ਅੰਮ੍ਰਿਤਸਰ, 25 ਅਪ੍ਰੈਲ,ਬੋਲੇ ਪੰਜਾਬ ਬਿਓਰੋ:
ਮੁੱਖ ਮੰਤਰੀ ਭਗਵੰਤ ਮਾਨ ਦੀ ਅੱਜ ਅੰਮ੍ਰਿਤਸਰ ਫੇਰੀ ਤੋਂ ਪਹਿਲਾ ਪੁਲਿਸ ਨੇ ਮੁਲਾਜ਼ਮ ਜਥੇਬੰਦੀਆਂ ਦੇ ਆਗੂਆਂ ਨੂੰ ਘਰਾਂ ‘ਚ ਹੀ ਨਜ਼ਰਬੰਦ ਕਰ ਦਿੱਤਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਰਵ ਸਿੱਖਿਆ ਅਭਿਆਨ ਮਿਡ ਡੇ ਮੀਲ ਦਫ਼ਤਰੀ ਕਰਮਚਾਰੀ ਯੂਨੀਅਨ ਪੰਜਾਬ ਦੇ ਪ੍ਰਧਾਨ ਵਿਕਾਸ ਕੁਮਾਰ ਨੇ ਦੱਸਿਆ ਕਿ ਆਮ ਆਦਮੀ ਦੀ ਸਰਕਾਰ ਦੇ ਹੁਕਮਾਂ ’ਤੇ ਪੰਜਾਬ ਪੁਲਿਸ ਵਲੋਂ ਉਸ ਨੂੰ ਘਰ ਵਿਚ ਨਜ਼ਰਬੰਦ ਕਰ ਦਿੱਤਾ ਗਿਆ ਹੈ।ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਅਜਿਹਾ ਇਸ ਕਰਕੇ ਕੀਤਾ ਗਿਆ ਹੈ ਤਾਂ ਜੋ ਅਸੀਂ ਮੁੱਖ ਮੰਤਰੀ ਨੂੰ ਸੁਆਲ ਨਾ ਕਰ ਸਕੀਏ।ਮੁਲਾਜ਼ਮ ਆਗੂ ਨੇ ਅੱਗੇ ਕਿਹਾ ਕਿ ਮੁੱਖ ਮੰਤਰੀ ਪੂਰੇ ਦੇਸ਼ ਵਿਚ ਦਾਅਵੇ ਕਰ ਰਹੇ ਹਨ ਕਿ ਅਸੀਂ ਕੱਚੇ ਮੁਲਾਜ਼ਮ ਪੱਕੇ ਕਰ ਦਿੱਤੇ ਪਰ ਅਸਲ ਵਿੱਚ ਮੁਲਾਜ਼ਮ ਅਜੇ ਵੀ ਕੱਚੇ ਦੇ ਕੱਚੇ ਹੀ ਹਨ ਅਤੇ ਪੰਜਾਬ ਵਿਚ ਕੋਈ ਵੀ ਮੁਲਾਜ਼ਮ ਪੱਕਾ ਨਹੀਂ ਕੀਤਾ ਗਿਆ।ਮੁਲਾਜ਼ਮ ਆਗੂ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਅਜਿਹਾ ਨੀਤੀਆਂ ਕਾਰਨ ਮੁਲਾਜ਼ਮਾਂ ‘ਚ ਰੋਸ ਪਾਇਆ ਜਾ ਰਿਹਾ ਹੈ।