਕੋਟੀ ਦੇ ਪ੍ਰਚਾਰਕ ਸੰਗਤਾਂ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕਰਨਗੇ । ਗੁਰੂ ਕਾ ਲੰਗਰ ਅਤੁੱਟ ਵਰਤਾਇਆ ਜਾਵੇਗਾ ਜੀ।