ਤਰਨਤਾਰਨ, 1 ਮਾਰਚ, ਬੋਲੇ ਪੰਜਾਬ ਬਿਊਰੋ
ਤਰਨਤਾਰਨ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਦਰਅਸਲ, ਤਰਨਤਾਰਨ ਦੇ ਅਧੀਨ ਪੰਡੋਰੀ ਗੋਲਾ ਪਿੰਡ ਵਿੱਚ ਉਸ ਸਮੇਂ ਸੋਗ ਦਾ ਮਾਹੌਲ ਬਣ ਗਿਆ, ਜਦੋਂ ਇੱਕੋ ਪਰਿਵਾਰ ਦੇ 5 ਲੋਕਾਂ ਦੀ ਮੌਤ ਹੋ ਗਈ। ਇਸ ਘਟਨਾ ਤੋਂ ਬਾਅਦ ਇਲਾਕੇ ਵਿੱਚ ਸੋਗ ਦਾ ਮਾਹੌਲ ਹੈ।
ਜਾਣਕਾਰੀ ਮੁਤਾਬਕ, ਮਕਾਨ ਦੀ ਛੱਤ ਢਹਿ ਜਾਣ ਕਾਰਨ ਇੱਕੋ ਪਰਿਵਾਰ ਦੇ 5 ਮੈਂਬਰਾਂ ਦੀ ਮੌਤ ਹੋ ਗਈ। ਇਸ ਹਾਦਸੇ ਵਿੱਚ ਪਤੀ-ਪਤਨੀ ਅਤੇ ਉਨ੍ਹਾਂ ਦੇ ਤਿੰਨ ਬੱਚੇ ਸ਼ਾਮਲ ਸਨ। ਹਾਦਸੇ ਤੋਂ ਬਾਅਦ ਸਦਰ ਥਾਣਾ ਪੁਲੀਸ ਅਤੇ ਪਿੰਡ ਵਾਸੀਆਂ ਨੇ ਛੱਤ ਦੇ ਮਲਬੇ ਵਿੱਚ ਫਸੇ 5 ਲੋਕਾਂ ਨੂੰ ਬਾਹਰ ਕੱਢ ਕੇ ਹਸਪਤਾਲ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ।
ਦੱਸ ਦੇਈਏ ਕਿ ਮੌਸਮ ਵਿਭਾਗ ਵੱਲੋਂ ਪਹਿਲਾਂ ਹੀ ਹਨ੍ਹੇਰੀ ਤੇ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਗਈ ਸੀ। ਦੂਜੇ ਪਾਸੇ, ਅੰਮ੍ਰਿਤਸਰ ਵਿੱਚ ਸ਼ਾਮ ਦੇ ਸਮੇਂ ਹੋਈ ਭਾਰੀ ਗੜੇਮਾਰੀ ਤੋਂ ਬਾਅਦ ਅੰਮ੍ਰਿਤਸਰ ਰਾਜਾਸਾਂਸੀ ਵਿਧਾਨ ਸਭਾ ਹਲਕੇ ਦੀਆਂ ਸੜਕਾਂ ਇੱਕ ਬਰਫੀਲੇ ਇਲਾਕੇ ਵਰਗੀਆਂ ਲੱਗ ਰਹੀਆਂ ਸਨ। ਇਸ ਕਾਰਨ ਆਉਣ-ਜਾਣ ਵਾਲੇ ਲੋਕਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ।