ਲੁਧਿਆਣਾ, 30 ਜਨਵਰੀ,ਬੋਲੇ ਪੰਜਾਬ ਬਿਊਰੋ :
ਪੰਜਾਬ ਪ੍ਰਦੇਸ਼ ਕਾਂਗਰਸ ਪਾਰਟੀ ਦੇ ਪ੍ਰਧਾਨ ਤੇ ਲੋਕ ਸਭਾ ਹਲਕਾ ਲੁਧਿਆਣਾ ਤੋਂ ਐੱਮਪੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਇੱਥੇ ਬਚਤ ਭਵਨ ਵਿਖੇ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਨਾਲ ਨਾ ਤਾਂ ਗੱਠਜੋੜ ਕੀਤਾ ਗਿਆ ਹੈ ਅਤੇ ਨਾ ਹੀ ਭਵਿੱਖ ਵਿੱਚ ਹੋਵੇਗਾ। ਜੇਕਰ ਗੱਠਜੋੜ ਹੁੰਦਾ ਹੈ ਤਾਂ ਉਹ ਸਿਆਸਤ ਤੋਂ ਕਿਨਾਰਾ ਕਰਨ ਨੂੰ ਤਰਜੀਹ ਦੇਣਗੇ। ਉਨ੍ਹਾਂ ਕਿਹਾ ਕਿ ਪੰਜਾਬ ਵਿਧਾਨ ਸਭਾ ਚੋਣਾਂ ਅਤੇ ਹੁਣ ਦਿੱਲੀ ਵਿਧਾਨ ਸਭਾ ਚੋਣਾਂ ਵਿੱਚ ਵੀ ਪਾਰਟੀਆਂ ਦੇ ਉਮੀਦਵਾਰ ਇੱਕ ਦੂਸਰੇ ਦੇ ਖਿਲਾਫ਼ ਲੜ ਰਹੇ ਹਨ। ਵੜਿੰਗ ਨੇ ਕਿਹਾ ਕਿ ਇਕ ਦਿਨ ਪਹਿਲਾਂ ਰਾਹੁਲ ਗਾਂਧੀ ਦੀ ਟਿੱਪਣੀ ਤੋਂ ਤੁਸੀਂ ਅੰਦਾਜ਼ਾ ਲਗਾ ਸਕਦੇ ਹੋ ਕਿ ਇਸ ਮੁੱਦੇ ‘ਤੇ ਕਾਂਗਰਸ ਦਾ ਕੀ ਸਟੈਂਡ ਹੈ। ਉਨ੍ਹਾਂ ਕਿਹਾ ਕਿ ਪੰਜਾਬ ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਤੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਅਤੇ ਸਾਬਕਾ ਵਿਧਾਇਕ ਸਿਮਰਜੀਤ ਬੈਂਸ ਵਿਚਾਲੇ ਵਿਵਾਦ ਪਾਰਟੀ ਦਾ ਮਾਮਲਾ ਹੈ। ਵੜਿੰਗ ਨੇ ਕਿਹਾ ਕਿ ਇਹ ਉਨ੍ਹਾਂ ਦੀ ਪਾਰਟੀ ਦਾ ਅੰਦਰੂਨੀ ਮਾਮਲਾ ਹੈ। ਜਨਤਕ ਮੰਚ ‘ਤੇ ਇਸ ਬਾਰੇ ਕੁੱਝ ਨਹੀਂ ਕਿਹਾ ਜਾ ਸਕਦਾ। ਉਨ੍ਹਾਂ ਕਿਹਾ ਕਿ ਪਰਿਵਾਰ ਵਿੱਚ ਕੁੱਝ ਗਲਤਫਹਿਮੀਆਂ ਹੁੰਦੀਆਂ ਹਨ, ਉਹ ਇਕੱਠੇ ਬੈਠ ਕੇ ਹੀ ਹੱਲ ਹੋ ਜਾਂਦੀਆਂ ਹਨ। ਇਸ ਮੌਕੇ ਸਾਬਕਾ ਵਿਧਾਇਕ ਤੇ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਸੰਜੇ ਤਲਵਾੜ, ਸਾਬਕਾ ਵਿਧਾਇਕ ਜਥੇਦਾਰ ਬਲਵਿੰਦਰ ਸਿੰਘ ਬੈਂਸ, ਕਾਂਗਰਸੀ ਆਗੂ ਸਤਿੰਦਰਪਾਲ ਸਿੰਘ ਸੱਠਾ ਵੀ ਹਾਜ਼ਰ ਸਨ।