ਮੋਹਾਲੀ 20 ਅਪ੍ਰੈਲ,ਬੋਲੇ ਪੰਜਾਬ ਬਿਓਰੋ:ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਸ਼੍ਰੋਮਣੀ ਭਗਤ ਧੰਨਾ ਜੀ ਦਾ ਜਨਮ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ ਗਿਆ। ਜਨਮ ਦਿਹਾੜੇ ਦੀ ਖੁਸ਼ੀ ਵਿੱਚ ਸਵੇਰੇ 9:00 ਵਜੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ । ਇਸ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਧਾਰਮਿਕ ਸਮਾਗਮ ਵਿੱਚ ਭਾਈ ਪ੍ਰੇਮ ਸਿੰਘ ਪ੍ਰੇਮੀ ਦੇ ਇੰਟਰਨੈਸ਼ਨਲ ਢਾਡੀ ਜੱਥੇ ਨੇ ਸ਼੍ਰੋਮਣੀ ਭਗਤ ਧੰਨਾ ਜੀ ਦੇ ਜੀਵਨ ਬ੍ਰਿਤਾਂਤ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿੱਚ ਉਨ੍ਹਾਂ ਦੁਆਰਾ ਉਚਾਰਣ ਕੀਤੀ ਧੁਰ ਕੀ ਬਾਣੀ ਬਾਰੇ ਸੰਗਤਾਂ ਨੂੰ ਵਿਸਥਾਰ ਵਿੱਚ ਜਾਣੂੰ ਕਰਵਾਇਆ। ਸ਼੍ਰੋਮਣੀ ਪ੍ਰਚਾਰਕ ਭਾਈ ਸੰਦੀਪ ਸਿੰਘ ਸ੍ਰੀ ਅਨੰਦਪੁਰ ਸਾਹਿਬ ਵਾਲਿਆਂ ਨੇ ਸ਼੍ਰੋਮਣੀ ਭਗਤ ਧੰਨਾ ਜੀ ਦੁਆਰਾ ਰਚਿਤ ਬਾਣੀ ਅਤੇ ਉਨ੍ਹਾਂ ਦੁਆਰਾ ਪਰਮਾਤਮਾ ਤੋਂ ਆਪਣੀ ਭਗਤੀ ਨਾਲ ਸਾਰੇ ਕੰਮ ਕਰਵਾਉਣ ਬਾਰੇ ਸੰਗਤਾਂ ਨੂੰ ਵਿਸਥਾਰ ਵਿੱਚ ਦੱਸਿਆ। ਭਾਈ ਲੱਖਵਿੰਦਰ ਸਿੰਘ ਜੀ ਅੰਮ੍ਰਿਤਸਰ ਵਾਲਿਆਂ ਨੇ ਆਪਣੇ ਰਸ ਭਿੰਨੇ ਕੀਰਤਨ ਰਾਹੀ ਸੰਗਤਾਂ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ। ਇਸ ਤੋਂ ਇਲਾਵਾ ਭਾਈ ਸਰੂਪ ਸਿੰਘ ਜੀ ਭਾਈ ਗੁਰਬਖਸ਼ ਸਿੰਘ ਜੀ ਸ਼ਾਂਤ, ਭਾਈ ਮਨਦੀਪ ਸਿੰਘ ਜੀ , ਭਾਈ ਕਰਨਵੀਰ ਸਿੰਘ ਜੀ, ਭਾਈ ਨਿਰਮਲ ਸਿੰਘ, ਭਾਈ ਮਹਿੰਦਰਪਾਲ ਸਿੰਘ ਜੀ, ਸ਼ੇਰ ਏ ਪੰਜਾਬ ਕਵੀਸ਼ਰੀ ਜੱਥਾ, ਮਿੱਤਰ ਪਿਆਰੇ ਨੂੰ ਕੀਰਤਨੀ ਜੱਥਾ, ਸੁਖਮਨੀ ਸੇਵਾ ਸੁਸਾਇਟੀ ਦੀਆਂ ਬੀਬੀਆਂ ਦੇ ਜਥਿਆਂ ਤੋ ਇਲਾਵਾ ਗੁਰਦੁਆਰਾ ਸਿੰਘ ਸ਼ਹੀਦਾਂ ਦੇ ਹਜ਼ੂਰੀ ਜੱਥੇ ਭਾਈ ਇੰਦਰਜੀਤ ਸਿੰਘ, ਭਾਈ ਜਸਵੰਤ ਸਿੰਘ, ਭਾਈ ਹਰਬਖਸ਼ ਸਿੰਘ, ਅਤੇ ਭਾਈ ਗੁਰਮੀਤ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕੀਤਾ । ਸਾਰੇ ਜਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਜਨਮ ਦਿਹਾੜੇ ਦੀ ਖੁਸ਼ੀ ਵਿੱਚ ਦਰਬਾਰ ਸਾਹਿਬ ਜੀ ਦੀ ਅੰਦਰੋ ਫੁੱਲਾਂ ਨਾਲ ਵਿਸ਼ੇਸ਼ ਸਜਾਵਟ ਕੀਤੀ ਗਈ ਸੀ । ਇਸ ਮੌਕੇ ਤੇ ਹਜ਼ਾਰਾਂ ਸੰਗਤਾਂ ਨੇ ਇਸ ਅਸਥਾਨ ਦੇ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਕੀਤਾ । ਮਾਹਿਰ ਡਾਕਟਰਾਂ ਵੱਲੋੱ ਮਰੀਜਾਂ ਦਾ ਮੁਆਇਨਾ ਕੀਤਾ ਗਿਆ ਅਤੇ ਦਵਾਈ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋੱ ਦਿੱਤੀ ਗਈ । ਗੁਰੂ ਕਾ ਲੰਗਰ ਸੰਗਤਾਂ ਨੂੰ ਸਾਰਾ ਦਿਨ ਅਤੁੱਟ ਵਰਤਾਇਆ ਗਿਆ ।
ਇਸ ਮੌਕੇ ਪ੍ਰਬੰਧਕ ਕਮੇਟੀ ਦੇ ਬੁਲਾਰੇ ਨੇ ਦੱਸਿਆ ਕਿ ਗੁਰਦੁਆਰਾ ਸਾਹਿਬ ਵਿਖੇ ਅਤਿਆਧੁਨਿਕ ਲੈਬਾਰੇਟਰੀ ਅਤੇ ਡਾਇਗਨੋਜ਼ ਸੈਟਰ ਚੱਲ ਰਿਹਾ ਹੈ ਜਿਸ ਵਿੱਚ ਐਕਸ ਰੈਅ, ਅਲਟਰਾ ਸਾਊਡ, ਐੱਮ ਆਰ ਆਈ, ਡੇਟਲ ਵਿੰਗ ਅਤੇ ਸੀਟੀ ਸਕੈਣ ਦੀਆਂ ਸਹੁਲਤਾਂ ਵੀ ਉਪਲਬੱਧ ਹਨ।