ਚੰਡੀਗੜ੍ਹ, 23 ਫਰਵਰੀ ,ਬੋਲੇ ਪੰਜਾਬ ਬਿਊਰੋ :
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਵੱਲੋਂ ਤਖ਼ਤ ਸਾਹਿਬਾਨ ਦੇ ਜਥੇਦਾਰਾਂ ਦੀ ਨਿਯੁਕਤੀ ਅਤੇ ਹਟਾਉਣ ਦਾ ਅਧਿਕਾਰ ਉਸ ਕੋਲ ਹੈ, ਦੇ ਬਿਆਨ ’ਤੇ ਪ੍ਰਤੀਕਰਮ ਦਿੰਦਿਆਂ ਭਾਜਪਾ ਦੇ ਕੌਮੀ ਕਾਰਜਕਾਰਨੀ ਮੈਂਬਰ ਅਤੇ ਸੀਨੀਅਰ ਆਗੂ ਹਰਜੀਤ ਸਿੰਘ ਗਰੇਵਾਲ ਨੇ ਇਸ ਨੂੰ ਬੜਾ ਅਫ਼ਸੋਸਨਾਕ ਅਤੇ ਮਾਣ-ਸਨਮਾਨ ਖ਼ਿਲਾਫ਼ ਕਰਾਰ ਦਿੱਤਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਜਿਸ ਤਰ੍ਹਾਂ ਕਮੇਟੀ ਨੇ ਕਿਹਾ ਹੈ ਕਿ ਐਕਟ 1925 ਤਹਿਤ ਜਥੇਦਾਰਾਂ ਨੂੰ ਹਟਾ ਕੇ ਆਮ ਮੁਲਾਜ਼ਮਾਂ ਵਾਂਗ ਨਿਯੁਕਤ ਕੀਤਾ ਜਾ ਸਕਦਾ ਹੈ। ਇਹ ਬਹੁਤ ਦੁਖਦਾਈ ਅਤੇ ਰਾਜਨੀਤੀ ਤੋਂ ਪ੍ਰੇਰਿਤ ਹੈ।
ਵਰਨਣਯੋਗ ਹੈ ਕਿ ਸ਼੍ਰੋਮਣੀ ਕਮੇਟੀ ਦੀ ਕਾਰਜਕਾਰਨੀ ਦੀ ਮੀਟਿੰਗ ਦੌਰਾਨ ਸ਼੍ਰੋਮਣੀ ਕਮੇਟੀ ਦੇ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ ਅਤੇ ਮੁੱਖ ਸਕੱਤਰ ਕੁਲਵੰਤ ਸਿੰਘ ਮਾਨ ਨੇ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਹਟਾਉਣ ਸਬੰਧੀ ਸਪਸ਼ਟੀਕਰਨ ਦਿੰਦਿਆਂ ਕਿਹਾ ਸੀ ਕਿ ਜਥੇਦਾਰ ਸਾਹਿਬਾਨ ਨਾ ਸਿਰਫ਼ ਕਮੇਟੀ ਲਈ ਸਰਬਉੱਚ ਅਤੇ ਸਤਿਕਾਰਯੋਗ ਹਨ, ਲੇਕਿਨ ਉਨ੍ਹਾਂ ਦੀ ਨਿਯੁਕਤੀ ਜਾਂ ਹਟਾਉਣ ਦਾ ਅਧਿਕਾਰ ਉਕਤ ਐਕਟ ਦੇ ਤਹਿਤ ਰਖਦੀ ਹੈ।
ਹਰਜੀਤ ਸਿੰਘ ਗਰੇਵਾਲ ਨੇ ਕਿਹਾ ਕਿ ਵਰਨਣਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਸ਼੍ਰੋਮਣੀ ਕਮੇਟੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵਿਚਲੇ ਡੇਰਾ ਸਰਪ੍ਰਸਤ ਦੀ ਮੁਆਫ਼ੀ ਨੂੰ ਲੈ ਕੇ ਵਿਵਾਦ ਸਾਹਮਣੇ ਆਇਆ ਸੀ ਅਤੇ ਇਸੇ ਵਿਵਾਦ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਤਤਕਾਲੀ ਜਥੇਦਾਰ ਗਿਆਨੀ ਗੁਰਬਚਨ ਸਿੰਘ ਵੀ ਬਾਦਲ ਪਰਿਵਾਰ ਦੀ ਸਿਆਸਤ ਦਾ ਸ਼ਿਕਾਰ ਹੋਏ ਸਨ ਅਤੇ ਉਨ੍ਹਾਂ ਨੂੰ ਸ਼੍ਰੋਮਣੀ ਕਮੇਟੀ ਨੇ ਜਥੇਦਾਰ ਦੇ ਅਹੁਦੇ ਤੋਂ ਹਟਾ ਦਿੱਤਾ ਸੀ। ਹੁਣ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਬਾਦਲ ਪਰਿਵਾਰ ਦੀ ਸਿਆਸਤ ਦਾ ਸ਼ਿਕਾਰ ਹੋਏ ਹਨ। ਉਨ੍ਹਾਂ ਕਿਹਾ ਕਿ ਜੋ ਵੀ ਬਾਦਲ ਪਰਿਵਾਰ ਦੇ ਖਿਲਾਫ ਜਾਂਦਾ ਹੈ ਉਸ ਨੂੰ ਬਾਦਲ ਪਰਿਵਾਰ ਦੇ ਰੋਹ ਦਾ ਸਾਹਮਣਾ ਕਰਨਾ ਪੈਂਦਾ ਹੈ।
ਗਰੇਵਾਲ ਨੇ ਕਿਹਾ ਕਿ ਭਾਵੇਂ ਹੁਣ ਤੱਕ ਦੁਨੀਆਂ ਜਾਣਦੀ ਸੀ ਕਿ ਜਥੇਦਾਰ ਸਾਹਿਬਾਨ ਸਿੱਖ ਕੌਮ ਦੀ ਸਿਰਮੌਰ ਸ਼ਖਸੀਅਤ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਪਿਛਲੇ ਲੰਮੇ ਸਮੇਂ ਤੋਂ ਸ਼੍ਰੋਮਣੀ ਕਮੇਟੀ ਬਾਦਲ ਪਰਿਵਾਰ ਦੇ ਪ੍ਰਭਾਵ ਹੇਠ ਹੈ, ਜਿਸ ਕਾਰਨ ਨਾ ਸਿਰਫ ਕਮੇਟੀ, ਸਗੋਂ ਸ੍ਰੀ ਅਕਾਲ ਤਖ਼ਤ ਸਾਹਿਬ ਸਮੇਤ ਹੋਰ ਤਖ਼ਤ ਸਾਹਿਬਾਨ ਦੀ ਮਰਿਆਦਾ ਨੂੰ ਵੀ ਨੁਕਸਾਨ ਪਹੁੰਚਾਇਆ ਗਿਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਭਾਵੇਂ ਪਿਛਲੇ ਕੁਝ ਦਿਨਾਂ ਤੋਂ ਅਕਾਲੀ ਦਲ ਵਿਚ ਚੱਲ ਰਹੇ ਵਿਵਾਦ ਕਾਰਨ ਸੁਖਬੀਰ ਸਿੰਘ ਬਾਦਲ ਨੂੰ ਹਟਾ ਦਿੱਤਾ ਗਿਆ ਹੈ, ਪਰ ਫਿਰ ਵੀ ਕਮੇਟੀ ਆਪਣੇ ਅਧਿਕਾਰਾਂ ਦੀ ਦੁਰਵਰਤੋਂ ਕਰ ਰਹੀ ਹੈ ਅਤੇ ਬਾਦਲ ਪਰਿਵਾਰ ਦਾ ਸਾਥ ਦੇ ਰਹੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਕਮੇਟੀ ਅਧਿਕਾਰੀਆਂ ਦੇ ਉਪਰੋਕਤ ਬਿਆਨ ਤੋਂ ਸਪੱਸ਼ਟ ਹੈ ਕਿ ਅੱਜ ਵੀ ਕਮੇਟੀ ਬਾਦਲ ਪਰਿਵਾਰ ਦੇ ਦਬਾਅ ਹੇਠ ਕੰਮ ਕਰ ਰਹੀ ਹੈ।