ਫ਼ਤਹਿਗੜ੍ਹ ਸਾਹਿਬ ਦੇ ਬਾਬਾ ਬੰਦਾ ਸਿੰਘ ਬਹਾਦਰ ਇੰਜਨੀਅਰਿੰਗ ਕਾਲਜ ਦੇ ਸਟਾਫ਼ ਨੂੰ 6 ਮਹੀਨਿਆਂ ਤੋਂ ਨਹੀਂ ਮਿਲੀ ਤਨਖਾਹ, ਸੜਕਾਂ ‘ਤੇ ਆਏ ਮੁਲਾਜ਼ਮ

ਐਜੂਕੇਸ਼ਨ ਚੰਡੀਗੜ੍ਹ ਪੰਜਾਬ


ਫਤਿਹਗੜ੍ਹ ਸਾਹਿਬ, 27 ਅਪ੍ਰੈਲ,ਬੋਲੇ ਪੰਜਾਬ ਬਿਓਰੋ:
ਅਰਬਾਂ ਰੁਪਏ ਦੇ ਬਜਟ ਵਾਲੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਿੱਤੀ ਸੰਕਟ ਵਿੱਚੋਂ ਲੰਘ ਰਹੀ ਹੈ। ਫ਼ਤਹਿਗੜ੍ਹ ਸਾਹਿਬ ਦੇ ਬਾਬਾ ਬੰਦਾ ਸਿੰਘ ਬਹਾਦਰ ਇੰਜਨੀਅਰਿੰਗ ਕਾਲਜ ਦੇ ਸਟਾਫ਼ ਨੂੰ ਪਿਛਲੇ 6 ਮਹੀਨਿਆਂ ਤੋਂ ਤਨਖਾਹਾਂ ਨਹੀਂ ਮਿਲੀਆਂ। ਹੁਣ ਇਹ ਸਟਾਫ਼ ਸੜਕਾਂ ‘ਤੇ ਆ ਗਿਆ ਹੈ। ਕਾਲਜ ਵਿੱਚ ਪਹਿਲੀ ਅਪਰੈਲ ਤੋਂ ਹੜਤਾਲ ਚੱਲ ਰਹੀ ਹੈ।
ਕਾਲਜ ਦੇ ਸਹਾਇਕ ਪ੍ਰੋਫੈਸਰ ਬਿਕਰਮਜੀਤ ਸਿੰਘ ਨੇ ਦੱਸਿਆ ਕਿ ਟੀਚਿੰਗ ਅਤੇ ਨਾਨ-ਟੀਚਿੰਗ ਸਮੇਤ 150 ਤੋਂ ਵੱਧ ਮੁਲਾਜ਼ਮ ਹੜਤਾਲ ’ਤੇ ਹਨ। ਟੀਚਿੰਗ ਸਟਾਫ ਨੂੰ ਯੂਜੀਸੀ ਦੇ ਨਿਯਮਾਂ ਅਨੁਸਾਰ ਤਨਖਾਹ ਨਹੀਂ ਮਿਲਦੀ। ਨਾਨ-ਟੀਚਿੰਗ ਸਟਾਫ ਨੂੰ ਡੀਸੀ ਰੇਟ ਤੋਂ ਘੱਟ ਤਨਖਾਹਾਂ ਮਿਲ ਰਹੀਆਂ ਹਨ। ਕਈ ਲੋਕਾਂ ਨੂੰ 6000 ਰੁਪਏ ਤਨਖਾਹ ਦਿੱਤੀ ਜਾ ਰਹੀ ਹੈ ਅਤੇ ਹਲਫੀਆ ਬਿਆਨ ਵਿੱਚ ਡੀ.ਸੀ. ਰੇਤ ਦੇ ਬਰਾਬਰ ਤਨਖਾਹ ਦਿਖਾਈ ਜਾ ਰਹੀ ਹੈ।
ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਕਾਲਜ ਇਕ ਮਹੀਨੇ ਦੀ ਤਨਖਾਹ ਵਜੋਂ ਕਰੀਬ 1 ਕਰੋੜ ਰੁਪਏ ਖਰਚ ਕਰਦਾ ਹੈ। ਪਿਛਲੇ 6 ਮਹੀਨਿਆਂ ਤੋਂ ਤਨਖਾਹਾਂ ਬੰਦ ਹਨ। ਤਨਖ਼ਾਹ ਦੀ ਰਕਮ ਇਮਾਰਤ ਦੀ ਉਸਾਰੀ ਲਈ ਵਰਤੀ ਗਈ ਜੋ ਗ਼ਲਤ ਹੈ। ਉਨ੍ਹਾਂ ਨੂੰ ਸੜਕਾਂ ‘ਤੇ ਆਉਣ ਲਈ ਮਜਬੂਰ ਹੋਣਾ ਪਿਆ।
ਬਾਬਾ ਬੰਦਾ ਸਿੰਘ ਬਹਾਦਰ ਐਜੂਕੇਸ਼ਨਲ ਟਰੱਸਟ ਦੇ ਜਗਦੀਪ ਸਿੰਘ ਚੀਮਾ ਨੇ ਦੱਸਿਆ ਕਿ ਪ੍ਰਬੰਧਕੀ ਅਮਲੇ ਨਾਲ ਗੱਲਬਾਤ ਚੱਲ ਰਹੀ ਹੈ। ਇੱਕ-ਦੋ ਦਿਨਾਂ ਵਿੱਚ ਮੀਟਿੰਗ ਬੁਲਾ ਕੇ ਇਸ ਮਸਲੇ ਨੂੰ ਹੱਲ ਕਰਨ ਦੇ ਯਤਨ ਕੀਤੇ ਜਾ ਰਹੇ ਹਨ।

Leave a Reply

Your email address will not be published. Required fields are marked *