ਜੈਪੁਰ, 21 ਅਪ੍ਰੈਲ,ਬੋਲੇਪੰਜਾਬ ਬਿਓਰੋ:
ਰਾਜਸਥਾਨ ਦੇ ਝਾਲਾਵਾੜ ਜ਼ਿਲ੍ਹੇ ਵਿੱਚ ਇੱਕ ਭਿਆਨਕ ਸੜਕ ਹਾਦਸੇ ਵਿੱਚ 9 ਨੌਜਵਾਨਾਂ ਦੀ ਮੌਤ ਹੋ ਗਈ। ਵਿਆਹ ਦੇ ਬਾਰਤੀਆਂ ਨਾਲ ਭਰੀ ਵੈਨ ਨੂੰ ਤੇਜ਼ ਰਫਤਾਰ ਟਰਾਲੇ ਨੇ ਟੱਕਰ ਮਾਰ ਦਿੱਤੀ, ਜਿਸ ਕਾਰਨ 9 ਨੌਜਵਾਨਾਂ ਦੀ ਮੌਤ ਹੋ ਗਈ। ਇਸ ਦੇ ਨਾਲ ਹੀ ਇਕ ਵਿਅਕਤੀ ਗੰਭੀਰ ਰੂਪ ਨਾਲ ਜ਼ਖਮੀ ਹੋ ਗਿਆ। ਹਾਦਸਾ ਇੰਨਾ ਭਿਆਨਕ ਸੀ ਕਿ ਟੱਕਰ ਤੋਂ ਬਾਅਦ ਵੈਨ ਦੇ ਪਰਖੱਚੇ ਉੱਡ ਗਏ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਟੀਮ ਮੌਕੇ ‘ਤੇ ਪਹੁੰਚੀ ਅਤੇ ਜ਼ਖਮੀਆਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ।
ਜਾਣਕਾਰੀ ਅਨੁਸਾਰ ਇਹ ਹਾਦਸਾ ਅੱਜ ਸਵੇਰੇ ਜ਼ਿਲ੍ਹੇ ਦੇ ਅਕਲੇਰਾ ਥਾਣਾ ਖੇਤਰ ਵਿੱਚ ਵਾਪਰਿਆ। ਹਾਦਸੇ ਦਾ ਸ਼ਿਕਾਰ ਹੋਏ ਲੋਕ ਮੱਧ ਪ੍ਰਦੇਸ਼ ਦੇ ਡੁੰਗਰੀ ਵਿੱਚ ਇੱਕ ਵਿਆਹ ਸਮਾਗਮ ਵਿੱਚ ਸ਼ਾਮਲ ਹੋਣ ਤੋਂ ਬਾਅਦ ਦੁਗਰਗਾਂਵ ਸਥਿਤ ਆਪਣੇ ਘਰ ਪਰਤ ਰਹੇ ਸਨ। ਇਸ ਦੌਰਾਨ NH 52 ‘ਤੇ ਪਚੋਲਾ ਨੇੜੇ ਇਕ ਟਰਾਲੇ ਨੇ ਮਾਰੂਤੀ ਵੈਨ ਨੂੰ ਟੱਕਰ ਮਾਰ ਦਿੱਤੀ।
ਅਕਲੇਰਾ ਥਾਣਾ ਇੰਚਾਰਜ ਸੰਦੀਪ ਬਿਸ਼ਨੋਈ ਨੇ ਦੱਸਿਆ ਕਿ ਇਹ ਹਾਦਸਾ ਥਾਣੇ ਤੋਂ ਕਰੀਬ 5 ਕਿਲੋਮੀਟਰ ਦੂਰ ਭੋਪਾਲ ਰੋਡ ‘ਤੇ ਵਾਪਰਿਆ। ਸੂਚਨਾ ਮਿਲਦੇ ਹੀ ਪੁਲਸ ਮੌਕੇ ‘ਤੇ ਪਹੁੰਚੀ ਅਤੇ ਵੈਨ ‘ਚ ਫਸੇ ਜ਼ਖਮੀਆਂ ਨੂੰ ਨੇੜੇ ਦੇ ਕਮਿਊਨਿਟੀ ਹੈਲਥ ਸੈਂਟਰ ‘ਚ ਪਹੁੰਚਾਇਆ। ਜਿੱਥੇ ਜਾਂਚ ਤੋਂ ਬਾਅਦ ਡਾਕਟਰਾਂ ਨੇ 9 ਨੌਜਵਾਨਾਂ ਨੂੰ ਮ੍ਰਿਤਕ ਐਲਾਨ ਦਿੱਤਾ। ਇਸ ਦੇ ਨਾਲ ਹੀ ਇੱਕ ਜ਼ਖਮੀ ਵਿਅਕਤੀ ਦਾ ਇਲਾਜ ਕੀਤਾ ਜਾ ਰਿਹਾ ਹੈ।