ਦਿੱਲੀ : ਪੇਂਟ ਫੈਕਟਰੀ ‘ਚ ਅੱਗ ਲੱਗਣ ਕਾਰਨ ਸੱਤ ਲੋਕਾਂ ਦੀ ਮੌਤ,ਚਾਰ ਦੀ ਹਾਲਤ ਨਾਜੁਕ
ਨਵੀਂ ਦਿੱਲੀ, 16 ਫਰਵਰੀ, ਬੋਲੇ ਪੰਜਾਬ ਬਿਊਰੋ :
ਦਿੱਲੀ ਦੇ ਅਲੀਪੁਰ ਇਲਾਕੇ ਦੇ ਰਿਹਾਇਸ਼ੀ ਇਲਾਕੇ ‘ਚ ਚੱਲ ਰਹੀ ਪੇਂਟ ਫੈਕਟਰੀ ‘ਚ ਅੱਗ ਲੱਗਣ ਕਾਰਨ ਸੱਤ ਲੋਕਾਂ ਦੀ ਮੌਤ ਹੋ ਗਈ। ਇਨ੍ਹਾਂ ਵਿੱਚੋਂ ਚਾਰ ਫੈਕਟਰੀ ਦੇ ਮੁਲਾਜ਼ਮ ਹਨ, ਜਦੋਂ ਕਿ ਤਿੰਨ ਹੋਰ ਫੈਕਟਰੀ ਦੇ ਸਾਹਮਣੇ ਵਾਲੇ ਘਰ ਵਿੱਚ ਰਹਿੰਦੇ ਸਨ। ਇਸ ਦਰਦਨਾਕ ਹਾਦਸੇ ਵਿੱਚ ਪੁਲੀਸ ਮੁਲਾਜ਼ਮ ਕਰਮਵੀਰ ਸਮੇਤ ਚਾਰ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਏ। ਕਰਮਵੀਰ ਨੇ ਹਿੰਮਤ ਦਿਖਾਈ ਅਤੇ ਅੱਗ ਵਿਚ ਫਸੇ ਲੋਕਾਂ ਨੂੰ ਬਚਾਉਣ ਦੀ ਕੋਸ਼ਿਸ਼ ਵਿਚ ਬੁਰੀ ਤਰ੍ਹਾਂ ਝੁਲਸ ਗਿਆ।ਜਖਮੀਆਂ ਨੂੰ ਲੋਕਨਾਇਕ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ।
ਇਹ ਹਾਦਸਾ ਵੀਰਵਾਰ ਸ਼ਾਮ 5:25 ਵਜੇ ਵਾਪਰਿਆ, 22 ਫਾਇਰ ਟੈਂਡਰਾਂ ਦੀ ਮਦਦ ਨਾਲ ਕਰੀਬ ਤਿੰਨ ਘੰਟੇ ‘ਚ ਅੱਗ ‘ਤੇ ਕਾਬੂ ਪਾਇਆ ਜਾ ਸਕਿਆ। ਮ੍ਰਿਤਕਾਂ ਦੀ ਪਛਾਣ ਨਹੀਂ ਹੋ ਸਕੀ ਹੈ। ਪੰਜ ਦੁਕਾਨਾਂ ਅਤੇ ਵਾਹਨ ਵੀ ਅੱਗ ਦੀ ਲਪੇਟ ਵਿੱਚ ਆ ਗਏ। ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਫਰਾਰ ਫੈਕਟਰੀ ਮਾਲਕ ਅਖਿਲ ਦੀ ਭਾਲ ਕੀਤੀ ਜਾ ਰਹੀ ਹੈ। ਮੌਤਾਂ ਦੀ ਗਿਣਤੀ ਵਧਣ ਦਾ ਖਦਸ਼ਾ ਹੈ।