ਕਪੂਰਥਲਾ, 17 ਮਾਰਚ,ਬੋਲੇ ਪੰਜਾਬ ਬਿਊਰੋ :
ਕੇਂਦਰੀ ਜੇਲ੍ਹ ਜਲੰਧਰ ਅਤੇ ਕਪੂਰਥਲਾ ਵਿੱਚ ਬੰਦ ਇੱਕ ਕੈਦੀ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ ਹੋ ਗਈ ਹੈ। ਮ੍ਰਿਤਕ ਮੁਲਜ਼ਮ ਨਸ਼ੇ ਦੇ ਮਾਮਲੇ ਵਿੱਚ ਜੇਲ੍ਹ ਵਿੱਚ ਸਜ਼ਾ ਕੱਟ ਰਿਹਾ ਸੀ। ਕਾਬੂ ਕੀਤੇ ਗਏ ਮੁਲਜ਼ਮ ਸਰਬਜੀਤ ਸਿੰਘ ਸਾਬਾ ਪੁੱਤਰ ਦਲਬੀਰ ਸਿੰਘ ਵਾਸੀ ਜੰਡਿਆਲਾ ਗੁਰੂ ਜੋ ਕਿ ਐਨ.ਡੀ.ਪੀ.ਐਸ. ਮਾਮਲੇ ਵਿੱਚ ਕਰੀਬ ਇੱਕ ਸਾਲ ਤੋਂ ਕੇਂਦਰੀ ਜੇਲ੍ਹ ਵਿੱਚ ਬੰਦ ਸੀ।ਬੀਤੇ ਕੱਲ੍ਹ ਜਦੋਂ ਉਸ ਦੀ ਸਿਹਤ ਵਿਗੜਨ ਲੱਗੀ ਤਾਂ ਉਸ ਨੂੰ ਕਪੂਰਥਲਾ ਦੇ ਸਿਵਲ ਹਸਪਤਾਲ ਵਿੱਚ ਲਿਆਂਦਾ ਗਿਆ। ਜਿੱਥੇ ਡਿਊਟੀ ਡਾਕਟਰ ਨੇ ਜਾਂਚ ਤੋਂ ਬਾਅਦ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
ਦੂਜੇ ਪਾਸੇ ਮ੍ਰਿਤਕ ਦੀ ਪਤਨੀ ਪੂਜਾ, ਮਾਤਾ ਬੇਅੰਤ ਕੌਰ ਤੇ ਪਰਿਵਾਰਕ ਮੈਂਬਰਾਂ ਨੇ ਦੋਸ਼ ਲਾਇਆ ਕਿ ਪੁਲੀਸ ਨੇ ਕਥਿਤ ਤੌਰ ’ਤੇ ਸਰਬਜੀਤ ਸਿੰਘ ਸਾਬਾ ਖ਼ਿਲਾਫ਼ ਝੂਠਾ ਕੇਸ ਦਰਜ ਕਰਕੇ ਉਸ ਦਾ ਕਤਲ ਕੀਤਾ ਹੈ। ਉਨ੍ਹਾਂ ਨੇ ਦੱਸਿਆ ਕਿ ਪਹਿਲਾਂ ਉਸ ਦਾ ਹੱਥ ਵੀ ਟੁੱਟ ਗਿਆ ਸੀ। ਮ੍ਰਿਤਕ ਦੀ ਪਤਨੀ ਨੇ ਦੱਸਿਆ ਕਿ ਉਸ ਰਾਤ ਉਸ ਨੇ ਆਪਣੇ ਪਤੀ ਨਾਲ ਮੋਬਾਈਲ ਫੋਨ ’ਤੇ ਗੱਲ ਕੀਤੀ ਸੀ ਅਤੇ ਪਤੀ ਨੇ ਉਸ ਨੂੰ ਜੇਲ੍ਹ ’ਚ ਕਥਿਤ ਤੌਰ ’ਤੇ ਧਮਕੀਆਂ ਦੇਣ ਦੀ ਗੱਲ ਕਹੀ ਸੀ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਉਨ੍ਹਾਂ ਨੇ ਕੋਤਵਾਲੀ ਪੁਲੀਸ ਨੂੰ ਵੀ ਸੂਚਿਤ ਕਰ ਦਿੱਤਾ ਹੈ।
