ਫਿਰੋਜ਼ਪੁਰ, 27 ਜਨਵਰੀ,ਬੋਲੇ ਪੰਜਾਬ ਬਿਊਰੋ :
ਜ਼ਿਲ੍ਹਾ ਫਿਰੋਜ਼ਪੁਰ ਵਿੱਚ ਐਸ.ਐਸ.ਪੀ. ਸੌਮਿਆ ਮਿਸ਼ਰਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੁਲਿਸ ਵੱਲੋਂ ਚਾਈਨਾ ਡੋਰ ਦੀ ਵਿਕਰੀ ਕਰਨ ਵਾਲਿਆਂ ਖਿਲਾਫ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ ਅਤੇ ਚੈਕਿੰਗ ਕੀਤੀ ਜਾ ਰਹੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ.ਐਸ.ਪੀ. ਸਿਟੀ ਫਿਰੋਜ਼ਪੁਰ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਥਾਣਾ ਸਿਟੀ ਫਿਰੋਜ਼ਪੁਰ ਦੀ ਪੁਲਿਸ ਨੇ ਐਸ.ਐਚ.ਓ. ਇੰਸਪੈਕਟਰ ਹਰਿੰਦਰ ਸਿੰਘ ਚਮੇਲੀ ਅਤੇ ਏ.ਐਸ.ਆਈ. ਸੁਖਦੇਵ ਰਾਜ ਦੀ ਅਗਵਾਈ ਹੇਠ ਗੁਪਤ ਸੂਚਨਾ ਦੇ ਆਧਾਰ ’ਤੇ ਛਾਪਾਮਾਰੀ ਕੀਤੀ।ਇਸ ਦੌਰਾਨ ਫਿਰੋਜ਼ਪੁਰ ਸ਼ਹਿਰ ਤੋਂ 105 ਚਾਈਨਾ ਡੋਰ ਦੇ ਗੱਟੂ ਬਰਾਮਦ ਕੀਤੇ ਹਨ ਅਤੇ 3 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਪੁਲਿਸ ਨੂੰ ਇਹ ਗੁਪਤ ਸੂਚਨਾ ਮਿਲੀ ਸੀ ਕਿ ਗੁਰਜੀਤ ਸਿੰਘ, ਜਸਵੀਰ ਸਿੰਘ ਅਤੇ ਕੁਲਦੀਪ ਸਿੰਘ ਨਾਮ ਦੇ ਵਿਅਕਤੀ ਬਾਹਰੋਂ ਚਾਈਨਾ ਡੋਰ ਦੇ ਗੱਟੂ ਲਿਆਉਣ ਅਤੇ ਫਿਰੋਜ਼ਪੁਰ ਵਿਚ ਵੇਚਣ ਦਾ ਧੰਦਾ ਕਰਦੇ ਹਨ। ਇਸ ਸਮੇਂ ਦਾਣਾ ਮੰਡੀ ਫਿਰੋਜ਼ਪੁਰ ਗੇਟ ਸ਼ਹਿਰ ਦੇ ਗੇਟ ਨੰਬਰ 1 ਦੇ ਅੰਦਰ ਖੜੇ ਹੋ ਕੇ ਗਾਹਕਾਂ ਦਾ ਇੰਤਜ਼ਾਰ ਕਰ ਰਹੇ ਹਨ। ਪੁਲਿਸ ਵੱਲੋਂ ਤੁਰੰਤ ਦੱਸੀ ਗਈ ਜਗ੍ਹਾ ’ਤੇ ਛਾਪਾਮਾਰੀ ਕਰਦਿਆਂ ਨਾਮਜ਼ਦ ਤਿੰਨੋ ਮੁਲਜ਼ਮਾਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ 105 ਚਾਈਨੀਜ਼ ਡੋਰ ਦੇ ਗੱਟੂ ਬਰਾਮਦ ਕੀਤੇ ਗਏ। ਉਨ੍ਹਾਂ ਦੇ ਖਿਲਾਫ ਥਾਣਾ ਸਿਟੀ ਫਿਰੋਜ਼ਪੁਰ ਵਿੱਚ ਬੀ.ਐਨ.ਐਸ., ਵਾਈਲਡਲਾਈਫ ਪ੍ਰੋਟੈਕਸ਼ਨ ਐਕਟ 1972 ਅਤੇ ਐਨਵਾਇਰਮੈਂਟ ਪ੍ਰੋਟੈਕਸ਼ਨ ਐਕਟ 1986 ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।