ਐੱਸਕੇਐੱਮ ਵੱਲੋਂ ਸਵੇਰੇ 11 ਤੋਂ ਬਾਅਦ ਦੁਪਹਿਰ 3 ਵਜੇ ਤੱਕ ਤਹਿਸੀਲ ਪੱਧਰ ’ਤੇ ਕੱਢਿਆ ਜਾਵੇਗਾ ਮਾਰਚ
ਚੰਡੀਗੜ੍ਹ 26 ਜਨਵਰੀ ,ਬੋਲੇ ਪੰਜਾਬ ਬਿਊਰੋ :
ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਸਮੇਤ 13 ਮੰਗਾਂ ਨੂੰ ਲੈ ਕੇ ਅੱਜ ਕਿਸਾਨ ਹਰਿਆਣਾ-ਪੰਜਾਬ ਸਮੇਤ ਦੇਸ਼ ਭਰ ਵਿੱਚ ਟਰੈਕਟਰ ਮਾਰਚ ਕਰਨਗੇ। ਸਾਂਝਾ ਕਿਸਾਨ ਮੋਰਚਾ (ਗੈਰ-ਸਿਆਸੀ), ਕਿਸਾਨ ਮਜ਼ਦੂਰ ਮੋਰਚਾ ਅਤੇ ਯੂਨਾਈਟਿਡ ਕਿਸਾਨ ਮੋਰਚਾ ਨੇ ਸ਼ੰਭੂ ਅਤੇ ਖਨੌਰੀ ਸਰਹੱਦ ‘ਤੇ ਰੋਸ ਪ੍ਰਦਰਸ਼ਨ ਕਰਦਿਆਂ 26 ਜਨਵਰੀ ਨੂੰ ਸਾਂਝੇ ਤੌਰ ‘ਤੇ ਟਰੈਕਟਰ ਮਾਰਚ ਕੱਢਣ ਦਾ ਐਲਾਨ ਕੀਤਾ ਸੀ।ਦੁਪਹਿਰ 12 ਵਜੇ ਤੋਂ 1.30 ਵਜੇ ਤੱਕ ਭਾਜਪਾ ਆਗੂਆਂ ਦੇ ਘਰਾਂ ਅਤੇ ਕੋਠੀਆਂ ਅੱਗੇ ਟਰੈਕਟਰ ਮਾਰਚ ਕੱਢਿਆ ਜਾਵੇਗਾ।
ਇਸ ਦੇ ਨਾਲ ਹੀ ਖਨੌਰੀ ਸਰਹੱਦ ‘ਤੇ ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਦਾ ਅੱਜ 62ਵਾਂ ਦਿਨ ਹੈ | ਗਲੂਕੋਜ਼ ਪਾਉਣ ਅਤੇ ਡਾਕਟਰੀ ਇਲਾਜ ਤੋਂ ਬਾਅਦ ਉਨ੍ਹਾਂ ਦੀ ਸਿਹਤ ਵਿੱਚ ਸੁਧਾਰ ਹੋ ਰਿਹਾ ਹੈ।ਸੰਯੁਕਤ ਕਿਸਾਨ ਮੋਰਚਾ (ਐੱਸਕੇਐੱਸ) ਵੱਲੋਂ 26 ਜਨਵਰੀ ਨੂੰ ਦੇਸ਼ ਭਰ ਵਿੱਚ ਤਹਿਸੀਲ ਪੱਧਰ ’ਤੇ ਟਰੈਕਟਰ ਮਾਰਚ ਕੀਤੇ ਜਾਣਗੇ। ਇਸ ਬਾਰੇ ਐੱਸਕੇਐੱਸ ਦੇ ਸੀਨੀਅਰ ਆਗੂ ਰਮਿੰਦਰ ਸਿੰਘ ਪਟਿਆਲਾ ਨੇ ਕਿਹਾ ਕਿ ਐੱਸਕੇਐੱਮ ਵੱਲੋਂ ਭਲਕੇ ਗਣਤੰਤਰ ਦਿਵਸ ਮੌਕੇ ਦੇਸ਼ ਭਰ ਵਿੱਚ ਤਹਿਸੀਲ ਪੱਧਰ ’ਤੇ ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ ਟਰੈਕਟਰ ਮਾਰਚ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਦੇਸ਼ ਦਾ ਅੰਨਦਾਤਾ ਪਿਛਲੇ ਲੰਮੇ ਸਮੇਂ ਤੋਂ ਐੱਮਐੱਸਪੀ ਦੀ ਕਾਨੂੰਨੀ ਗਾਰੰਟੀ ਲਈ ਸੰਘਰਸ਼ ਕਰ ਰਿਹਾ ਹੈ, ਪਰ ਕੇਂਦਰ ਸਰਕਾਰ ਕਿਸਾਨਾਂ ਦੀਆਂ ਮੰਗਾਂ ਮੰਨਣ ਲਈ ਤਿਆਰ ਨਹੀਂ ਹੈ। ਹੁਣ ਕੇਂਦਰ ਸਰਕਾਰ ਨੇ ਨਵੀਂ ਖੇਤੀ ਮੰਡੀਕਰਨ ਨੀਤੀ ਲਿਆ ਕੇ ਕਿਸਾਨਾਂ ਨੂੰ ਮੁੜ ਤੋਂ ਕਾਰਪੋਰੇਟਾਂ ਅਧੀਨ ਕਰਨ ਦੀ ਕੋਸ਼ਿਸ਼ ਕੀਤੀ ਹੈ, ਜਿਸ ਨੂੰ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਮੰਗ ਕੀਤੀ ਕਿ ਕੇਂਦਰ ਸਰਕਾਰ ਜਲਦ ਹੀ ਕਿਸਾਨਾਂ ਤੇ ਮਜ਼ਦੂਰਾਂ ਦੀਆਂ ਸਾਰੀਆਂ ਮੰਗਾਂ ਮੰਨੇ ਅਤੇ ਨਵੀਂ ਖੇਤੀ ਮੰਡੀਕਰਨ ਨੀਤੀ ਦੇ ਖਰੜੇ ਨੂੰ ਮੁੱਢ ਤੋਂ ਰੱਦ ਕਰੇ। ਉਧਰ ਸੰਯੁਕਤ ਕਿਸਾਨ ਮੋਰਚਾ (ਗੈਰ ਸਿਆਸੀ) ਤੇ ਕਿਸਾਨ ਮਜ਼ਦੂਰ ਮੋਰਚਾ ਦੇ ਆਗੂਆਂ ਨੇ ਕਿਹਾ ਕਿ ਉਨ੍ਹਾਂ ਵੱਲੋਂ ਦੁਪਹਿਰੇ 12 ਵਜੇ ਤੋਂ 1.30 ਵਜੇ ਤੱਕ ਦੇਸ਼ ਭਰ ਵਿੱਚ ਸਾਰੇ ਸ਼ਾਪਿੰਗ ਮਾਲਜ਼, ਸਾਈਲੋਜ਼, ਭਾਜਪਾ ਆਗੂਆਂ ਦੇ ਘਰਾਂ ਤੇ ਦਫ਼ਤਰਾਂ ਮੂਹਰੇ ਅਤੇ ਟੌਲ ਪਲਾਜ਼ਿਆਂ ’ਤੇ ਟਰੈਕਟਰ ਖੜ੍ਹੇ ਕਰਕੇ ਰੋਸ ਪ੍ਰਦਰਸ਼ਨ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਐੱਸਕੇਐੱਮ (ਗੈਰ ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ ਨੂੰ ਪੰਜਾਬ ਤੇ ਹਰਿਆਣਾ ਦੀਆਂ ਹੱਦਾਂ ’ਤੇ ਸੰਘਰਸ਼ ਕਰਦੇ ਨੂੰ ਇਕ ਸਾਲ ਪੂਰਾ ਹੋਣ ਵਾਲਾ ਹੈ। ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਭੁੱਖ ਹੜਤਾਲ ’ਤੇ ਬੈਠੇ ਹਨ, ਪਰ ਕੇਂਦਰ ਸਰਕਾਰ ਕਿਸਾਨਾਂ ਦੀ ਗੱਲ ਸੁਣਨ ਲਈ ਤਿਆਰ ਨਹੀਂ ਹੈ। ਉਨ੍ਹਾਂ ਕਿਹਾ ਕਿ ਜਦੋਂ ਤੱਕ ਕੇਂਦਰ ਸਰਕਾਰ ਕਿਸਾਨਾਂ ਦੀਆਂ ਮੰਗਾਂ ਨਹੀਂ ਮੰਨਦੀ, ਉਦੋਂ ਤੱਕ ਕਿਸਾਨਾਂ ਤੇ ਮਜ਼ਦੂਰਾਂ ਦਾ ਸੰਘਰਸ਼ ਜਾਰੀ ਰਹੇਗਾ।
ਸੰਯੁਕਤ ਕਿਸਾਨ ਮੋਰਚਾ (ਗੈਰ ਸਿਆਸੀ) ਤੇ ਕਿਸਾਨ ਮਜ਼ਦੂਰ ਮੋਰਚਾ ਨੇ ਪਿਛਲੇ ਸਾਲ 13 ਫਰਵਰੀ ਤੋਂ ਪੰਜਾਬ ਤੇ ਹਰਿਆਣਾ ਦੀਆਂ ਸਰਹੱਦਾਂ ’ਤੇ ਪੈਂਦੇ ਸ਼ੰਭੂ ਤੇ ਖਨੌਰੀ ਬਾਰਡਰਾਂ ’ਤੇ ਪੱਕਾ ਮੋਰਚਾ ਲਾਇਆ ਹੋਇਆ ਹੈ। ਇਸ ਦੇ ਬਾਵਜੂਦ ਕੇਂਦਰ ਸਰਕਾਰ ਕਿਸਾਨਾਂ ਦੀ ਗੱਲ ਸੁਣਨ ਲਈ ਤਿਆਰ ਨਹੀਂ ਹੈ। ਕੇਂਦਰ ਸਰਕਾਰ ਨੇ ਕਿਸਾਨਾਂ ਦੇ ਲੰਮੇ ਸੰਘਰਸ਼ ਤੋਂ ਬਾਅਦ 14 ਫਰਵਰੀ ਨੂੰ ਚੰਡੀਗੜ੍ਹ ਦੇ ਸੈਕਟਰ-26 ਵਿਚ ‘ਮਗਸੀਪਾ’ ਵਿੱਚ ਕਿਸਾਨਾਂ ਨਾਲ ਗੱਲਬਾਤ ਕਰਨ ਦਾ ਫੈਸਲਾ ਕੀਤਾ ਹੈ।