ਚੰਡੀਗੜ੍ਹ, 6 ਮਾਰਚ,ਬੋਲੇ ਪੰਜਾਬ ਬਿਊਰੋ :
ਭਾਰਤੀ ਜਨਤਾ ਪਾਰਟੀ ਦੇ ਕੌਮੀ ਪ੍ਰਧਾਨ ਜਗਤ ਪ੍ਰਕਾਸ਼ ਨੱਡਾ (ਜੇਪੀ ਨੱਡਾ) ਅਤੇ ਦਿੱਲੀ ਭਾਜਪਾ ਦੀ ਰੇਖਾ ਗੁਪਤਾ ਸਰਕਾਰ ਦੇ ਕੈਬਨਿਟ ਮੰਤਰੀ ਮਨਜਿੰਦਰ ਸਿੰਘ ਸਿਰਸਾ ਅੱਜ ਆਪਣੇ ਚੰਡੀਗੜ੍ਹ ਦੌਰੇ ਦੌਰਾਨ ਮੁਹਾਲੀ ਦੇ ਸ਼ਹੀਦ ਭਗਤ ਸਿੰਘ ਹਵਾਈ ਅੱਡੇ ‘ਤੇ ਪੁੱਜੇ, ਜਿੱਥੇ ਭਾਜਪਾ ਪੰਜਾਬ ਦੇ ਸੂਬਾ ਪ੍ਰੈਸ ਸਕੱਤਰ ਹਰਦੇਵ ਸਿੰਘ ਉੱਭਾ ਨੇ ਆਪਣੇ ਸਾਥੀਆਂ ਸਮੇਤ ਕੌਮੀ ਪ੍ਰਧਾਨ ਜੇਪੀ ਨੱਡਾ ਅਤੇ ਮਨਜਿੰਦਰ ਸਿੰਘ ਸਿਰਸਾ ਦਾ ਫੁੱਲਾਂ ਦੇ ਗੁਲਦਸਤਿਆਂ ਅਤੇ ਸਿਰੋਪਿਆਂ ਨਾਲ ਨਿੱਘਾ ਸਵਾਗਤ ਕੀਤਾ।
ਹਰਦੇਵ ਸਿੰਘ ਉੱਭਾ ਨੇ ਇਸ ਸਬੰਧੀ ਜਾਰੀ ਪ੍ਰੈਸ ਬਿਆਨ ਵਿੱਚ ਦੱਸਿਆ ਕਿ ਭਾਜਪਾ ਦੇ ਕੌਮੀ ਪ੍ਰਧਾਨ ਜੇ.ਪੀ.ਨੱਡਾ ਨੇ ਰਸਮੀ ਗੱਲਬਾਤ ਦੌਰਾਨ ਪੰਜਾਬ ਦੇ ਸਿਆਸੀ ਹਾਲਾਤਾਂ ਬਾਰੇ ਜਾਣਕਾਰੀ ਲਈ ਅਤੇ ਉਨ੍ਹਾਂ ਭਰੋਸਾ ਦਿੱਤਾ ਕਿ ਦਿੱਲੀ ਵਿੱਚ ਭਾਜਪਾ ਦੀ ਜਿੱਤ ਤੋਂ ਬਾਅਦ ਹੁਣ ਮੋਦੀ ਸਰਕਾਰ ਦਾ ਧਿਆਨ ਪੰਜਾਬ ਵੱਲ ਕੇਂਦਰਿਤ ਹੈ। ਪੰਜਾਬ ਦੇ ਲੋਕ ਕੇਜਰੀਵਾਲ ਅਤੇ ਭਗਵੰਤ ਮਾਨ ਦੇ ਝੂਠ ਨੂੰ ਚੰਗੀ ਤਰ੍ਹਾਂ ਸਮਝ ਚੁੱਕੇ ਹਨ ਅਤੇ ਹੁਣ ਪੰਜਾਬ ਵਿੱਚ ਭਾਜਪਾ ਦੀ ਸਰਕਾਰ ਬਣਾਉਣ ਅਤੇ ਪੰਜਾਬ ਦੇ ਵਿਕਾਸ ਨੂੰ ਯਕੀਨੀ ਬਣਾਉਣ ਲਈ 2027 ਦੀਆਂ ਵਿਧਾਨ ਸਭਾ ਚੋਣਾਂ ਦੀ ਉਡੀਕ ਕਰ ਰਹੇ ਹਨ।
ਇਸ ਮੌਕੇ ਭਾਜਪਾ ਦੇ ਸੀਨੀਅਰ ਆਗੂ ਸੁੰਦਰ ਲਾਲ, ਸੂਬਾ ਕਾਰਜਕਾਰਨੀ ਮੈਂਬਰ ਅਸ਼ੋਕ ਝਾਅ, ਮੋਗਾ ਦੇ ਸਾਬਕਾ ਵਿਧਾਇਕ ਹਰਜੋਤ ਕਮਲ, ਮੰਡਲ ਜਨਰਲ ਸਕੱਤਰ ਗੁਲਸ਼ਨ ਸੂਦ, ਪ੍ਰਿਤਪਾਲ ਸ਼ਰਮਾ ਗਿੱਦੜਬਾਹਾ, ਤਜਿੰਦਰ ਸਿੰਘ ਸਰਾ, ਕਮਲ ਅੱਤਰੀ, ਮੋਹਿਤ ਸ਼ਰਮਾ ਆਦਿ ਹਾਜ਼ਰ ਸਨ।