ਬਰਨਾਲਾ, ਬੋਲੇ ਪੰਜਾਬ ਬਿਓਰੋ:
ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਆਮ ਆਦਮੀ ਪਾਰਟੀ ਦੇ ਸੰਗਰੂਰ ਤੋਂ ਉਮੀਦਵਾਰ ਮੀਤ ਹੇਅਰ ਦੇ ਵਿਰੋਧ ਦਾ ਐਲਾਨ ਕਰ ਦਿੱਤਾ ਹੈ।ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਥੇਬੰਦੀ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਅਤੇ ਝੰਡਾ ਸਿੰਘ ਜੇਠੂਕੇ ਨੇ ਦੱਸਿਆ ਕਿ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਨੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੀਤ ਸਿੰਘ ਮੀਤ ਹੇਅਰ ਦਾ ਚੋਣਾਂ ਦੌਰਾਨ ਵਿਰੋਧ ਕਰਨ ਦਾ ਫੈਸਲਾ ਕੀਤਾ ਹੈ। ਸਰਕਾਰ ਅਤੇ ਇਸ ਮੰਤਰੀ ਵੱਲੋਂ ਵਾਅਦਾ ਖਿਲਾਫੀ ਕਾਰਨ ਇਹ ਫੈਸਲਾ ਲੈਣਾ ਪਿਆ। ਉਨ੍ਹਾਂ ਕਿਹਾ ਕਿ ਸੰਗਰੂਰ ਜ਼ਿਲ੍ਹੇ ਦੇ ਧੂਰੀ ਵਿਧਾਨ ਸਭਾ ਹਲਕੇ ਦੇ ਪਿੰਡ ਜਹਾਂਗੀਰ ਦੇ ਮੁੱਦੇ ’ਤੇ ਜਥੇਬੰਦੀ ਵੱਲੋਂ ਪਿਛਲੇ ਇੱਕ ਸਾਲ ਤੋਂ ਸੰਘਰਸ਼ ਕੀਤਾ ਜਾ ਰਿਹਾ ਹੈ। ਪਿੰਡ ਦੀ ਲੜਕੀ ਕਿਰਨਜੀਤ ਕੌਰ ਪੁੱਤਰੀ ਗੁਰਚਰਨ ਸਿੰਘ ਦੀ ਜ਼ਮੀਨ ਪਿੰਡ ਦੇ ਸਾਬਕਾ ਸਰਪੰਚ ਨੇ ਦੱਬ ਲਈ ਹੈ। ਅਦਾਲਤ ਨੇ ਇਸ ਜ਼ਮੀਨ ਬਾਰੇ ਫੈਸਲਾ ਇਸ ਪੀੜਤ ਲੜਕੀ ਦੇ ਹੱਕ ਵਿੱਚ ਕਰ ਦਿੱਤਾ ਹੈ। ਇਹ ਸਾਰਾ ਮਾਮਲਾ ਜ਼ਿਲ੍ਹਾ ਪ੍ਰਸ਼ਾਸਨ ਦੇ ਧਿਆਨ ਵਿੱਚ ਵੀ ਹੈ। ਪ੍ਰਸ਼ਾਸਨ ਨੇ ਖੁਦ ਮੰਨਿਆ ਹੈ ਕਿ ਇਸ ਲੜਕੀ ਨੂੰ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਪਰ ਇਸ ਦੇ ਬਾਵਜੂਦ ਲੜਕੀ ਨੂੰ ਇਨਸਾਫ ਨਹੀਂ ਮਿਲ ਰਿਹਾ। ਉਨ੍ਹਾਂ ਕਿਹਾ ਕਿ ਇਹ ਮਾਮਲਾ ਮੰਤਰੀ ਤੇ ‘ਆਪ’ ਉਮੀਦਵਾਰ ਗੁਰਮੀਤ ਸਿੰਘ ਮੀਤ ਹੇਅਰ ਦੇ ਧਿਆਨ ਵਿੱਚ ਵੀ ਲਿਆਂਦਾ ਗਿਆ ਸੀ। ਇਸ ਇਨਸਾਫ਼ ਨੂੰ ਲੈ ਕੇ ਮੀਤ ਹੇਅਰ ਦੇ ਘਰ ਅੱਗੇ ਦੋ ਦਿਨਾਂ ਤੋਂ ਧਰਨਾ ਦਿੱਤਾ ਗਿਆ। ਜਿਸ ਤੋਂ ਬਾਅਦ ਮੀਤ ਹੇਅਰ ਨੇ ਮਾਮਲੇ ‘ਚ ਇਨਸਾਫ ਦਿਵਾਉਣ ਲਈ 15 ਦਿਨ ਦਾ ਸਮਾਂ ਦੇਣ ਦਾ ਭਰੋਸਾ ਦਿੱਤਾ। ਪਰ 18 ਦਿਨ ਬੀਤ ਜਾਣ ਦੇ ਬਾਵਜੂਦ ਕੋਈ ਇਨਸਾਫ਼ ਨਹੀਂ ਮਿਲਿਆ। ਜਿਸ ਕਾਰਨ ਜਥੇਬੰਦੀ ਨੇ ਫੈਸਲਾ ਕੀਤਾ ਹੈ ਕਿ ਉਹ ਅੱਜ ਤੋਂ 15 ਦਿਨ ਹੋਰ ਇਨਸਾਫ਼ ਦੀ ਉਡੀਕ ਕਰਨਗੇ। ਜੇਕਰ ਪੀੜਤ ਲੜਕੀ ਨੂੰ 5 ਮਈ ਤੱਕ ਉਸ ਦੀ ਜ਼ਮੀਨ ਦਾ ਕਬਜ਼ਾ ਨਾ ਦਿੱਤਾ ਗਿਆ ਤਾਂ ਉਨ੍ਹਾਂ ਦੀ ਜਥੇਬੰਦੀ ਮੰਤਰੀ ਮੀਤ ਹੇਅਰ ਦੇ ਘਰ ਦੇ ਬਾਹਰ ਪੱਕਾ ਧਰਨਾ ਸ਼ੁਰੂ ਕਰੇਗੀ। ਇਸ ਤੋਂ ਇਲਾਵਾ ਪਿੰਡਾਂ ਵਿੱਚ ਚੋਣ ਪ੍ਰਚਾਰ ਕਰਦਿਆਂ ਮੀਤ ਹੇਅਰ ਦਾ ਘਿਰਾਓ ਕਰਕੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਦੋ ਦਿਨ ਪਹਿਲਾਂ ਮੀਤ ਹੇਅਰ ਨਾਲ ਦੁਬਾਰਾ ਸੰਪਰਕ ਕੀਤਾ ਗਿਆ ਸੀ ਪਰ ਉਨ੍ਹਾਂ ਵੱਲੋਂ ਕੋਈ ਜਵਾਬ ਨਹੀਂ ਮਿਲਿਆ। ਉਨ੍ਹਾਂ ਕਿਹਾ ਕਿ ਪਿਛਲੇ ਇੱਕ ਸਾਲ ਤੋਂ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਸ ਮਾਮਲੇ ਵਿੱਚ ਇਨਸਾਫ਼ ਦਿਵਾਉਣ ਵਿੱਚ ਲਗਾਤਾਰ ਦੇਰੀ ਕੀਤੀ ਜਾ ਰਹੀ ਹੈ ਪਰ ਹੁਣ ਜਥੇਬੰਦੀ ਵੱਲੋਂ ਇਨਸਾਫ਼ ਮਿਲਣ ਤੱਕ ਸੰਘਰਸ਼ ਜਾਰੀ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਸਾਬਕਾ ਸਰਪੰਚ ਨੇ ਜ਼ਮੀਨ ’ਤੇ ਕਬਜ਼ਾ ਕਰਕੇ ਆਮ ਆਦਮੀ ਪਾਰਟੀ ਦੇ ਚੋਣ ਦਫ਼ਤਰ ਵਿੱਚ ਬੈਠਾ ਹੈ।