ਚੰਡੀਗੜ੍ਹ, 24 ਜਨਵਰੀ ,ਬੋਲੇ ਪੰਜਾਬ ਬਿਊਰੋ ;
ਸੂਬੇ ਵਿਚ ਅਵਾਰਾ ਕੁੱਤਿਆਂ ਵੱਲੋਂ ਛੋਟੇ ਬੱਚਿਆ ਨੂੰ ਵੱਢੇ ਜਾਣ ਦੀਆਂ ਵੱਧ ਰਹੀਆਂ ਘਟਨਾਵਾਂ ਦਾ ਗੰਭੀਰ ਨੋਟਿਸ ਲੈਂਦਿਆ ਪੰਜਾਬ ਰਾਜ ਬਾਲ ਅਧਿਕਾਰ ਕਮਿਸ਼ਨ ਦੇ ਚੇਅਰਮੈਨ ਕੰਵਰਦੀਪ ਸਿੰਘ ਨੇ ਪੰਜਾਬ ਦੇ ਸਥਾਨਕ ਸਰਕਾਰਾਂ ਅਤੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਪ੍ਰਬੰਧਕੀ ਸਕੱਤਰਾਂ ਨੂੰ ਆਦੇਸ਼ ਦਿੱਤੇ ਕਿ ਅਵਾਰਾ ਕੁੱਤਿਆਂ ਵੱਲੋਂ ਬੱਚਿਆਂ ਨੂੰ ਵੱਢੇ ਜਾਣ ਦੀਆਂ ਵਾਰ ਵਾਰ ਹੋ ਰਹੀਆਂ ਘਟਨਾਵਾਂ ਨੂੰ ਰੋਕਣ ਲਈ ਸਾਰੇ ਸ਼ਹਿਰਾਂ ਵਿੱਚ ਅਵਾਰਾ ਕੁੱਤਿਆਂ ਦੀ ਗਿਣਤੀ ਕਰਵਾਕੇ ਜਲਦੀ ਤੋਂ ਜਲਦੀ ਸਟਰਲਾਈਜੇਸ਼ਨ ਕਰਵਾਈ ਜਾਵੇ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਕਮਿਸ਼ਨ ਦੇ ਚੇਅਰਮੈਨ ਕੰਵਰਦੀਪ ਸਿੰਘ ਨੇ ਦੱਸਿਆ ਕਿ ਮੀਡੀਆ ਵਿੱਚ ਅਵਾਰਾ ਕੁੱਤਿਆਂ ਵੱਲੋਂ ਬੱਚਿਆਂ ਨੂੰ ਵੱਢੇ ਜਾਣ ਦੀਆਂ ਘਟਨਾਵਾਂ ਕਮਿਸ਼ਨ ਦੇ ਸਾਹਮਣੇ ਆ ਰਹੀਆਂ ਹਨ। ਕਮਿਸ਼ਨ ਨੇ ਬੱਚਿਆਂ ਨਾਲ ਵਾਪਰ ਰਹੀਆਂ ਇਹਨਾਂ ਘਟਨਾਵਾਂ ਲਈ ਡੂੰਘੀ ਚਿੰਤਾ ਪ੍ਰਗਟਾਈ ਹੈ। ਕਮਿਸ਼ਨ ਨੇ ਅਵਾਰਾ ਕੁੱਤਿਆਂ ਵੱਲੋਂ ਬੱਚਿਆਂ ਨੂੰ ਵੱਢੇ ਜਾਣ ਦੀਆਂ ਘਟਨਾਵਾਂ ਸਬੰਧੀ ਸੂ-ਮੋਟੋ ਨੋਟਿਸ ਲਿਆ ਹੈ।
ਚੇਅਰਮੈਨ ਨੇ ਦੱਸਿਆ ਕਿ ਮੀਡੀਆ ਵਿੱਚ ਆਈਆਂ ਖ਼ਬਰਾਂ ਤੋਂ ਪਤਾ ਲੱਗਿਆ ਹੈ ਕਿ ਲੁਧਿਆਣਾ ਦੇ ਨਜ਼ਦੀਕ ਪਿੰਡ ਹਸਨਪੁਰ ਵਿੱਚ ਇਕ ਹਫਤੇ ਦੇ ਅੰਦਰ ਦੋ ਬੱਚਿਆਂ ਨੂੰ ਨੋਚ ਨੋਚ ਕੇ ਮਾਰ ਦਿੱਤਾ। ਇਸ ਤੋਂ ਇਲਾਵਾ ਪੰਜਾਬ ਦੇ ਵੱਖ ਵੱਖ ਸਥਾਨ ਮੋਹਾਲੀ, ਜ਼ੀਰਕਪੁਰ, ਅੰਮ੍ਰਿਤਸਰ, ਮਾਛੀਵਾੜਾ ਸਾਹਿਬ ਅਤੇ ਨਾਭਾ ਵਿਖੇ ਵੀ ਅਵਾਰਾ ਕੁੱਤਿਆਂ ਵੱਲੋਂ ਬੱਚਿਆਂ ਨੂੰ ਵੱਢੇ ਜਾਣ ਦੀਆਂ ਘਟਨਾਵਾਂ ਸਾਹਮਣੇ ਆਈਆਂ ਹਨ ਜੋ ਕਿ ਗੰਭੀਰ ਚਿੰਤਾਂ ਦਾ ਵਿਸ਼ਾ ਹੈ।
ਚੇਅਰਮੈਨ ਕੰਵਰਦੀਪ ਨੇ ਸਥਾਨਕ ਸਰਕਾਰਾਂ ਅਤੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਪ੍ਰਬੰਧਕੀ ਸਕੱਤਰਾਂ ਨੂੰ ਲਿਖਿਆ ਹੈ ਕਿ ਭਾਰਤ ਸਰਕਾਰ ਦੇ ਪਸ਼ੂ ਪਾਲਣ ਅਤੇ ਡੇਅਰੀ ਵਿਕਾਸ ਵੱਲੋਂ ਜਾਰੀ ਨੋਟੀਫਿਕੇਸ਼ਨ ਮਿਤੀ 10 ਮਾਰਚ 2023 ਰਾਹੀਂ ਐਨੀਮਲ ਬਰਥ ਕੰਟਰੋਲ ਰੂਲਜ਼ 2023 ਅਨੁਸਾਰ ਅਵਾਰਾ ਕੁੱਤਿਆਂ ਸਬੰਧੀ ਕਾਰਵਾਈ ਤੁਰੰਤ ਅਮਲ ਵਿੱਚ ਲਿਆਂਦੀ ਜਾਵੇ ਜਿਸ ਨਾਲ ਕੁੱਤਿਆਂ ਦੀ ਗਿਣਤੀ ਘਟੇਗੀ ਅਤੇ ਅਵਾਰਾ ਕੁੱਤਿਆਂ ਵੱਲੋਂ ਬੱਚਿਆਂ ਨੂੰ ਵੱਢਣ ਦੀਆਂ ਘਟਨਾਵਾਂ ਨੂੰ ਵੀ ਰੋਕਿਆ ਜਾ ਸਕੇਗਾ।